2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਅੰਦਰ ਚੱਲ ਰਹੀ ਖਿੱਚੋਤਾਣ ਵਿਚਾਲੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਅੱਜ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਸਮਰਥਕ ਆਗੂਆਂ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਵਿਚਾਲੇ ਚੰਡੀਗੜ੍ਹ ਸਥਿਤ ਰਾਣਾ ਗੁਰਜੀਤ ਸਿੰਘ ਦੀ ਰਿਹਾਇਸ਼ ’ਤੇ ਮੀਟਿੰਗ ਹੋ ਰਹੀ ਹੈ।
ਇਹ ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਣੀ ਸੀ, ਪਰ ਭੁਪੇਸ਼ ਬਘੇਲ ਕਰੀਬ ਡੇਢ ਘੰਟੇ ਬਾਅਦ ਮੀਟਿੰਗ ਵਾਲੀ ਥਾਂ ’ਤੇ ਪਹੁੰਚੇ। ਇਸ ਦੌਰਾਨ ਮੀਟਿੰਗ ਲਈ ਪਹੁੰਚੇ ਚਰਨਜੀਤ ਸਿੰਘ ਚੰਨੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, “ਅਸੀਂ ਮੀਟਿੰਗ ਲਈ ਆਏ ਹਾਂ। ਅੰਦਰ ਬੈਠ ਕੇ ਸਾਰੇ ਮੁੱਦਿਆਂ ’ਤੇ ਚਰਚਾ ਕਰਾਂਗੇ। ਤੇਲ ਵੇਖਾਂਗੇ, ਤੇਲ ਦੀ ਧਾਰ ਵੇਖਾਂਗੇ। ਸਾਡਾ ਸਟੈਂਡ ਸਪੱਸ਼ਟ ਹੈ।”
ਚੰਨੀ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਨੂੰ ਲੈ ਕੇ ਚਰਚਾਵਾਂ ਹੋਰ ਤੇਜ਼ ਹੋ ਗਈਆਂ ਹਨ। ਹੁਣ ਸਾਰਿਆਂ ਦੀ ਨਜ਼ਰ ਇਸ ਗੱਲ ’ਤੇ ਟਿਕੀ ਹੋਈ ਹੈ ਕਿ ਮੀਟਿੰਗ ਦੌਰਾਨ ਕਿਹੜੇ ਮੁੱਦਿਆਂ ’ਤੇ ਸਹਿਮਤੀ ਬਣਦੀ ਹੈ ਅਤੇ ਪਾਰਟੀ ਅੰਦਰ ਚੱਲ ਰਹੇ ਵਿਵਾਦ ਨੂੰ ਸੁਲਝਾਉਣ ਲਈ ਕੀ ਫ਼ੈਸਲਾ ਲਿਆ ਜਾਂਦਾ ਹੈ।
ਦੱਸਿਆ ਜਾ ਰਿਹਾ ਹੈ ਕਿ ਚੰਨੀ ਧੜੇ ਦੀ ਸ਼ਰਤ ਮੁਤਾਬਕ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਇਸ ਮੀਟਿੰਗ ਵਿੱਚ ਸੱਦਾ ਨਹੀਂ ਦਿੱਤਾ ਗਿਆ। ਹਾਲਾਂਕਿ ਮੀਟਿੰਗ ਵਿੱਚ ਪਹੁੰਚਣ ਤੋਂ ਪਹਿਲਾਂ ਭੁਪੇਸ਼ ਬਘੇਲ ਨੇ ਐੱਮਐੱਲਏ ਫਲੈਟਸ ਵਿੱਚ ਰਾਜਾ ਵੜਿੰਗ ਨਾਲ ਮੁਲਾਕਾਤ ਕੀਤੀ।
ਕਾਂਗਰਸ ਹਾਈਕਮਾਨ ਵੱਲੋਂ ਚੰਨੀ ਨੂੰ ਆਪਣੇ ਨਾਲ ਦੋ ਜਾਂ ਤਿੰਨ ਆਗੂ ਲਿਆਉਣ ਲਈ ਕਿਹਾ ਗਿਆ ਸੀ, ਪਰ ਮੀਟਿੰਗ ਵਿੱਚ ਚੰਨੀ ਦੇ ਸਮਰਥਨ ਵਾਲੇ ਵੱਡੀ ਗਿਣਤੀ ਵਿੱਚ ਆਗੂ ਪਹੁੰਚੇ। ਦਾਅਵਾ ਕੀਤਾ ਜਾ ਰਿਹਾ ਹੈ ਕਿ ਚੰਨੀ ਧੜੇ ਨਾਲ ਜੁੜੇ ਕਰੀਬ 80 ਆਗੂ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਹਨ।
ਮੀਟਿੰਗ ਤੋਂ ਪਹਿਲਾਂ ਚੰਨੀ ਸਮਰਥਕ ਆਗੂਆਂ ਵੱਲੋਂ ਇਹ ਮੰਗ ਵੀ ਉਠਾਈ ਗਈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਨੂੰ ਚੋਣਾਂ ਤੋਂ ਪਹਿਲਾਂ ਲੀਡਰਸ਼ਿਪ ਨੂੰ ਲੈ ਕੇ ਆਪਣਾ ਰੁਖ਼ ਸਪੱਸ਼ਟ ਕਰਨਾ ਚਾਹੀਦਾ ਹੈ।
ਦੂਜੇ ਪਾਸੇ ਕਾਂਗਰਸ ਹਾਈਕਮਾਨ ਪਹਿਲਾਂ ਹੀ ਸੰਕੇਤ ਦੇ ਚੁੱਕੀ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਹਟਾਉਣ ਦੀ ਕੋਈ ਯੋਜਨਾ ਨਹੀਂ ਹੈ। ਹੁਣ ਇਸ ਅਹਿਮ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਕਿਸ ਪਾਸੇ ਜਾਂਦੀ ਹੈ, ਇਸ ’ਤੇ ਸਾਰਿਆਂ ਦੀ ਨਜ਼ਰ ਬਣੀ ਹੋਈ ਹੈ।
