ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਤੀਜੇ ਦਿਨ ਸਦਨ ਨੇ ਰੁਜ਼ਗਾਰ ਅਤੇ ਉਦਯੋਗਿਕ ਨਿਵੇਸ਼ ਸਬੰਧੀ ਧੰਨਵਾਦੀ ਮਤਾ ਪਾਸ ਕੀਤਾ। ਮਤੇ ਦੌਰਾਨ ਸਰਕਾਰ ਦੀਆਂ ਰੁਜ਼ਗਾਰ ਨੀਤੀਆਂ, ਪਾਰਦਰਸ਼ੀ ਭਰਤੀ ਪ੍ਰਕਿਰਿਆ ਅਤੇ ਸੂਬੇ ਵਿੱਚ ਆਏ ਉਦਯੋਗਿਕ ਨਿਵੇਸ਼ ਦਾ ਜ਼ਿਕਰ ਕੀਤਾ ਗਿਆ।
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ 1 ਅਪ੍ਰੈਲ 2022 ਤੋਂ ਹੁਣ ਤੱਕ ਪਾਰਦਰਸ਼ੀ ਅਤੇ ਯੋਗਤਾ-ਅਧਾਰਿਤ ਪ੍ਰਕਿਰਿਆ ਰਾਹੀਂ 68,228 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸੇ ਦੌਰਾਨ 16 ਮਾਰਚ 2022 ਤੋਂ 31 ਜੁਲਾਈ 2026 ਤੱਕ 1,83,837 ਕਰੋੜ ਰੁਪਏ ਦੇ 9,899 ਉਦਯੋਗਿਕ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਨ੍ਹਾਂ ਨਾਲ 6,16,436 ਰੁਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਸੰਭਾਵਨਾ ਹੈ।
ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵਿੱਚ 16,316, ਗ੍ਰਹਿ ਮਾਮਲੇ ਵਿਭਾਗ ਵਿੱਚ 14,723, ਬਿਜਲੀ ਵਿਭਾਗ ਵਿੱਚ 8,706, ਸਥਾਨਕ ਸਰਕਾਰ ਵਿਭਾਗ ਵਿੱਚ 5,681 ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ 4,758 ਭਰਤੀਆਂ ਕੀਤੀਆਂ ਗਈਆਂ ਹਨ।
ਧਾਲੀਵਾਲ ਨੇ ਕਿਹਾ ਕਿ ਪਹਿਲਾਂ ਸਰਕਾਰੀ ਭਰਤੀਆਂ ਸਿਫ਼ਾਰਸ਼ਾਂ ਅਤੇ ਭ੍ਰਿਸ਼ਟਾਚਾਰ ਨਾਲ ਪ੍ਰਭਾਵਿਤ ਰਹਿੰਦੀਆਂ ਸਨ, ਪਰ ਮੌਜੂਦਾ ਸਰਕਾਰ ਨੇ ਪਾਰਦਰਸ਼ੀ ਪ੍ਰੀਖਿਆਵਾਂ ਅਤੇ ਨਿਰਪੱਖ ਚੋਣ ਪ੍ਰਕਿਰਿਆ ਰਾਹੀਂ ਇਸ ਪ੍ਰਣਾਲੀ ਵਿੱਚ ਸੁਧਾਰ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਿਰਫ਼ ਸਰਕਾਰੀ ਨੌਕਰੀਆਂ ਨਾਲ ਬੇਰੁਜ਼ਗਾਰੀ ਦਾ ਹੱਲ ਸੰਭਵ ਨਹੀਂ, ਇਸ ਲਈ ਉਦਯੋਗਿਕ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਵੀ ਲਾਜ਼ਮੀ ਹੈ।
ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਸਵੇਰੇ 10 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
