
ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਪੰਜਾਬ ਦੇ ਦੌਰੇ ‘ਤੇ ਹੋਣਗੇ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਗੁਰਦਾਸਪੁਰ ਵਿੱਚ ਹੜ੍ਹ ਪੀੜਤਾਂ ਨਾਲ ਮੁਲਾਕਾਤ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਦੌਰਾ ਕੇਂਦਰੀ ਸਹਾਇਤਾ ਤੋਂ ਪਹਿਲਾਂ ਕੀਤਾ ਜਾਵੇਗਾ ਤਾਂ ਜੋ ਪ੍ਰਧਾਨ ਮੰਤਰੀ ਖੁਦ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਨਿਰੀਖਣ ਕਰ ਸਕਣ ਅਤੇ ਸਥਿਤੀ ਦਾ ਜਾਇਜ਼ਾ ਲੈ ਸਕਣ। ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਨੇ ਵਿਆਪਕ ਤਬਾਹੀ ਮਚਾਈ ਹੈ, ਜਿਸ ਕਾਰਨ ਬਹੁਤ ਸਾਰੇ ਲੋਕਾਂ ਦੀਆਂ ਜਾਨਾਂ ਗਈਆਂ ਹਨ ਅਤੇ ਘਰ ਵੀ ਗੁਆ ਚੁੱਕੇ ਹਨ। ਇਸ ਦੌਰੇ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਪੁਨਰਵਾਸ ਦੇ ਕੰਮ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ।
ਇਸ ਦੇ ਨਾਲ ਹੀ ਪੰਜਾਬ ਵਿੱਚ ਹੜ੍ਹਾਂ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਸੂਬੇ ਦੇ 23 ਜ਼ਿਲ੍ਹਿਆਂ ਦੇ 2000 ਤੋਂ ਵੱਧ ਪਿੰਡ ਪਾਣੀ ਵਿੱਚ ਡੁੱਬੇ ਹੋਏ ਹਨ। ਇਸ ਤੋਂ ਲਗਭਗ 3.84 ਲੱਖ ਲੋਕ ਪ੍ਰਭਾਵਿਤ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਫ਼ੋਨ ‘ਤੇ ਗੱਲ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ‘ਤੇ ਚਰਚਾ ਕੀਤੀ ਅਤੇ ਸੂਬੇ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।
ਪੰਜਾਬ ਵਿੱਚ ਹੜ੍ਹਾਂ ਨੇ ਬਹੁਤ ਤਬਾਹੀ ਮਚਾਈ ਹੈ। ਇਸ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਵੀ ਲਿੱਖ ਚੁੱਕੇ ਹਨ। ਪੱਤਰ ਵਿੱਚ ਉਨ੍ਹਾਂ ਕੇਂਦਰ ਤੋਂ 60,000 ਕਰੋੜ ਰੁਪਏ ਦੇ ਬਕਾਇਆ ਫੰਡ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਮਾਨ ਨੇ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (SDRF) ਦੇ ਨਿਯਮਾਂ ਨੂੰ ਬਦਲਣ ਦੀ ਵੀ ਅਪੀਲ ਕੀਤੀ, ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਘੱਟੋ-ਘੱਟ 50,000 ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾ ਸਕੇ।