ਪੰਜਾਬ ਵਿੱਚ ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਿੱਚ ਕਰਾਫਟ ਇੰਸਟ੍ਰਕਟਰ ਦੀਆਂ 681 ਖਾਲੀ ਅਸਾਮੀਆਂ ਨੂੰ ਭਰਨ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਇਨ੍ਹਾਂ ਅਹੁਦਿਆਂ ਲਈ ਅਰਜ਼ੀਆਂ ਦੀ ਪ੍ਰਕਿਰਿਆ ਅੱਜ ਯਾਨੀ 10 ਜੁਲਾਈ ਤੋਂ ਰਸਮੀ ਤੌਰ ’ਤੇ ਸ਼ੁਰੂ ਹੋ ਗਈ ਹੈ। ਯੋਗ ਅਤੇ ਚਾਹਵਾਨ ਉਮੀਦਵਾਰ ਆਨਲਾਈਨ ਮਾਧਿਅਮ ਰਾਹੀਂ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ।
ਇਹ ਭਰਤੀ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (PSSSB) ਰਾਹੀਂ ਕੀਤੀ ਜਾ ਰਹੀ ਹੈ। ਉਮੀਦਵਾਰ ਬੋਰਡ ਦੀ ਅਧਿਕਾਰਤ ਵੈੱਬਸਾਈਟ ’ਤੇ ਜਾ ਕੇ ਭਰਤੀ ਨਾਲ ਸਬੰਧਤ ਜਾਣਕਾਰੀ ਹਾਸਲ ਕਰਨ ਤੋਂ ਬਾਅਦ ਆਨਲਾਈਨ ਅਪਲਾਈ ਕਰ ਸਕਦੇ ਹਨ।
ਭਰਤੀ ਪ੍ਰਕਿਰਿਆ ਤਹਿਤ ਉਮੀਦਵਾਰਾਂ ਦੀ ਚੋਣ ਲਈ ਲਿਖਤੀ ਪ੍ਰੀਖਿਆ ਲਈ ਜਾਵੇਗੀ। ਹਾਲਾਂਕਿ ਪ੍ਰੀਖਿਆ ਦੀ ਤਾਰੀਖ਼ ਦਾ ਅਜੇ ਐਲਾਨ ਨਹੀਂ ਕੀਤਾ ਗਿਆ। ਬੋਰਡ ਵੱਲੋਂ ਲਿਖਤੀ ਪ੍ਰੀਖਿਆ ਦੀ ਤਾਰੀਖ਼ ਅਤੇ ਹੋਰ ਜ਼ਰੂਰੀ ਜਾਣਕਾਰੀ ਆਉਣ ਵਾਲੇ ਦਿਨਾਂ ਵਿੱਚ ਜਾਰੀ ਕੀਤੀ ਜਾਵੇਗੀ।
ਸਰਕਾਰੀ ਨੌਕਰੀ ਦੀ ਉਡੀਕ ਕਰ ਰਹੇ ਅਤੇ ਸਬੰਧਤ ਯੋਗਤਾ ਰੱਖਣ ਵਾਲੇ ਨੌਜਵਾਨਾਂ ਲਈ ਇਹ ਇੱਕ ਵਧੀਆ ਮੌਕਾ ਹੈ। ਉਮੀਦਵਾਰਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਅਰਜ਼ੀ ਭਰਨ ਤੋਂ ਪਹਿਲਾਂ ਅਧਿਕਾਰਤ ਨੋਟੀਫਿਕੇਸ਼ਨ ਵਿੱਚ ਦਿੱਤੀ ਯੋਗਤਾ, ਉਮਰ ਹੱਦ, ਫੀਸ ਅਤੇ ਹੋਰ ਸ਼ਰਤਾਂ ਨੂੰ ਧਿਆਨ ਨਾਲ ਪੜ੍ਹ ਲੈਣ।
