ਪੰਜਾਬ ਕਾਂਗਰਸ ਅੰਦਰ ਚੱਲ ਰਿਹਾ ਕਾਟੋ-ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਸੇ ਵਿਚਾਲੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦਾ ਪੰਜਾਬ ਦੌਰਾ ਤਿੰਨ ਦਿਨ ਹੋਰ ਵਧਾ ਦਿੱਤਾ ਗਿਆ ਹੈ। ਹੁਣ ਸਿਆਸੀ ਹਲਕਿਆਂ ਦੀਆਂ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹਨ ਕਿ ਕੀ ਬਘੇਲ ਪੰਜਾਬ ਕਾਂਗਰਸ ਅੰਦਰ ਚੱਲ ਰਹੀ ਖਿੱਚੋਤਾਣ ਨੂੰ ਖ਼ਤਮ ਕਰਨ ਵਿੱਚ ਕਾਮਯਾਬ ਹੋਣਗੇ ਜਾਂ ਨਹੀਂ।
ਇਸ ਦੌਰਾਨ ਸੂਤਰਾਂ ਦੇ ਹਵਾਲੇ ਨਾਲ ਇਹ ਵੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਧੜਾ ਅੱਜ ਭੁਪੇਸ਼ ਬਘੇਲ ਨਾਲ ਮੁਲਾਕਾਤ ਕਰ ਸਕਦਾ ਹੈ। ਹਾਲਾਂਕਿ ਮੀਟਿੰਗ ਦਾ ਸਮਾਂ ਅਤੇ ਸਥਾਨ ਅਜੇ ਤੱਕ ਤੈਅ ਨਹੀਂ ਹੋਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਭੁਪੇਸ਼ ਬਘੇਲ ਪਿਛਲੇ ਪੰਜ ਦਿਨਾਂ ਤੋਂ ਪੰਜਾਬ ਦੌਰੇ ’ਤੇ ਹਨ। ਇਸ ਦੌਰਾਨ ਚੰਨੀ ਖੇਮੇ ਨਾਲ ਜੁੜੇ ਆਗੂਆਂ ਨੇ ਉਨ੍ਹਾਂ ਦੀਆਂ ਮੀਟਿੰਗਾਂ ਤੋਂ ਦੂਰੀ ਬਣਾਈ ਰੱਖੀ ਸੀ। ਹੁਣ ਸੂਤਰਾਂ ਮੁਤਾਬਕ ਚੰਨੀ ਧੜਾ ਕੁਝ ਸ਼ਰਤਾਂ ਨਾਲ ਬਘੇਲ ਨਾਲ ਮੁਲਾਕਾਤ ਕਰ ਸਕਦਾ ਹੈ।
ਚੰਨੀ ਧੜੇ ਦੇ ਆਗੂਆਂ ਵੱਲੋਂ ਪਹਿਲਾਂ ਕਿਹਾ ਗਿਆ ਸੀ ਕਿ ਉਹ ਵੱਖ-ਵੱਖ ਰੁਝੇਵਿਆਂ ਕਾਰਨ ਮੀਟਿੰਗਾਂ ਵਿੱਚ ਸ਼ਾਮਲ ਨਹੀਂ ਹੋ ਸਕੇ। ਰਾਣਾ ਗੁਰਜੀਤ ਸਿੰਘ ਨੇ ਵੀ ਕਿਹਾ ਸੀ ਕਿ ਵੱਖ-ਵੱਖ ਹਲਕਿਆਂ ਵਿੱਚ ਹੋ ਰਹੀ ਵੋਟਿੰਗ ਕਾਰਨ ਉਹ ਰੁੱਝੇ ਹੋਏ ਹਨ। ਹਾਲਾਂਕਿ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਸੀ ਕਿ ਜੇਕਰ ਭੁਪੇਸ਼ ਬਘੇਲ ਉਨ੍ਹਾਂ ਨੂੰ ਬੁਲਾਉਂਦੇ ਹਨ ਤਾਂ ਉਹ ਜ਼ਰੂਰ ਮੁਲਾਕਾਤ ਲਈ ਜਾਣਗੇ।
ਰਾਣਾ ਗੁਰਜੀਤ ਸਿੰਘ ਨੇ ਕਾਂਗਰਸ ਅੰਦਰ ਸਭ ਕੁਝ ਠੀਕ ਹੋਣ ਦਾ ਦਾਅਵਾ ਕਰਦਿਆਂ ਕਿਹਾ ਸੀ ਕਿ ‘All is well’ ਅਤੇ ਆਉਣ ਵਾਲੇ ਕੁਝ ਦਿਨਾਂ ਵਿੱਚ ਸਾਰੇ ਮਸਲੇ ਸੁਲਝਾ ਲਏ ਜਾਣਗੇ।
