ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਨਸ਼ਿਆਂ ਦੇ ਖ਼ਿਲਾਫ਼ ਜਾਰੀ ਜੰਗ ਦਾ ਜ਼ਿਕਰ ਕਰਦਿਆਂ ਸ਼ਨੀਵਾਰ ਨੂੰ ਕਿਹਾ ਕਿ ਇਸ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੁਲਿਸ ਵਿੱਚ 10,000 ਨਵੀਆਂ ਭਰਤੀਆਂ ਕੀਤੀਆਂ ਜਾਣਗੀਆਂ। ਫਿਲੌਰ ਸਥਿਤ ਮਹਾਰਾਜਾ ਰਣਜੀਤ ਸਿੰਘ ਅਕਾਦਮੀ ਵਿੱਚ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਇਹ ਗੱਲ ਕਹੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੁਲਿਸ ਨੂੰ ਨਸ਼ਿਆਂ ਦੇ ਖ਼ਿਲਾਫ਼ ਹਰ ਜਾਇਜ਼ ਕਾਰਵਾਈ ਕਰਨ ਦੀ ਪੂਰੀ ਖੁੱਲ੍ਹ ਹੈ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਪਿੰਡਾਂ ਅਤੇ ਕਸਬਿਆਂ ਵਿੱਚ ਜਾ ਕੇ ਲੋਕਾਂ ਨੂੰ ਨਾਲ ਜੋੜਨ ਅਤੇ ਇਸ ਸਮੱਸਿਆ ਦੇ ਖ਼ਿਲਾਫ਼ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਦੇ ਵਿਰੁੱਧ’ ਹੁਣ ਪੂਰੇ ਪੰਜਾਬ ਵਿੱਚ ਜਨ-ਜਾਗਰੂਕਤਾ ਦਾ ਅੰਦੋਲਨ ਬਣ ਗਿਆ ਹੈ। ਮਾਨ ਨੇ ਦੱਸਿਆ ਕਿ ਪੁਲਿਸ ਫੋਰਸ ਵਿੱਚ ਜਲਦੀ ਹੀ 450 ਸਹਾਇਕ ਸਬ-ਇੰਸਪੈਕਟਰਾਂ ਅਤੇ 3,400 ਪੁਲਿਸ ਕਰਮਚਾਰੀਆਂ ਦੀ ਭਰਤੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਪੁਲਿਸ ਫੋਰਸ ਦਾ ਵਿਸਥਾਰ ਕਰਨ ਦੇ ਨਾਲ-ਨਾਲ ਉਸ ਦਾ ਆਧੁਨਿਕੀਕਰਨ ਵੀ ਕਰ ਰਹੀ ਹੈ। ਉਨ੍ਹਾਂ ਕਿਹਾ, “ਅਸੀਂ 450 ਏ.ਐੱਸ.ਆਈ. ਦੀ ਸਿੱਧੀ ਭਰਤੀ ਕਰ ਰਹੇ ਹਾਂ। ਲਗਭਗ 3,400 ਭਰਤੀ ਕੀਤੇ ਗਏ ਪੁਲਿਸ ਕਰਮਚਾਰੀ ਫਿਲਹਾਲ ਸਿਖਲਾਈ (ਟ੍ਰੇਨਿੰਗ) ਲੈ ਰਹੇ ਹਨ, ਜਦਕਿ ਅਗਲੇ ਵਿੱਤੀ ਸਾਲ ਵਿੱਚ ਪੁਲਿਸ ਦੇ 10,000 ਵਾਧੂ ਅਹੁਦਿਆਂ ਲਈ ਇਸ਼ਤਿਹਾਰ ਜਾਰੀ ਕਰਨ ਦੀ ਤਜਵੀਜ਼ ਹੈ।” ਮੁੱਖ ਮੰਤਰੀ ਮਾਨ ਨੇ ਕਿਹਾ ਕਿ ਰਾਜ ਸਰਕਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਐੱਨ.ਡੀ.ਪੀ.ਐੱਸ. ਐਕਟ ਨੂੰ ਹੋਰ ਸਖ਼ਤ ਬਣਾਉਣ ਦੇ ਸਬੰਧ ਵਿੱਚ ਕੇਂਦਰ ਸਰਕਾਰ ਨਾਲ ਵੀ ਚਰਚਾ ਕਰ ਰਹੀ ਹੈ।
