ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਅਚਾਨਕ ਆਪਣੇ ਕਾਫਲੇ ਸਮੇਤ ਮੋਰਿੰਡਾ ਥਾਣੇ ਪਹੁੰਚੇ। ਮੋਰਿੰਡਾ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਚੰਨੀ ਨੇ ਪੁਲਿਸ ’ਤੇ ਉਨ੍ਹਾਂ ਦੇ ਕੌਂਸਲਰਾਂ ਨੂੰ ਧਮਕਾਉਣ ਅਤੇ ਪ੍ਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਗਾਏ।
ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੁਲਿਸ ਉਨ੍ਹਾਂ ਦੇ ਕੌਂਸਲਰਾਂ ਦੇ ਘਰਾਂ ਤੱਕ ਪਹੁੰਚ ਰਹੀ ਹੈ ਅਤੇ ਉਨ੍ਹਾਂ ਨੂੰ ਫੋਨ ਕਰਕੇ ਕਾਗਜ਼ ਲੈ ਕੇ ਥਾਣੇ ਆਉਣ ਲਈ ਕਿਹਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੌਂਸਲਰਾਂ ਨੂੰ ਪਰਚੇ ਦਰਜ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਚੰਨੀ ਨੇ ਪੁਲਿਸ ਨੂੰ ਕਿਹਾ, “ਜੇ ਪਰਚਾ ਦਰਜ ਕਰਨਾ ਹੈ ਤਾਂ ਮੇਰੇ ’ਤੇ ਕਰੋ, ਮੇਰੇ ਕੌਂਸਲਰਾਂ ਅਤੇ ਵਰਕਰਾਂ ਨੂੰ ਪ੍ਰੇਸ਼ਾਨ ਨਾ ਕਰੋ।”
ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਕੁਝ ਕੌਂਸਲਰਾਂ ਖ਼ਿਲਾਫ਼ ਸ਼ਿਕਾਇਤਾਂ ਮਿਲੀਆਂ ਸਨ, ਜਿਸ ਕਾਰਨ ਉਨ੍ਹਾਂ ਨੂੰ ਪੁੱਛਗਿੱਛ ਲਈ ਥਾਣੇ ਬੁਲਾਇਆ ਗਿਆ। ਇਸ ’ਤੇ ਚੰਨੀ ਨੇ ਸਵਾਲ ਚੁੱਕਦਿਆਂ ਕਿਹਾ ਕਿ ਜਦੋਂ ਅੱਜ ਮੋਰਿੰਡਾ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਹੋਣੀ ਹੈ ਤਾਂ ਸ਼ਿਕਾਇਤਾਂ ਵੀ ਅੱਜ ਹੀ ਕਿਉਂ ਸਾਹਮਣੇ ਆਈਆਂ।
ਸਾਬਕਾ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਤਿੰਨ ਵਿਅਕਤੀਆਂ ਨੂੰ ਪੁਲਿਸ ਵੱਲੋਂ ਚੁੱਕਿਆ ਗਿਆ ਹੈ ਅਤੇ ਉਨ੍ਹਾਂ ਦੇ ਕੌਂਸਲਰਾਂ ਦੇ ਘਰਾਂ ਅੱਗੇ ਪੁਲਿਸ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵੋਟਿੰਗ ਵਾਲੇ ਦਿਨ ਅਜਿਹੀ ਕਾਰਵਾਈ ਨਹੀਂ ਹੋਣੀ ਚਾਹੀਦੀ।
ਚੰਨੀ ਨੇ ਕਿਹਾ, “ਭਾਰਤ ਇੱਕ ਲੋਕਤੰਤਰਿਕ ਦੇਸ਼ ਹੈ। ਪੰਜਾਬ ਵਿੱਚ ਸ਼ੁਰੂ ਤੋਂ ਸਾਫ਼-ਸੁਥਰੇ ਪ੍ਰਸ਼ਾਸਨ ਦੀ ਪਰੰਪਰਾ ਰਹੀ ਹੈ ਅਤੇ ਇਸ ਨੂੰ ਕਾਇਮ ਰਹਿਣ ਦਿੱਤਾ ਜਾਣਾ ਚਾਹੀਦਾ ਹੈ। ਮੇਰੇ ਲੋਕਾਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਨਾ ਕੀਤਾ ਜਾਵੇ।”
