ਪੰਜਾਬ ਸਰਕਾਰ ਨੇ ਗੜੇਮਾਰੀ ਕਰ ਕੇ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਕੀਤੀ ਹੈ। ਪੰਜਾਬ ਵਿੱਚ ਮਾਰਚ ਮਹੀਨੇ ਦੇ ਅਖੀਰ ਅਤੇ ਅਪਰੈਲ ਦੇ ਪਹਿਲੇ ਹਫ਼ਤੇ ਸੂਬੇ ਵਿੱਚ ਪਏ ਭਾਰੀ ਮੀਂਹ ਤੇ ਗੜੇਮਾਰੀ ਕਰ ਕੇ ਕਿਸਾਨਾਂ ਦੀ ਪੱਕੀ ਹੋਈ ਕਣਕ ਦੀ ਫ਼ਸਲ ਦਾ ਵਧੇਰੇ ਨੁਕਸਾਨ ਹੋਇਆ ਸੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਫ਼ਸਲਾਂ ਦੇ ਖਰਾਬੇ ਲਈ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਆਦੇਸ਼ ਦਿੱਤੇ ਗਏ ਸਨ।
ਪੰਜਾਬ ਦੇ ਮਾਲ, ਮੁੜਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਫ਼ਾਜ਼ਿਲਕਾ ਨੂੰ ਸਭ ਤੋਂ ਵੱਧ ਕਰੀਬ 44.24 ਕਰੋੜ ਰੁਪਏ ਦੀ ਰਾਹਤ ਰਾਸ਼ੀ ਦਿੱਤੀ ਗਈ। ਸ੍ਰੀ ਮੁਕਤਸਰ ਸਾਹਿਬ ਨੂੰ ਕਰੀਬ 43.01 ਕਰੋੜ, ਬਠਿੰਡਾ ਨੂੰ ਲਗਪਗ 22.83 ਕਰੋੜ, ਮੋਗਾ ਨੂੰ 7.73 ਕਰੋੜ ਅਤੇ ਅੰਮ੍ਰਿਤਸਰ ਨੂੰ 5.26 ਕਰੋੜ ਰੁਪਏ ਦੀ ਰਾਹਤ ਰਾਸ਼ੀ ਦਿੱਤੀ ਗਈ ਹੈ। ਇਸੇ ਤਰ੍ਹਾਂ ਫ਼ਿਰੋਜ਼ਪੁਰ ਤੇ ਰੂਪਨਗਰ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ 17.10 ਲੱਖ ਰੁਪਏ ਅਤੇ 1.35 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ 26 ਫ਼ੀਸਦ ਤੋਂ 100 ਫ਼ੀਸਦ ਤੱਕ ਨੁਕਸਾਨ ਵਾਲੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਮੁਆਵਜ਼ਾ ਵੰਡਣ ਸਬੰਧੀ ਕਾਰਵਾਈਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਮਨਜ਼ੂਰ ਕੀਤੀ ਰਕਮ ਬਿਨਾਂ ਕਿਸੇ ਦੇਰ ਤੋਂ ਲਾਭਪਾਤਰੀਆਂ ਤੱਕ ਪਹੁੰਚਾਈ ਜਾ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਦਿਹਾਤੀ ਜੀਵਨ ਲਈ ਵੱਡਾ ਖ਼ਤਰਾ ਬਣਦੀਆਂ ਕੁਦਰਤੀ ਆਫ਼ਤਾਂ ਦੌਰਾਨ ਫ਼ੌਰੀ ਸਹਾਇਤਾ ਮੁਹੱਈਆ ਕਰਨ ਲਈ ਵਚਨਬੱਧ ਹੈ।
ਸਰਕਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵੱਲੋਂ ਕਰਵਾਈ ਗਈ ਗਿਰਦਵਾਰੀ ਅਨੁਸਾਰ ਮੀਂਹ ਤੇ ਗੜੇਮਾਰੀ ਕਰ ਕੇ ਪੰਜਾਬ ਦੇ ਸੱਤ ਜ਼ਿਲ੍ਹਿਆਂ ਦੇ 111 ਪਿੰਡ ਪ੍ਰਭਾਵਿਤ ਹੋਏ ਸਨ, ਜਿੱਥੇ ਕੁੱਲ 92,695 ਏਕੜ ਰਕਬੇ ਵਿੱਚ ਕਣਕ ਦੀ ਫ਼ਸਲ ਪ੍ਰਭਾਵਿਤ ਹੋਈ ਸੀ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਰੂਪਨਗਰ, ਫਿਰੋਜ਼ਪੁਰ, ਮੋਗਾ, ਫਾਜ਼ਿਲਕਾ ਤੇ ਅੰਮ੍ਰਿਤਸਰ ਵਿੱਚ ਭਾਰੀ ਨੁਕਸਾਨ ਹੋਇਆ ਸੀ। ਇਸ ਦੌਰਾਨ ਫਾਜ਼ਿਲਕਾ ਵਿੱਚ ਸਭ ਤੋਂ ਵੱਧ 39,231 ਏਕੜ ਫ਼ਸਲ ਪ੍ਰਭਾਵਿਤ ਹੋਈ, ਜਦੋਂ ਕਿ ਰੂਪਨਗਰ ਵਿੱਚ ਸਭ ਤੋਂ ਘੱਟ 14 ਏਕੜ ਫ਼ਸਲ ਪ੍ਰਭਾਵਿਤ ਹੋਈ ਸੀ। ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਵਿੱਚ 28969 ਏਕੜ, ਬਠਿੰਡਾ ਵਿੱਚ 15511, ਮੋਗਾ ਵਿੱਚ 5976 ਏਕੜ, ਅੰਮ੍ਰਿਤਸਰ ਵਿੱਚ 2895 ਅਤੇ ਫਿਰੋਜ਼ਪੁਰ ਵਿੱਚ 99 ਏਕੜ ਫ਼ਸਲ ਪ੍ਰਭਾਵਿਤ ਹੋਈ ਸੀ। ਮੀਂਹ ਤੇ ਗੜੇਮਾਰੀ ਕਰ ਕੇ 26 ਤੋਂ 32 ਫ਼ੀਸਦ ਨੁਕਸਾਨ ਵਾਲਾ 992 ਏਕੜ ਰਕਬਾ, 33 ਤੋਂ 75 ਫ਼ੀਸਦ ਨੁਕਸਾਨ ਵਾਲਾ 61115 ਏਕੜ ਰਕਬਾ ਅਤੇ 76 ਤੋਂ 100 ਫ਼ੀਸਦ ਖ਼ਰਾਬੇ ਵਾਲਾ 30588 ਏਕੜ ਰਕਬਾ ਸ਼ਾਮਲ ਸੀ।
