ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ ’ਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਸਬੰਧੀ ਬਣਾਈ 7 ਮੈਂਬਰੀ ਕਮੇਟੀ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਕਮੇਟੀ ਮੈਂਬਰਾਂ ਨਾਲ ਐਕਟ ਵਿੱਚ ਸੋਧਾਂ ਬਾਰੇ ਬਾਰੀਕੀ ਨਾਲ ਗੱਲਬਾਤ ਕੀਤੀ। ਦੋ ਘੰਟੇ ਦੇ ਕਰੀਬ ਚੱਲੀ ਮੀਟਿੰਗ ਵਿੱਚ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਹਰਨਾਮ ਸਿੰਘ ਖ਼ਾਲਸਾ, ਰਾਮਪੁਰ ਖੇੜਾ ਦੇ ਸੰਤ ਬਾਬਾ ਸੇਵਾ ਸਿੰਘ, ਸੇਵਾਮੁਕਤ ਜਸਟਿਸ ਜਸਪਾਲ ਸਿੰਘ, ਸੇਵਾਮੁਕਤ ਜਸਟਿਸ ਗੁਰਬੀਰ ਸਿੰਘ, ਸਾਬਕਾ ਆਈ ਪੀ ਐੱਸ ਅਧਿਕਾਰੀ ਅਤੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਐਡਵੋਕੇਟ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਵੱਲੋਂ ਤਜਵੀਜ਼ਸ਼ੁਦਾ ਸੋਧਾਂ ਦੀ ਸਮੀਖਿਆ ਕੀਤੀ ਜਾਵੇ ਅਤੇ ਅਕਾਲ ਤਖ਼ਤ ਵੱਲੋਂ ਬਣਾਏ ਪੈਨਲ ਨਾਲ ਮੀਟਿੰਗਾਂ ਕੀਤੀਆਂ ਜਾਣ ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਕਾਨੂੰਨ ਵਿੱਚ ਕੋਈ ਕਸਰ ਨਾ ਰਹੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਬੇਅਦਬੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨ ਬਣਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਪੰਜਾਬ ਵਿੱਚ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਅਤੇ ਭਾਰੀ ਜੁਰਮਾਨਾ ਲਗਾਇਆ ਜਾਵੇਗਾ। ਇਸ ਵਿੱਚ ਕੋਈ ਢਿੱਲ ਨਹੀਂ ਦਿੱਤੀ ਜਾਵੇਗੀ। ਇਸ ਕਾਨੂੰਨ ਨੇ ਬੇਅਦਬੀ ਦੀਆਂ ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ਨੂੰ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਮਕਸਦ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਯਕੀਨੀ ਬਣਾਉਣਾ ਹੈ ਤਾਂ ਜੋ ਕੋਈ ਵੀ ਵਿਅਕਤੀ ਕਦੇ ਵੀ ਅਜਿਹਾ ਗੰਭੀਰ ਅਪਰਾਧ ਕਰਨ ਦੀ ਹਿੰਮਤ ਨਾ ਕਰ ਸਕੇ।
