ਨਵੀਂ ਦਿੱਲੀ: NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਚੱਲ ਰਹੇ ਵਿਰੋਧ ਦਰਮਿਆਨ ਵੀਰਵਾਰ ਦੇਰ ਰਾਤ ਵੱਡਾ ਘਟਨਾਕ੍ਰਮ ਸਾਹਮਣੇ ਆਇਆ। ਰਾਤ ਕਰੀਬ 12 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸੰਬੋਧਨ ਕਰਦੇ ਹੋਏ ਐਲਾਨ ਕੀਤਾ ਕਿ ਸਰਕਾਰ ਪੇਪਰ ਲੀਕ ਵਰਗੇ ਗੰਭੀਰ ਅਪਰਾਧਾਂ ‘ਤੇ ਨਕੇਲ ਕੱਸਣ ਲਈ ਨਵਾਂ ਕਾਨੂੰਨ ਲਿਆਉਣ ਜਾ ਰਹੀ ਹੈ। ਇਸ ਕਾਨੂੰਨ ਵਿੱਚ ਫਾਸਟ-ਟਰੈਕ ਅਦਾਲਤਾਂ ਰਾਹੀਂ ਅਜਿਹੇ ਮਾਮਲਿਆਂ ਦੀ ਜਲਦ ਸੁਣਵਾਈ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਵਿਵਸਥਾ ਕੀਤੀ ਜਾਵੇਗੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਪ੍ਰਸਤਾਵਿਤ ਬਿੱਲ ‘ਤੇ ਸ਼ੁੱਕਰਵਾਰ ਨੂੰ ਕੇਂਦਰੀ ਕੈਬਿਨੇਟ ਦੀ ਬੈਠਕ ਵਿੱਚ ਵਿਚਾਰ ਕੀਤਾ ਜਾਵੇਗਾ। ਕੈਬਿਨੇਟ ਦੀ ਮਨਜ਼ੂਰੀ ਤੋਂ ਬਾਅਦ ਇਸ ਨੂੰ ਸੰਸਦ ਵਿੱਚ ਜਲਦੀ ਪੇਸ਼ ਕਰਕੇ ਪਾਸ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ, ਤਾਂ ਜੋ ਭਵਿੱਖ ਵਿੱਚ ਪੇਪਰ ਲੀਕ ਵਰਗੀਆਂ ਘਟਨਾਵਾਂ ‘ਤੇ ਪ੍ਰਭਾਵਸ਼ਾਲੀ ਰੋਕ ਲੱਗ ਸਕੇ।
ਇਸ ਐਲਾਨ ਤੋਂ ਕੁਝ ਹੀ ਸਮੇਂ ਬਾਅਦ ਇੱਕ ਹੋਰ ਅਹਿਮ ਘਟਨਾ ਵਾਪਰੀ। ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੇ ਰਾਤ ਕਰੀਬ 12:40 ਵਜੇ ਆਪਣਾ ਲੰਬੇ ਸਮੇਂ ਤੋਂ ਜਾਰੀ ਵਰਤ ਖਤਮ ਕਰ ਦਿੱਤਾ।
ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਅਤੇ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਮੇਦਾਂਤਾ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਵਾਂਗਚੁਕ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜੂਸ ਪਿਲਾ ਕੇ ਵਰਤ ਤੁੜਵਾਇਆ।
ਵਰਤ ਖਤਮ ਕਰਨ ਤੋਂ ਬਾਅਦ ਸੋਨਮ ਵਾਂਗਚੁਕ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ‘ਤੇ ਸਕਾਰਾਤਮਕ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਦੇ ਹਾਲਾਤ ਅਤੇ ਸੰਭਾਵਿਤ ਤਣਾਅ ਨੂੰ ਧਿਆਨ ਵਿੱਚ ਰੱਖਦਿਆਂ ਲੰਬੀ ਚਰਚਾ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਉਨ੍ਹਾਂ ਨੇ ਉਮੀਦ ਜਤਾਈ ਕਿ ਸਰਕਾਰ ਆਪਣੇ ਭਰੋਸੇ ‘ਤੇ ਖਰੀ ਉਤਰੇਗੀ ਅਤੇ ਲੋਕਾਂ ਦੀਆਂ ਚਿੰਤਾਵਾਂ ਦਾ ਹੱਲ ਕੀਤਾ ਜਾਵੇਗਾ।
