ਕਿਸਾਨ ਮਜ਼ਦੂਰ ਮੋਰਚੇ (ਕੇ ਐੱਮ ਐੱਮ) ਨੇ ਪੰਜਾਬ ਸਰਕਾਰ ’ਤੇ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਸਬੰਧਤ ਮੰਗਾਂ ਨੂੂੰ 15 ਅਕਤੂਬਰ ਤੱਕ ਪੂਰਾ ਕਰਨ ਦਾ ਵਾਅਦਾ ਕਰ ਕੇ ਪਿੱਛੇ ਹਟਣ ਦੇ ਦੋਸ਼ ਲਾਏ ਹਨ। ਇਸ ਦੇ ਨਾਲ ਹੀ ਕਿਸਾਨ ਮਜ਼ਦੂਰ ਮੋਰਚੇ (ਕੇ ਐੱਮ ਐੱਮ) ਨੇ ਸੂਬਾ ਸਰਕਾਰ ਦੇ ਕਿਸਾਨ ਅਤੇ ਮਜ਼ਦੂਰ ਵਿਰੋਧੀ ਰਵੱਈਏ ਕਾਰਨ 7 ਦਸੰਬਰ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ।
ਇਹ ਐਲਾਨ ਅੱਜ ਸਰਵਣ ਸਿੰਘ ਪੰਧੇਰ, ਲਖਵਿੰਦਰ ਸਿੰਘ ਵਰਿਆਮ ਨੰਗਲ, ਬਲਵੰਤ ਸਿੰਘ ਬਹਿਰਾਮਕੇ, ਬਲਦੇਵ ਸਿੰਘ ਜ਼ੀਰਾ, ਲਖਬੀਰ ਸਿੰਘ ਅਤੇ ਬਲਕਾਰ ਸਿੰਘ ਬੈਂਸ ਸਣੇ ਹੋਰਨਾਂ ਆਗੂਆਂ ਨੇ ਚੰਡੀਗੜ੍ਹ ਕਿਸਾਨ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨੇ ਜਾਣ ਦੇ ਬਾਵਜੂਦ ਲਾਗੂ ਨਹੀਂ ਕੀਤਾ ਹੈ। ਇਸੇ ਲਈ ਮੋਰਚੇ ਵੱਲੋਂ ਸੂਬਾ ਸਰਕਾਰ ਵਿਰੁੱਧ ਸੰਘਰਸ਼ ਤੇਜ਼ ਕੀਤਾ ਜਾਵੇਗਾ। ਸੂਬਾ ਸਰਕਾਰ ਹਾਲੇ ਵੀ 7 ਦਸੰਬਰ ਤੋਂ ਪਹਿਲਾਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਦਾ ਨਿਬੇੜਾ ਕਰ ਕੇ ਹੱਲ ਕੱਢ ਸਕਦੀ ਹੈ।
