ਜਲੰਧਰ: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਵਿਦਿਆਰਥੀਆਂ ਦੇ ਪ੍ਰਦਰਸ਼ਨ ਨੂੰ ਲੈ ਕੇ ਮਾਮਲਾ ਗਰਮਾਇਆ ਹੋਇਆ ਹੈ। ਇਸੇ ਦੌਰਾਨ ਅੱਜ ਪੰਜਾਬ ਦੇ DGP ਗੌਰਵ ਯਾਦਵ ਖੁਦ LPU ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਹਿੰਸਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
DGP ਗੌਰਵ ਯਾਦਵ ਨੇ ਕਿਹਾ ਕਿ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਮੈਨੇਜਮੈਂਟ ਵਿਚਕਾਰ ਅੱਜ ਮੁੜ ਮੀਟਿੰਗ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਖ਼ਰਾਬ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਵਿੱਚ ਭਾਵੇਂ ਕੋਈ ਵੱਡਾ ਅਧਿਕਾਰੀ ਹੀ ਕਿਉਂ ਨਾ ਸ਼ਾਮਲ ਹੋਵੇ, ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।
DGP ਨੇ ਪੁਲਿਸ ਕਮਿਸ਼ਨਰ ਅਤੇ SSP ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇ ਅਤੇ ਜੋ ਵੀ ਦੋਸ਼ੀ ਪਾਇਆ ਜਾਂਦਾ ਹੈ, ਉਸ ਨੂੰ ਬਖ਼ਸ਼ਿਆ ਨਾ ਜਾਵੇ। ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੀਆਂ ਗੱਲਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦੀ ਮੈਨੇਜਮੈਂਟ ਨਾਲ ਗੱਲਬਾਤ ਵੀ ਕਰਵਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਕਾਫ਼ੀ ਗਿਣਤੀ ਵਿੱਚ ਵਿਦਿਆਰਥੀ ਬਾਹਰ ਆ ਗਏ ਸਨ ਅਤੇ ਉਨ੍ਹਾਂ ਵੱਲੋਂ ਤੋੜਫੋੜ ਕੀਤੀ ਗਈ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਪੁਲਿਸ ਅਤੇ ਮੀਡੀਆ ‘ਤੇ ਵੀ ਹਮਲਾ ਕੀਤਾ ਗਿਆ। DGP ਨੇ ਕਿਹਾ ਕਿ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
DGP ਨੇ ਕਿਹਾ ਕਿ ਬੀਤੇ ਦਿਨ ਵਿਦਿਆਰਥੀਆਂ ਨਾਲ ਗੱਲਬਾਤ ਤੋਂ ਬਾਅਦ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਮਾਮਲਾ ਸ਼ਾਂਤ ਕਰਵਾਇਆ ਸੀ ਅਤੇ FIR ਵੀ ਦਰਜ ਕੀਤੀ ਗਈ ਸੀ। ਪਰ ਦੇਰ ਰਾਤ ਕੁਝ ਸ਼ਰਾਰਤੀ ਅਨਸਰਾਂ ਨੇ ਮਾਹੌਲ ਖ਼ਰਾਬ ਕਰ ਦਿੱਤਾ ਅਤੇ ਪੁਲਿਸ ਅਤੇ ਮੀਡੀਆ ਦੀਆਂ ਗੱਡੀਆਂ ‘ਤੇ ਪਥਰਾਅ ਕੀਤਾ ਗਿਆ।
DGP ਗੌਰਵ ਯਾਦਵ ਨੇ ਮੈਨੇਜਮੈਂਟ ਤੋਂ ਵਿਦਿਆਰਥੀਆਂ ਦੇ ਮਸਲੇ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ ‘ਤੇ ਧਿਆਨ ਨਾ ਦੇਣ। ਇਸ ਦੇ ਨਾਲ ਹੀ ਉਨ੍ਹਾਂ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਮਾਮਲੇ ਨਾਲ ਸਬੰਧਤ ਸਹੀ ਅਤੇ ਤੱਥਾਂ ‘ਤੇ ਆਧਾਰਿਤ ਖ਼ਬਰ ਹੀ ਪ੍ਰਕਾਸ਼ਿਤ ਕੀਤੀ ਜਾਵੇ।
