ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਮੰਗਲਵਾਰ ਨੂੰ ਸਦਨ ਦੀ ਕਾਰਵਾਈ ਸ਼ੁਰੂ ਹੋ ਗਈ। ਅੱਜ ਧਿਆਨ ਦਿਵਾਊ ਮਤਾਂ ਰਾਹੀਂ ਵਿਧਾਇਕ ਆਪਣੇ ਹਲਕਿਆਂ ਨਾਲ ਜੁੜੀਆਂ ਸਮੱਸਿਆਵਾਂ ਸਦਨ ਵਿੱਚ ਉਠਾ ਰਹੇ ਹਨ, ਜਦਕਿ ਸਰਕਾਰ ਇੱਕ ਸੋਧ ਬਿੱਲ ਵੀ ਵਿਚਾਰ ਅਤੇ ਪਾਸ ਕਰਵਾਉਣ ਲਈ ਪੇਸ਼ ਕਰੇਗੀ।
ਆਮ ਆਦਮੀ ਪਾਰਟੀ ਦੇ ਵਿਧਾਇਕ ਕਰਮਬੀਰ ਸਿੰਘ ਨੇ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਨੀਂਹ ਪੱਥਰ ਰੱਖੇ ਇੱਕ ਸਾਲ ਬੀਤ ਗਿਆ ਹੈ, ਪਰ ਕੰਮ ਅਜੇ ਤੱਕ ਸ਼ੁਰੂ ਨਹੀਂ ਹੋਇਆ। ਉਨ੍ਹਾਂ ਦੋਸ਼ ਲਾਇਆ ਕਿ ਲੋੜੀਂਦੀਆਂ ਮਨਜ਼ੂਰੀਆਂ ਤੋਂ ਬਿਨਾਂ ਹੀ ₹80 ਲੱਖ ਦੀ ਰਕਮ ਮਨਜ਼ੂਰ ਕੀਤੀ ਗਈ ਸੀ ਅਤੇ ਇਸ ਸਬੰਧੀ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ।
ਇਸ ‘ਤੇ ਜਵਾਬ ਦਿੰਦਿਆਂ ਸੈਰ-ਸਪਾਟਾ ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ “ਹਵਾ ਮਹਿਲ” ਸਥਾਨ ‘ਤੇ ਈਕੋ-ਹੱਟ ਬਣਾਉਣ ਦੀ ਯੋਜਨਾ ਸੀ, ਪਰ ਤਕਨੀਕੀ ਕਾਰਨਾਂ ਕਰਕੇ ਕੰਮ ਸ਼ੁਰੂ ਨਹੀਂ ਹੋ ਸਕਿਆ। ਉਨ੍ਹਾਂ ਦੱਸਿਆ ਕਿ 27 ਮਈ 2026 ਨੂੰ ਕੇਂਦਰ ਸਰਕਾਰ ਨੂੰ ਪੱਤਰ ਭੇਜਿਆ ਗਿਆ ਸੀ ਅਤੇ ਹੁਣ ਉਸਦੇ ਜਵਾਬ ਦੀ ਉਡੀਕ ਹੈ।
ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 10 ਅਗਸਤ ਤੱਕ ਚੱਲੇਗਾ। ਪਹਿਲੇ ਦਿਨ ਪੇਪਰ ਲੀਕ ਦਾ ਮੁੱਦਾ ਹਾਵੀ ਰਿਹਾ, ਜਿੱਥੇ ਕਾਂਗਰਸੀ ਵਿਧਾਇਕਾਂ ਨੇ ਕਾਲੇ ਕੱਪੜੇ ਅਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿਹਤ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ ਸੀ।
