ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅਦਾਕਾਰ ਅਤੇ ਗਾਇਕ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’ ਨੂੰ ਰਿਲੀਜ਼ ਤੋਂ ਸਿਰਫ਼ ਦੋ ਦਿਨਾਂ ਬਾਅਦ OTT ਪਲੇਟਫਾਰਮ ਤੋਂ ਹਟਾਏ ਜਾਣ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਇਸ ਫੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਿਸੇ ਫ਼ਿਲਮ ਨੂੰ ਰੋਕ ਕੇ ਇਤਿਹਾਸ ਜਾਂ ਸੱਚਾਈ ਨੂੰ ਦਬਾਇਆ ਨਹੀਂ ਜਾ ਸਕਦਾ।
ਬਲਤੇਜ ਪੰਨੂ ਨੇ ਕਿਹਾ ਕਿ ‘ਸਤਲੁਜ’ ਇੱਕ ਮਨੁੱਖੀ ਅਧਿਕਾਰਾਂ ਦੇ ਰਾਖੇ ਦੀ ਜ਼ਿੰਦਗੀ ‘ਤੇ ਆਧਾਰਿਤ ਫ਼ਿਲਮ ਹੈ ਅਤੇ ਇਸ ਨੂੰ OTT ਤੋਂ ਹਟਾਉਣਾ ਮਨੁੱਖੀ ਅਧਿਕਾਰਾਂ ਨਾਲ ਜੁੜੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਸਵਾਲ ਉਠਾਇਆ ਕਿ ਆਖ਼ਿਰ ਇਹ ਫ਼ਿਲਮ ਕਿਸ ਦੇ ਦਬਾਅ ਹੇਠ ਹਟਾਈ ਗਈ ਅਤੇ ਇਸ ਦੇ ਪਿੱਛੇ ਕੌਣ ਹੈ।
ਉਨ੍ਹਾਂ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਫ਼ਿਲਮਾਂ ਇਤਿਹਾਸ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਪ੍ਰਭਾਵਸ਼ਾਲੀ ਮਾਧਿਅਮ ਹਨ। ਪੰਜਾਬ ਦੇ ਨੌਜਵਾਨ 1978 ਅਤੇ 1984 ਵਰਗੇ ਸੰਵੇਦਨਸ਼ੀਲ ਦੌਰ ਬਾਰੇ ਜਾਣਨਾ ਚਾਹੁੰਦੇ ਹਨ ਅਤੇ ਅਜਿਹੀਆਂ ਫ਼ਿਲਮਾਂ ਉਨ੍ਹਾਂ ਨੂੰ ਇਤਿਹਾਸ ਸਮਝਣ ਵਿੱਚ ਮਦਦ ਕਰਦੀਆਂ ਹਨ।
ਪੰਨੂ ਨੇ ਇਹ ਵੀ ਕਿਹਾ ਕਿ ਜੇ ਅਜਿਹੀਆਂ ਫ਼ਿਲਮਾਂ ਨੂੰ ਰੋਕਿਆ ਜਾਵੇਗਾ ਤਾਂ ਨੌਜਵਾਨਾਂ ਤੱਕ ਇਤਿਹਾਸ ਕਿਵੇਂ ਪਹੁੰਚੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਵਿਰੋਧੀ ਧਿਰਾਂ ਨਹੀਂ ਚਾਹੁੰਦੀਆਂ ਕਿ ਨਵੀਂ ਪੀੜ੍ਹੀ ਇਤਿਹਾਸ ਦੇ ਕੁਝ ਅਹਿਮ ਪੱਖਾਂ ਨਾਲ ਜਾਣੂ ਹੋਵੇ।
ਅੰਤ ਵਿੱਚ ਉਨ੍ਹਾਂ ਕਿਹਾ ਕਿ ‘ਸਤਲੁਜ’ ਨੂੰ OTT ਤੋਂ ਹਟਾਉਣ ਦੀ ਬਜਾਏ ਆਮ ਲੋਕਾਂ ਲਈ ਖੁੱਲ੍ਹੇਆਮ ਉਪਲਬਧ ਕਰਵਾਇਆ ਜਾਣਾ ਚਾਹੀਦਾ ਸੀ ਤਾਂ ਜੋ ਹਰ ਕੋਈ ਇਸ ਨੂੰ ਦੇਖ ਸਕੇ ਅਤੇ ਆਪਣੀ ਰਾਏ ਬਣਾ ਸਕੇ।
