‘ਟਕਰਾਅ ਨਹੀਂ ਚਾਹੁੰਦੇ, ਸਿਰਫ਼ ਗੱਲਬਾਤ ਨਾਲ ਸਾਡਾ ਮਸਲਾ ਹੱਲ ਕੀਤਾ ਜਾਵੇ’ – ਸ਼ੰਭੂ ਬਾਰਡਰ ਪਹੁੰਚੇ ਸਰਵਣ ਸਿੰਘ ਪੰਧੇਰ
ਅਮਰੀਕਾ-ਭਾਰਤ ਵਪਾਰਕ ਸਮਝੌਤੇ ਦੇ ਵਿਰੋਧ ਵਿੱਚ ਕਿਸਾਨਾਂ ਨੇ ਦਿੱਲੀ ਕੂਚ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਪਟਿਆਲਾ-ਅੰਬਾਲਾ ਸਥਿਤ ਸ਼ੰਭੂ ਬਾਰਡਰ ‘ਤੇ ਪਹੁੰਚੇ, ਜਿੱਥੇ ਹਰਿਆਣਾ ਪੁਲਿਸ ਨੇ ਬੈਰੀਕੇਡਿੰਗ ਕਰਕੇ ਸਰਹੱਦ ਨੂੰ ਸੀਲ ਕਰ ਦਿੱਤਾ ਹੈ। ਮੌਕੇ ‘ਤੇ ਭਾਰੀ ਪੁਲਿਸ ਬਲ ਅਤੇ ਜੇਸੀਬੀ ਮਸ਼ੀਨਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ।
ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਸ਼ਾਂਤੀਪੂਰਨ ਢੰਗ ਨਾਲ ਦਿੱਲੀ ਜਾਣਾ ਚਾਹੁੰਦੇ ਹਨ ਅਤੇ ਉਹ ਕਿਸੇ ਵੀ ਤਰ੍ਹਾਂ ਦੇ ਟਕਰਾਅ ਦੇ ਹੱਕ ਵਿੱਚ ਨਹੀਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਪ੍ਰਸ਼ਾਸਨ ਨਾਲ ਗੱਲਬਾਤ ਲਈ ਤਿਆਰ ਹਨ ਅਤੇ ਸਰਕਾਰ ਨੂੰ ਵੀ ਸੰਵਾਦ ਰਾਹੀਂ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ।
ਪੰਧੇਰ ਨੇ ਦੋਸ਼ ਲਾਇਆ ਕਿ ਹਰਿਆਣਾ ਅਤੇ ਕੇਂਦਰ ਸਰਕਾਰ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡਿੰਗ ਕਰ ਰਹੀਆਂ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੁਝ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ, “ਅਸੀਂ ਕਿਸੇ ਵੀ ਤਰ੍ਹਾਂ ਦਾ ਟਕਰਾਅ ਨਹੀਂ ਚਾਹੁੰਦੇ। ਅਸੀਂ ਪਹਿਲ ਕਰਕੇ ਸਰਕਾਰ ਨਾਲ ਗੱਲਬਾਤ ਕਰਨ ਆਏ ਹਾਂ। ਸਾਡੀ ਮੰਗ ਹੈ ਕਿ ਸਾਡੇ ਮਸਲੇ ਦਾ ਹੱਲ ਗੱਲਬਾਤ ਰਾਹੀਂ ਕੀਤਾ ਜਾਵੇ।”
ਇਸ ਦੌਰਾਨ, ਅੰਬਾਲਾ ਪੁਲਿਸ ਨੇ ਸਥਿਤੀ ਨੂੰ ਦੇਖਦੇ ਹੋਏ ਧਾਰਾ 163 ਲਾਗੂ ਕਰ ਦਿੱਤੀ ਹੈ। ਕਿਸਾਨਾਂ ਨੂੰ ਬੈਰੀਕੇਡਿੰਗ ਤੋਂ 100 ਮੀਟਰ ਦੂਰ ਰਹਿਣ ਦੀ ਹਦਾਇਤ ਦਿੱਤੀ ਗਈ ਹੈ।
ਸ਼ੰਭੂ ਬਾਰਡਰ ਬੰਦ ਹੋਣ ਕਾਰਨ ਜਲੰਧਰ-ਦਿੱਲੀ ਨੈਸ਼ਨਲ ਹਾਈਵੇ ‘ਤੇ ਆਵਾਜਾਈ ਪ੍ਰਭਾਵਿਤ ਹੋਈ ਹੈ। ਟ੍ਰੈਫਿਕ ਜਾਮ ਤੋਂ ਬਚਣ ਲਈ ਹਰਿਆਣਾ ਪੁਲਿਸ ਨੇ ਵਾਹਨਾਂ ਲਈ ਵਿਕਲਪਕ ਰੂਟਾਂ ‘ਤੇ ਟ੍ਰੈਫਿਕ ਡਾਇਵਰਟ ਕਰ ਦਿੱਤਾ ਹੈ।
