ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਸਖ਼ਤ ਰੁਖ ਅਪਣਾਉਂਦਿਆਂ ਕਿਹਾ ਹੈ ਕਿ ਦੇਸ਼ ਦੇ ਨੌਜਵਾਨਾਂ ਦਾ ਹਿੱਤ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਇਸ ਮਾਮਲੇ ਵਿੱਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਈ ਜਾਵੇਗੀ।
ਸੰਸਦੀ ਕਾਰਜ ਮੰਤਰੀ ਕਿਰਨ ਰਿਜਿਜੂ ਨੇ ਮੀਡੀਆ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਪੇਪਰ ਲੀਕ ਦੀ ਜਾਣਕਾਰੀ ਮਿਲਦੇ ਹੀ ਸਰਕਾਰ ਨੇ ਤੁਰੰਤ ਕਾਰਵਾਈ ਕੀਤੀ। ਇਸ ਮਾਮਲੇ ਨਾਲ ਜੁੜੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਵਿੱਚੋਂ 13 ਮੁਲਜ਼ਮ ਇਸ ਸਮੇਂ ਜੇਲ੍ਹ ਵਿੱਚ ਬੰਦ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਰਕਾਰ ਵੱਲੋਂ ਕਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੇਪਰ ਲੀਕ ਨਾਲ ਸੰਬੰਧਿਤ ਮਾਮਲਿਆਂ ਦੀ ਤੇਜ਼ ਸੁਣਵਾਈ ਲਈ ਫਾਸਟ-ਟਰੈਕ ਅਦਾਲਤਾਂ ਬਣਾਈਆਂ ਜਾਣਗੀਆਂ, ਤਾਂ ਜੋ ਦੋਸ਼ੀਆਂ ਨੂੰ ਜਲਦੀ ਸਜ਼ਾ ਮਿਲ ਸਕੇ।
PM ਮੋਦੀ ਨੇ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਰਕਾਰ ਪ੍ਰੀਖਿਆ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਅਤੇ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ।
