ਭਦੌੜ ਦੇ ਨਜ਼ਦੀਕੀ ਪਿੰਡ ਜੰਗੀਆਣੇ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਰਜਵਾਹੇ ਵਿੱਚ ਅਚਾਨਕ ਪਾੜ ਪੈ ਗਿਆ। ਪਾੜ ਪੈਣ ਕਾਰਨ ਪਾਣੀ ਤੇਜ਼ੀ ਨਾਲ ਖੇਤਾਂ ਅਤੇ ਰਿਹਾਇਸ਼ੀ ਇਲਾਕਿਆਂ ਵੱਲ ਵਗਣਾ ਸ਼ੁਰੂ ਹੋ ਗਿਆ। ਕੁਝ ਹੀ ਸਮੇਂ ਵਿੱਚ ਕਈ ਘਰਾਂ ਵਿੱਚ ਪਾਣੀ ਦਾਖ਼ਲ ਹੋ ਗਿਆ, ਜਿਸ ਨਾਲ ਪਿੰਡ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਇਸ ਘਟਨਾ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਝੋਨੇ ਅਤੇ ਮੱਕੀ ਦੀ ਫਸਲ ਪ੍ਰਭਾਵਿਤ ਹੋਈ ਹੈ। ਖੇਤਾਂ ਵਿੱਚ ਖੜ੍ਹੀਆਂ ਫਸਲਾਂ ਪਾਣੀ ਹੇਠ ਆ ਜਾਣ ਕਾਰਨ ਕਿਸਾਨਾਂ ਨੂੰ ਵੱਡੇ ਆਰਥਿਕ ਨੁਕਸਾਨ ਦਾ ਡਰ ਸਤਾ ਰਿਹਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਰਜਵਾਹੇ ਦੀ ਖਰਾਬ ਹਾਲਤ ਬਾਰੇ ਉਹ ਪਹਿਲਾਂ ਵੀ ਕਈ ਵਾਰ ਨਹਿਰੀ ਮਹਿਕਮੇ ਨੂੰ ਜਾਣੂ ਕਰਵਾ ਚੁੱਕੇ ਸਨ, ਪਰ ਸਮੇਂ ਸਿਰ ਕੋਈ ਕਾਰਵਾਈ ਨਾ ਹੋਣ ਕਾਰਨ ਇਹ ਹਾਦਸਾ ਵਾਪਰਿਆ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਭਦੌੜ ਦੇ ਐਸਐਚਓ ਹਰਸਿਮਰਨਜੀਤ ਸਿੰਘ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਹਾਲਾਤਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਨਹਿਰੀ ਮਹਿਕਮੇ ਦੇ ਐਸਡੀਓ ਨੇ ਦੱਸਿਆ ਕਿ ਰਜਵਾਹੇ ਦੇ ਪਾੜ ਨੂੰ ਜਲਦ ਤੋਂ ਜਲਦ ਭਰਨ ਲਈ ਟੀਮਾਂ ਨੂੰ ਲਗਾ ਦਿੱਤਾ ਗਿਆ ਹੈ ਅਤੇ ਮਾਮਲੇ ਤੋਂ ਉੱਚ ਅਧਿਕਾਰੀਆਂ ਨੂੰ ਵੀ ਜਾਣੂ ਕਰਵਾ ਦਿੱਤਾ ਗਿਆ ਹੈ।
ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਰਾਹਤ ਦਿੱਤੀ ਜਾਵੇ, ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਰਜਵਾਹੇ ਦੀ ਮਜ਼ਬੂਤੀ ਲਈ ਪੱਕੇ ਪ੍ਰਬੰਧ ਕੀਤੇ ਜਾਣ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।
