ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ, ਜਿਸ ਕਾਰਨ ਮੀਂਹ ਰੁਕਣ ਨਾਲ ਗਰਮੀ ਅਤੇ ਨਮੀ ਵਿੱਚ ਕਾਫ਼ੀ ਵਾਧਾ ਹੋਇਆ ਹੈ। ਇਸ ਸਥਿਤੀ ਨੂੰ ਦੇਖਦਿਆਂ ਮੌਸਮ ਵਿਭਾਗ ਨੇ ਅੱਜ ਸੂਬੇ ਦੇ 8 ਜ਼ਿਲ੍ਹਿਆਂ ਲਈ ਗਰਮ ਅਤੇ ਨਮੀ ਵਾਲੇ ਮੌਸਮ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਨਾਲ ਹੀ 16 ਜ਼ਿਲ੍ਹਿਆਂ ਵਿੱਚ ਇੱਕ ਜਾਂ ਦੋ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਵੀ ਜਤਾਈ ਗਈ ਹੈ।
ਚੰਡੀਗੜ੍ਹ ਮੌਸਮ ਕੇਂਦਰ ਮੁਤਾਬਕ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਗਰਮ ਅਤੇ ਨਮੀ ਵਾਲਾ ਮੌਸਮ ਰਹਿ ਸਕਦਾ ਹੈ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਕਪੂਰਥਲਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਹੋਰ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਹ ਆਮ ਨਾਲੋਂ 2.1 ਡਿਗਰੀ ਵੱਧ ਰਿਹਾ। ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 41.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਡਾ. ਸੁਰਿੰਦਰ ਪਾਲ ਨੇ ਦੱਸਿਆ ਕਿ ਇਸ ਵੇਲੇ ਮਾਨਸੂਨ ਦੀ ਸਰਗਰਮ ਰੇਖਾ ਉੱਤਰੀ ਭਾਰਤ ਤੋਂ ਬੰਗਾਲ ਦੀ ਖਾੜੀ ਤੱਕ ਫੈਲੀ ਹੋਈ ਹੈ, ਜਿਸ ਕਾਰਨ ਨਮੀ ਤਾਂ ਬਣੀ ਰਹੇਗੀ, ਪਰ ਮਾਨਸੂਨ ਨੂੰ ਤੇਜ਼ ਕਰਨ ਵਾਲੇ ਅਹਿਮ ਕਾਰਕ ਇਸ ਸਮੇਂ ਸਰਗਰਮ ਨਹੀਂ ਹਨ। ਹਾਲਾਂਕਿ ਉੱਤਰੀ ਪਾਕਿਸਤਾਨ ਅਤੇ ਜੰਮੂ-ਕਸ਼ਮੀਰ ਉੱਪਰ ਇੱਕ ਪੱਛਮੀ ਗੜਬੜੀ (Western Disturbance) ਮੌਜੂਦ ਹੈ।
ਮੌਸਮ ਵਿਭਾਗ ਅਨੁਸਾਰ 19 ਜੁਲਾਈ ਤੋਂ ਇੱਕ ਨਵੀਂ ਪੱਛਮੀ ਗੜਬੜੀ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰੇਗੀ, ਜਿਸ ਤੋਂ ਬਾਅਦ ਪੰਜਾਬ ਵਿੱਚ ਮੀਂਹ ਦੀ ਗਤੀਵਿਧੀ ਮੁੜ ਵਧਣ ਦੀ ਸੰਭਾਵਨਾ ਹੈ। ਅਗਲੇ 24 ਘੰਟਿਆਂ ਦੌਰਾਨ ਕੁਝ ਇਲਾਕਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਗਰਜ-ਤੂਫ਼ਾਨ ਆ ਸਕਦਾ ਹੈ, ਜਦਕਿ ਹਵਾ ਦੀ ਰਫ਼ਤਾਰ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।
ਇਸੇ ਦੌਰਾਨ, BBMB ਦੇ ਅੰਕੜਿਆਂ ਮੁਤਾਬਕ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1,582.13 ਫੁੱਟ ਅਤੇ ਪੌਂਗ ਡੈਮ ਵਿੱਚ 1,322.54 ਫੁੱਟ ਦਰਜ ਕੀਤਾ ਗਿਆ ਹੈ। ਦੋਵੇਂ ਡੈਮਾਂ ਵਿੱਚ ਪਾਣੀ ਦਾ ਪੱਧਰ ਹਾਲੇ ਵੀ ਖ਼ਤਰੇ ਦੇ ਨਿਸ਼ਾਨ ਤੋਂ ਕਾਫ਼ੀ ਹੇਠਾਂ ਹੈ।
ਗਰਮੀ ਅਤੇ ਨਮੀ ਦੇ ਕਾਰਨ ਸੂਬੇ ਵਿੱਚ ਬਿਜਲੀ ਦੀ ਮੰਗ ਵੀ ਵਧ ਗਈ ਹੈ। ਇਸ ਵੇਲੇ ਪੰਜਾਬ ਵਿੱਚ ਬਿਜਲੀ ਦੀ ਮੰਗ 15,388 ਮੈਗਾਵਾਟ ਹੈ, ਜਦਕਿ ਸੂਬਾ 6,036 ਮੈਗਾਵਾਟ ਬਿਜਲੀ ਦਾ ਉਤਪਾਦਨ ਕਰ ਰਿਹਾ ਹੈ।
