ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਪਾਸ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦਗਾਰ ਸਾਬਤ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ, ਪਵਿੱਤਰਤਾ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਪੰਜਾਬ ਸਰਕਾਰ ਦਾ ਮੁੱਢਲਾ ਫਰਜ਼ ਹੈ। ਇਸ ਵਿੱਚ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਵੇਗੀ। ਇਸ ਮੌਕੇ ਬਾਬਾ ਲੱਖਾ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਮੁੱਚੀ ਮਨੁੱਖਤਾ ਅਤੇ ਖਾਸ ਤੌਰ ’ਤੇ ਸਿੱਖ ਪੰਥ ਦੀ ਕੀਤੀ ਗਈ ਸੇਵਾ ਬਦਲੇ ਸਨਮਾਨ ਵਜੋਂ ਸਿਰੋਪਾਓ ਭੇਟ ਕੀਤਾ।
