ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਪਠਾਨਕੋਟ ਵਿੱਚ ਰਾਤ ਭਰ ਭਾਰੀ ਮੀਂਹ ਪਿਆ, ਜਦਕਿ ਚੰਡੀਗੜ੍ਹ ਵਿੱਚ ਵੀ ਸਵੇਰੇ ਤੋਂ ਤੇਜ਼ ਬਾਰਿਸ਼ ਦਰਜ ਕੀਤੀ ਗਈ।
ਮੌਸਮ ਵਿਭਾਗ ਮੁਤਾਬਕ ਮੀਂਹ ਕਾਰਨ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਕਰੀਬ 0.6 ਡਿਗਰੀ ਸੈਲਸੀਅਸ ਘਟਿਆ ਹੈ ਅਤੇ ਇਹ ਆਮ ਨਾਲੋਂ 2.6 ਡਿਗਰੀ ਘੱਟ ਦਰਜ ਕੀਤਾ ਗਿਆ। ਬਠਿੰਡਾ 35.6 ਡਿਗਰੀ ਸੈਲਸੀਅਸ ਨਾਲ ਸੂਬੇ ਦਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ।
ਚੰਡੀਗੜ੍ਹ ਸਥਿਤ ਮੌਸਮ ਕੇਂਦਰ ਨੇ ਅੱਜ 22 ਜੁਲਾਈ ਲਈ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ ਅਤੇ ਮੋਹਾਲੀ ਵਿੱਚ ਕਈ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ, ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਲਈ ਵੀ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 20 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਲੋਕਾਂ ਨੂੰ ਖਰਾਬ ਮੌਸਮ ਦੌਰਾਨ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ ਅਤੇ ਬਿਜਲੀ ਡਿੱਗਣ ਦੀ ਸਥਿਤੀ ਵਿੱਚ ਖੁੱਲ੍ਹੇ ਇਲਾਕਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਇਸੇ ਦੌਰਾਨ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਵੀ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਕੁੱਲੂ ਜ਼ਿਲ੍ਹੇ ਵਿੱਚ ਕਈ ਸੜਕਾਂ ਬੰਦ ਹੋ ਗਈਆਂ ਹਨ, ਜਿਸ ਕਾਰਨ ਪ੍ਰਸ਼ਾਸਨ ਨੇ ਅਨੀ, ਬੰਜਾਰ ਅਤੇ ਨਿਰਮੰਡ ਸਬ-ਡਿਵੀਜ਼ਨਾਂ ਦੇ ਸਾਰੇ ਵਿਦਿਅਕ ਅਦਾਰਿਆਂ ਵਿੱਚ ਅੱਜ ਛੁੱਟੀ ਦਾ ਐਲਾਨ ਕੀਤਾ ਹੈ।
