ਵੀਅਤਨਾਮ ਦੇ ਫੂ ਕੁਓਕ ਟਾਪੂ ਨੇੜੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਭਾਰਤੀ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਸਮੁੰਦਰ ਵਿੱਚ ਪਲਟ ਗਈ। ਇਸ ਹਾਦਸੇ ਵਿੱਚ ਭਾਰਤੀਆਂ ਸਮੇਤ 15 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਹਾਦਸੇ ਤੋਂ ਬਾਅਦ ਮੌਕੇ ’ਤੇ ਵੱਡੇ ਪੱਧਰ ’ਤੇ ਖੋਜ ਅਤੇ ਬਚਾਅ ਕਾਰਜ ਜਾਰੀ ਹਨ।
ਹਨੋਈ ਸਥਿਤ ਭਾਰਤੀ ਦੂਤਾਵਾਸ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਥਾਨਕ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਬਣਾਇਆ ਹੋਇਆ ਹੈ ਅਤੇ ਹਾਦਸੇ ਸਬੰਧੀ ਪੂਰੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਸਮੁੰਦਰ ਵਿੱਚ ਫਸੇ ਲੋਕਾਂ ਨੂੰ ਬਚਾਉਣ ਲਈ ਰਾਹਤ ਟੀਮਾਂ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਸਥਾਨਕ ਮੀਡੀਆ ਰਿਪੋਰਟਾਂ ਦੇ ਹਵਾਲੇ ਨਾਲ ਨਿਊਜ਼ ਏਜੰਸੀ ਪੀਟੀਆਈ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਭਾਰਤੀ ਨਾਗਰਿਕਾਂ ਸਮੇਤ ਘੱਟੋ-ਘੱਟ 15 ਲੋਕਾਂ ਦੀ ਜਾਨ ਚਲੀ ਗਈ ਹੈ। ਹਾਲਾਂਕਿ ਮ੍ਰਿਤਕਾਂ ਅਤੇ ਲਾਪਤਾ ਲੋਕਾਂ ਦੀ ਸਹੀ ਗਿਣਤੀ ਸਬੰਧੀ ਅਧਿਕਾਰਤ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਭਾਰਤੀ ਦੂਤਾਵਾਸ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸ਼ਨੀਵਾਰ ਨੂੰ ਫੂ ਕੁਓਕ ਟਾਪੂ ਨੇੜੇ ਕਈ ਭਾਰਤੀ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਹਾਦਸੇ ਦਾ ਸ਼ਿਕਾਰ ਹੋ ਗਈ। ਦੂਤਾਵਾਸ ਮੁਤਾਬਕ ਭਾਰਤੀ ਅਧਿਕਾਰੀ ਸਥਾਨਕ ਪ੍ਰਸ਼ਾਸਨ ਅਤੇ ਬਚਾਅ ਏਜੰਸੀਆਂ ਨਾਲ ਮਿਲ ਕੇ ਕੰਮ ਕਰ ਰਹੇ ਹਨ।
24 ਘੰਟੇ ਕੰਟਰੋਲ ਰੂਮ ਸਥਾਪਤ
ਹਾਦਸੇ ਤੋਂ ਪ੍ਰਭਾਵਿਤ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਲਈ ਹੋ ਚੀ ਮਿਨਹ ਸਿਟੀ ਸਥਿਤ ਭਾਰਤੀ ਕੌਂਸਲੇਟ ਜਨਰਲ ਅਤੇ ਹਨੋਈ ਸਥਿਤ ਭਾਰਤੀ ਦੂਤਾਵਾਸ ਵਿੱਚ 24 ਘੰਟੇ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਐਮਰਜੈਂਸੀ ਦੌਰਾਨ ਜਾਣਕਾਰੀ ਅਤੇ ਸਹਾਇਤਾ ਮੁਹੱਈਆ ਕਰਵਾਉਣ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ।
ਫਿਲਹਾਲ ਖੋਜ ਅਤੇ ਬਚਾਅ ਮੁਹਿੰਮ ਜਾਰੀ ਹੈ ਅਤੇ ਹਾਦਸੇ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
