ਜੰਤਰ-ਮੰਤਰ ਪ੍ਰਦਰਸ਼ਨ ਮਾਮਲਾ: ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ ਕੀਤਾ ਇਨਕਾਰ
ਨਵੀਂ ਦਿੱਲੀ, 22 ਜੁਲਾਈ: ਸੁਪਰੀਮ ਕੋਰਟ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਕਾਕਰੋਚ ਜਨਤਾ ਪਾਰਟੀ (CJP) ਦੇ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਖ਼ਿਲਾਫ਼ ਕਥਿਤ ਪੁਲਿਸ ਕਾਰਵਾਈ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।
ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਸਾਹਮਣੇ ਵਕੀਲ ਨਰਿੰਦਰ ਮਿਸ਼ਰਾ ਨੇ ਮਾਮਲੇ ਦੀ ਜਲਦੀ ਸੁਣਵਾਈ ਦੀ ਮੰਗ ਕੀਤੀ। ਇਸ ‘ਤੇ ਚੀਫ਼ ਜਸਟਿਸ ਨੇ ਕਿਹਾ, “ਸਾਡਾ ਸਮਾਂ ਬਰਬਾਦ ਨਾ ਕਰੋ ਅਤੇ ਆਪਣਾ ਸਮਾਂ ਵੀ ਬਰਬਾਦ ਨਾ ਕਰੋ।”
ਵਕੀਲ ਨੇ ਦਲੀਲ ਦਿੱਤੀ ਕਿ ਵਿਦਿਆਰਥੀ NEET ਪ੍ਰੀਖਿਆ ਦੇ ਨਿਰਪੱਖ ਸੰਚਾਲਨ ਅਤੇ ਨੈਸ਼ਨਲ ਟੈਸਟਿੰਗ ਏਜੰਸੀ (NTA) ਵਿੱਚ ਸੁਧਾਰਾਂ ਦੀ ਮੰਗ ਕਰ ਰਹੇ ਸਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੁਲਿਸ ਦੀ ਕਾਰਵਾਈ ਨੂੰ ਦਰਸਾਉਣ ਵਾਲੀਆਂ ਵੀਡੀਓਜ਼ ਮੌਜੂਦ ਹਨ। ਇਸ ‘ਤੇ ਚੀਫ਼ ਜਸਟਿਸ ਨੇ ਟਿੱਪਣੀ ਕੀਤੀ, “ਸਾਨੂੰ ਵੀਡੀਓ ਵਿੱਚ ਦਿਲਚਸਪੀ ਨਹੀਂ ਹੈ। ਸਾਡੇ ਕੋਲ ਵੀਡੀਓ ਦੇਖਣ ਲਈ ਸਮਾਂ ਨਹੀਂ ਹੈ।”
ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਹੋਏ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਵਿਦਿਆਰਥੀਆਂ ਵਿਰੁੱਧ ਬਲ ਦੀ ਵਰਤੋਂ ਕੀਤੀ, ਜਿਸ ‘ਤੇ ਅਦਾਲਤ ਤੋਂ ਤੁਰੰਤ ਦਖਲ ਦੀ ਮੰਗ ਕੀਤੀ ਗਈ ਸੀ। ਹਾਲਾਂਕਿ, ਸੁਪਰੀਮ ਕੋਰਟ ਨੇ ਇਸ ਬੇਨਤੀ ਨੂੰ ਸਵੀਕਾਰ ਨਹੀਂ ਕੀਤਾ।
ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਵੀ ਇਸੇ ਮਾਮਲੇ ਵਿੱਚ ਤੁਰੰਤ ਸੁਣਵਾਈ ਦੀ ਮੰਗ ਰੱਦ ਕਰ ਚੁੱਕੀ ਹੈ। ਹਾਈ ਕੋਰਟ ਨੇ ਸੁਣਵਾਈ ਦੌਰਾਨ ਕਿਹਾ ਸੀ, “ਇਸ ਵਿੱਚ ਅਦਾਲਤ ਨੂੰ ਨਾ ਘਸੀਟੋ।”
