ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ; ਹੁਣ ਸਵੇਰ ਅਤੇ ਰਾਤ ਵੇਲੇ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਅੱਜ ਐਤਵਾਰ (11 ਅਕਤੂਬਰ) ਨੂੰ ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ। ਜੈਤੋਂ ਤੋਂ ਮੀਂਹ ਪੈਣ ਦੀਆਂ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਮੌਸਮ ਵਿਭਾਗ ਨੇ ਅੱਜ ਕਈ ਥਾਈਂ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ।
ਇਸ ਦੇ ਨਾਲ ਹੀ, ਚੰਡੀਗੜ੍ਹ ਵਿੱਚ ਅਸਮਾਨ ਅੰਸ਼ਕ ਤੌਰ ‘ਤੇ ਬੱਦਲਵਾਈ ਵਾਲਾ ਰਹੇਗਾ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਅਨੁਸਾਰ ਪੰਜਾਬ ਵਿਚ ਵੱਧ ਤੋਂ ਵੱਧ ਤਾਪਮਾਨ ਵਿੱਚ 1.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਹੁਣ ਆਮ ਨਾਲੋਂ 2.1 ਡਿਗਰੀ ਹੇਠਾਂ ਆ ਗਿਆ ਹੈ। ਸਭ ਤੋਂ ਵੱਧ ਤਾਪਮਾਨ 33.5 ਡਿਗਰੀ ਬਠਿੰਡਾ ਵਿੱਚ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ, ਪੰਜਾਬ ਦੇ ਅੱਠ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ, ਰੂਪਨਗਰ ਅਤੇ ਮੋਹਾਲੀ ਵਿੱਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕੁਝ ਥਾਵਾਂ ‘ਤੇ ਬਾਰਿਸ਼ ਹੋਣ ਦੀ ਉਮੀਦ ਹੈ।
ਮੌਸਮ ਵਿਭਾਗ ਨੇ 12 ਅਕਤੂਬਰ ਨੂੰ ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਬਦਲਣ ਅਤੇ ਬਿਜਲੀ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ਦੇ ਕੁਝ ਹਿੱਸਿਆਂ ਵਿਚ ਬਿਜਲੀ ਡਿੱਗਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਦਕਿ ਹਵਾ ਦੀ ਗਤੀ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਵੀ ਪਹੁੰਚ ਸਕਦੀ ਹੈ। ਚੰਡੀਗੜ੍ਹ ਵਿਚ ਵੀ ਮੀਂਹ ਜਾਂ ਗਰਜ-ਚਮਕ ਨਾਲ ਮੀਂਹ ਪੈਣ ਦੀ ਉਮੀਦ ਹੈ। ਭਵਿੱਖਬਾਣੀ ਅਨੁਸਾਰ, 13 ਤੋਂ 15 ਅਕਤੂਬਰ ਦਰਮਿਆਨ ਪੰਜਾਬ ਦੇ ਕੁਝ ਇਲਾਕਿਆਂ ਵਿਚ ਹਲਕੀ ਬਾਰਿਸ਼ ਵੀ ਹੋ ਸਕਦੀ ਹੈ।
ਮੌਸਮ ਵਿਭਾਗ ਅਨੁਸਾਰ, ਹਰਿਆਣਾ ਅਤੇ ਨਾਲ ਲੱਗਦੇ ਇਲਾਕਿਆਂ ਦੇ ਉਪਰਲੇ ਵਾਯੂਮੰਡਲ ਵਿਚ ਇਕ ਚੱਕਰਵਾਤੀ ਘੇਰਾ ਬਣਿਆ ਹੋਇਆ ਹੈ। ਇਸ ਦੇ ਨਾਲ ਹੀ, ਹਿਮਾਚਲ ਪ੍ਰਦੇਸ਼ ਵਿਚ ਇਸ ਸਮੇਂ ਇੱਕ ‘ਪੱਛਮੀ ਗੜਬੜੀ’ ਸਰਗਰਮ ਹੈ। ਮੌਸਮ ਦੀਆਂ ਇਹ ਸਥਿਤੀਆਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਲਈ ਅਨੁਕੂਲ ਮਾਹੌਲ ਬਣਾ ਰਹੀਆਂ ਹਨ। ਪੰਜਾਬ ਵਿਚ ਬਿਜਲੀ ਦੀ ਮੰਗ 9,914 ਮੈਗਾਵਾਟ ਦਰਜ ਕੀਤੀ ਗਈ। ਰਾਜ ਨੇ 5,204 ਮੈਗਾਵਾਟ ਬਿਜਲੀ ਦਾ ਉਤਪਾਦਨ ਕੀਤਾ।
