ਨਵੀਂ ਦਿੱਲੀ: ਜੰਤਰ-ਮੰਤਰ ‘ਤੇ ਚੱਲ ਰਿਹਾ ਕਾਕਰੋਚ ਜਨਤਾ ਪਾਰਟੀ (CJP) ਦਾ ਅੰਦੋਲਨ ਸ਼ਨੀਵਾਰ ਨੂੰ ਅਧਿਕਾਰਿਕ ਤੌਰ ‘ਤੇ ਸਮਾਪਤ ਕਰ ਦਿੱਤਾ ਗਿਆ। ਇਹ ਐਲਾਨ ਕੇਂਦਰੀ ਮੰਤਰੀ ਜੇਪੀ ਨੱਢਾ, ਜਿਤੇਂਦਰ ਸਿੰਘ ਅਤੇ CJP ਦੇ ਬੁਲਾਰਿਆਂ ਸੌਰਭ ਦਾਸ ਅਤੇ ਆਸ਼ੂਤੋਸ਼ ਰਾਂਕਾ ਵੱਲੋਂ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਗਿਆ।
ਸੌਰਭ ਦਾਸ ਨੇ ਜੰਤਰ-ਮੰਤਰ ‘ਤੇ ਮੌਜੂਦ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤੀਪੂਰਵਕ ਆਪਣੇ ਘਰ ਵਾਪਸ ਜਾਣ ਦੀ ਅਪੀਲ ਕਰਦਿਆਂ ਕਿਹਾ ਕਿ ਅੰਦੋਲਨ ਦੀਆਂ ਮੁੱਖ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਇਸ ਲਈ ਧਰਨਾ ਤੁਰੰਤ ਪ੍ਰਭਾਵ ਨਾਲ ਖਤਮ ਕੀਤਾ ਜਾਂਦਾ ਹੈ।
ਆਸ਼ੂਤੋਸ਼ ਰਾਂਕਾ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਦੌਰਾਨ ਸਰਕਾਰ ਨਾਲ ਤਿੰਨ ਦੌਰ ਦੀ ਗੱਲਬਾਤ ਹੋਈ, ਜਿਸ ਤੋਂ ਬਾਅਦ CJP ਦੀਆਂ ਤਿੰਨ ਮੁੱਖ ਮੰਗਾਂ ‘ਤੇ ਸਹਿਮਤੀ ਬਣੀ। ਉਨ੍ਹਾਂ ਦੇ ਮੁਤਾਬਕ, ਇਨ੍ਹਾਂ ਵਿੱਚ ਸਾਬਕਾ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਅਸਤੀਫਾ, ਅੰਦੋਲਨ ਨਾਲ ਜੁੜੇ ਸਾਰੇ ਕੇਸ ਵਾਪਸ ਲੈਣ ਅਤੇ NEET ਪ੍ਰਭਾਵਿਤ ਵਿਦਿਆਰਥੀਆਂ ਨੂੰ ₹1 ਕਰੋੜ ਦਾ ਮੁਆਵਜ਼ਾ ਦੇਣ ਦੀ ਮੰਗ ਸ਼ਾਮਲ ਸੀ।
ਇਸ ਮੌਕੇ ਜੇਪੀ ਨੱਢਾ ਨੇ ਕਿਹਾ ਕਿ ਅੰਦੋਲਨਕਾਰੀਆਂ ਵੱਲੋਂ ਸਰਕਾਰ ਨੂੰ ਲਿਖਤੀ ਮੰਗ-ਪੱਤਰ ਸੌਂਪਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨਿਯਮਾਂ ਅਨੁਸਾਰ ਵੱਧ ਤੋਂ ਵੱਧ ਮੁਆਵਜ਼ਾ ਦੇਣ, ਵੱਖ-ਵੱਖ ਰਾਜਾਂ ਵਿੱਚ ਦਰਜ ਐਫਆਈਆਰਾਂ ਦੀ ਸਮੀਖਿਆ ਕਰਕੇ ਉਨ੍ਹਾਂ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਸ਼ੁਰੂ ਕਰਨ ਅਤੇ ਸਿੱਖਿਆ ਸੁਧਾਰਾਂ ਨਾਲ ਸੰਬੰਧਿਤ ਮੰਗਾਂ ‘ਤੇ ਵਿਚਾਰ ਕਰਨ ਲਈ ਸਹਿਮਤ ਹੋ ਗਈ ਹੈ।
CJP ਨੇ ਆਪਣੇ ਸਮਰਥਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜੰਤਰ-ਮੰਤਰ ਨੂੰ ਸ਼ਾਂਤੀਪੂਰਵਕ ਖਾਲੀ ਕਰਕੇ ਆਪਣੇ-ਆਪਣੇ ਘਰ ਵਾਪਸ ਜਾਣ ਅਤੇ ਅੰਦੋਲਨ ਨੂੰ ਸਫਲ ਬਣਾਉਣ ਲਈ ਸਾਰੇ ਸਹਿਯੋਗੀਆਂ ਦਾ ਧੰਨਵਾਦ ਕੀਤਾ।
