ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਨਿਯੁਕਤ ਕੀਤੇ ਗਏ ਸਾਬਕਾ ਹਾਕੀ ਕਪਤਾਨ ਅਤੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੇ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਸੋਸ਼ਲ ਮੀਡੀਆ ਰਾਹੀਂ ਦਿੱਤੀ। ਕਾਂਗਰਸ ਨੇ ਸ਼ੁੱਕਰਵਾਰ ਨੂੰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੀ ਕਮਾਨ ਸੌਂਪੀ ਸੀ।
ਪਰਗਟ ਸਿੰਘ ਨੇ ਫੇਸਬੁੱਕ ਪੋਸਟ ਰਾਹੀਂ ਕਾਂਗਰਸ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਉਨ੍ਹਾਂ ਲਈ ਸਿਰਫ਼ ਇੱਕ ਅਹੁਦਾ ਨਹੀਂ, ਸਗੋਂ ਪੰਜਾਬ ਦੇ ਲੋਕਾਂ ਅਤੇ ਪਾਰਟੀ ਦੇ ਹਰੇਕ ਵਰਕਰ ਪ੍ਰਤੀ ਇੱਕ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਕੇਸੀ ਵੇਣੂਗੋਪਾਲ, ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਸਾਰੇ ਸੀਨੀਅਰ ਕਾਂਗਰਸੀ ਆਗੂਆਂ ਵੱਲੋਂ ਉਨ੍ਹਾਂ ’ਤੇ ਭਰੋਸਾ ਜਤਾਉਣ ਲਈ ਦਿਲੋਂ ਧੰਨਵਾਦ ਕੀਤਾ।
ਪੰਜਾਬ ਤੋਂ ਛੇ ਲੱਖ ਮੀਟ੍ਰਿਕ ਟਨ ਚੌਲ ਤੇ 15 ਲੱਖ ਮੀਟ੍ਰਿਕ ਟਨ ਕਣਕ ਕੇਂਦਰ ਤੁਰੰਤ ਚੁੱਕੋ : ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਲਿਖਿਆ ਪੱਤਰ
ਪਰਗਟ ਸਿੰਘ ਨੇ ਕਿਹਾ ਕਿ ਉਹ ਪੂਰੀ ਇਮਾਨਦਾਰੀ, ਸਮਰਪਣ ਅਤੇ ਦ੍ਰਿੜਤਾ ਨਾਲ ਪੰਜਾਬ ਵਿੱਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣਨ ਦੀ ਹੋਵੇਗੀ।
ਨਵ-ਨਿਯੁਕਤ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਰੇ ਮਿਲ ਕੇ ਪੰਜਾਬ ਦੇ ਹੱਕਾਂ, ਤਰੱਕੀ ਅਤੇ ਬਿਹਤਰ ਭਵਿੱਖ ਲਈ ਕੰਮ ਕਰਨ।
ਪਰਗਟ ਸਿੰਘ ਦੀ ਨਿਯੁਕਤੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿੱਚ ਹੋਏ ਵੱਡੇ ਸੰਗਠਨਾਤਮਕ ਬਦਲਾਅ ਵਜੋਂ ਦੇਖਿਆ ਜਾ ਰਿਹਾ ਹੈ।
