ਆਮ ਆਦਮੀ ਪਾਰਟੀ (ਆਪ) ਦੇ ਰਾਘਵ ਚੱਢਾ ਸਣੇ ਸੱਤ ਰਾਜ ਸਭਾ ਮੈਂਬਰਾਂ ਦੇ ਪਾਰਟੀ ਬਦਲਣ ਪੰਜਾਬ ਦੀ ਸਿਆਸਤ ਵਿਚ ਕਾਫੀ ਹਲਚਲ ਆ ਗਈ ਹੈ। ਇਸੇ ਵਿਚਾਲੇ ਪੰਜਾਬ ਸਰਕਾਰ ਨੇ 1 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਸੂਤਰਾਂ ਮੁਤਾਬਕ ਸੈਸ਼ਨ ਕਥਿਤ “ਆਪ੍ਰੇਸ਼ਨ ਲੋਟਸ ਖਿਲਾਫ ਹੋਣ ਦੀ ਉਮੀਦ ਹੈ, ਜਿਸ ਵਿੱਚ ਸਰਕਾਰ ਚੁਣੇ ਹੋਏ ਪ੍ਰਤੀਨਿਧੀਆਂ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕਰਨ ਦੀਆਂ ਕੋਸ਼ਿਸ਼ਾਂ ਦੇ ਦਾਅਵਿਆਂ ‘ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਰੁੱਧ ਨਿੰਦਾ ਮਤਾ ਪੇਸ਼ ਕਰ ਸਕਦੀ ਹੈ।
CM ਮਾਨ ਨੇ ਕਿਹਾ ਅੱਜ ਪੰਜਾਬ ਕੈਬਨਿਟ ਵੱਲੋਂ ਇੱਕ ਅਹਿਮ ਫੈਸਲਾ ਲੈਂਦਿਆਂ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਹ ਇੱਕ ਦਿਨਾਂ ਇਜਲਾਸ ਦੇਸ਼ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਮਿਹਨਤਕਸ਼ ਮਜ਼ਦੂਰਾਂ ਅਤੇ ਕਿਰਤੀਆਂ ਨੂੰ ਸਮਰਪਿਤ ਹੋਵੇਗਾ। ਇਸ ਇਤਿਹਾਸਕ ਪਹਿਲਕਦਮੀ ਤਹਿਤ ਸਦਨ ਵਿੱਚ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਵਿਸ਼ੇਸ਼ ਮਹਿਮਾਨ ਵਜੋਂ ਸੱਦਿਆ ਜਾਵੇਗਾ ਅਤੇ ਮਨਰੇਗਾ ਸਕੀਮ ਵਿੱਚ ਹੋਏ ਬਦਲਾਵਾਂ ਦੇ ਕਿਰਤੀ ਵਰਗ ‘ਤੇ ਪੈਣ ਵਾਲੇ ਪ੍ਰਭਾਵਾਂ ਸਮੇਤ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੀਆਂ ਚੁਣੌਤੀਆਂ ‘ਤੇ ਗੰਭੀਰ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ, ਇਜਲਾਸ ਦੌਰਾਨ ਵਿਧਾਨ ਸਭਾ ਦੀ ਕਾਰਜ ਸਲਾਹਕਾਰ ਕਮੇਟੀ (Business Advisory Committee) ਵੱਲੋਂ ਮੈਨੇਜ ਕੀਤੇ ਜਾਣ ਵਾਲੇ ਹੋਰ ਜ਼ਰੂਰੀ ਵਿਧਾਨਕ ਕੰਮਾਂ ਕਾਰਾਂ ਨੂੰ ਵੀ ਮਿਆਰੀ ਪ੍ਰਕਿਰਿਆ ਅਨੁਸਾਰ ਨੇਪਰੇ ਚਾੜ੍ਹਿਆ ਜਾਵੇਗਾ, ਤਾਂ ਜੋ ਸੂਬੇ ਦੇ ਵਿਕਾਸ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਲੋੜੀਂਦੇ ਫੈਸਲੇ ਲਏ ਜਾ ਸਕਣ।
ਦੱਸ ਦੇਈਏ ਕਿ ‘ਆਪ’ ਦੇ ਸੱਤ ਰਾਜ ਸਭਾ ਸੰਸਦ ਮੈਂਬਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ, ਜਿਸ ਨਾਲ ਇੱਕ ਸਿਆਸਤ ਵਤੂਫਾਨ ਪੈਦਾ ਹੋ ਗਿਆ ਹੈ। ਆਮ ਆਦਮੀ ਪਾਰਟੀ ਨੇ ਭਾਜਪਾ ਤੇ ਲੋਕਤੰਤਰ ਨੂੰ ਕਮਜ਼ੋਰ ਕਰਨ ਦਾ ਦੋਸ਼ ਲਗਾਇਆ ਹੈ। ਮਾਨ ਸਰਕਾਰ ਵੱਲੋਂ ਸੰਕਟ ਦੇ ਵਿਚਕਾਰ ਏਕਤਾ ਅਤੇ ਰਾਜਨੀਤਿਕ ਤਾਕਤ ਦਾ ਪ੍ਰਦਰਸ਼ਨ ਕਰਨ ਲਈ ਵਿਸ਼ੇਸ਼ ਸੈਸ਼ਨ ਦੀ ਵਰਤੋਂ ਕਰਨ ਦੀ ਉਮੀਦ ਹੈ।
ਕਾਰਵਾਈ ਵਿੱਚ ਗਰਮਾ-ਗਰਮ ਬਹਿਸ ਹੋਣ ਦੀ ਸੰਭਾਵਨਾ ਹੈ, ਜਿਸ ਵਿੱਚ ਸੱਤਾਧਾਰੀ ਪਾਰਟੀ ਆਪ੍ਰੇਸ਼ਨ ਲੋਟਸ” ਦੇ ਦੋਸ਼ਾਂ ‘ਤੇ ਭਾਜਪਾ ਨੂੰ ਨਿਸ਼ਾਨਾ ਬਣਾ ਰਹੀ ਹੈ। ਇਸ ਦੇ ਨਾਲ ਹੀ, ਵਿਰੋਧੀ ਪਾਰਟੀਆਂ ਵੱਲੋਂ ਆਪ ਸਰਕਾਰ ਨੂੰ ਅੰਦਰੂਨੀ ਫੁੱਟ ਅਤੇ ਦਲ-ਬਦਲੀ ਦਾ ਕਾਰਨ ਬਣੇ ਹਾਲਾਤਾਂ ‘ਤੇ ਸਵਾਲ ਉਠਾਉਣ ਦੀ ਉਮੀਦ ਹੈ।
