ਪੰਜਾਬ ਅਤੇ ਚੰਡੀਗੜ੍ਹ ਵਿਚ ਇਸ ਵੇਲੇ ਭਿਆਨਕ ਗਰਮੀ ਨੇ ਲੋਕਾਂ ਦਾ ਜੀਣਾ ਮੁਸ਼ਕਿਲ ਕਰ ਦਿੱਤਾ ਹੈ। ਤਾਪਮਾਨ ਲਗਾਤਾਰ ਵੱਧ ਰਿਹਾ ਹੈ ਅਤੇ ਕਈ ਇਲਾਕਿਆਂ ਵਿਚ ਪਾਰਾ 44 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ। ਬਠਿੰਡਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ, ਜਿੱਥੇ ਤਾਪਮਾਨ 44.6 ਡਿਗਰੀ ਤੱਕ ਪਹੁੰਚ ਗਿਆ।
ਚੰਡੀਗੜ੍ਹ ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਹੀਟਵੇਵ ਦਾ ਅਲਰਟ ਜਾਰੀ ਕੀਤਾ ਹੈ। ਕਈ ਜ਼ਿਲ੍ਹਿਆਂ ਵਿਚ ਲੂ ਚੱਲਣ ਦੀ ਸੰਭਾਵਨਾ ਹੈ, ਜਿਸ ਕਾਰਨ ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਦੇ ਸਮੇਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਵਧਦੀ ਗਰਮੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦੇ ਸਮੇਂ ਵਿਚ ਵੀ ਬਦਲਾਅ ਕੀਤਾ ਹੈ। ਹੁਣ ਸਰਕਾਰੀ ਦਫ਼ਤਰ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਖੁੱਲ੍ਹਣਗੇ। ਚੰਡੀਗੜ੍ਹ ਵਿਚ 30 ਜੂਨ ਤੱਕ ਸਕੂਲਾਂ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ ਅਤੇ ਸਮਰ ਕੈਂਪਾਂ ਦੀਆਂ ਬਾਹਰੀ ਗਤੀਵਿਧੀਆਂ ਵੀ ਰੋਕ ਦਿੱਤੀਆਂ ਗਈਆਂ ਹਨ।
ਮੌਸਮ ਵਿਭਾਗ ਨੇ ਲੋਕਾਂ ਨੂੰ ਦੁਪਹਿਰ ਸਮੇਂ ਧੁੱਪ ਤੋਂ ਬਚਣ, ਵੱਧ ਪਾਣੀ ਪੀਣ ਅਤੇ ਜ਼ਰੂਰੀ ਕੰਮ ਹੋਣ ’ਤੇ ਹੀ ਘਰੋਂ ਬਾਹਰ ਨਿਕਲਣ ਦੀ ਅਪੀਲ ਕੀਤੀ ਹੈ।
