ਜ਼ਿਲ੍ਹਾ ਬਰਨਾਲਾ ਦੇ ਪਿੰਡ ਕੱਟੂ ਦਾ ਨੌਜਵਾਨ ਕਿਸਾਨ ਸੰਦੀਪ ਸਿੰਘ ਪੁੱਤਰ ਲਾਭ ਸਿੰਘ ਪਿਛਲੇ ਕਰੀਬ ਸੱਤ ਸਾਲਾਂ ਤੋਂ ਅਪਣੇ ਖੇਤਾਂ ’ਚ ਪਰਾਲੀ ਦਾ ਵਾਤਾਵਰਨ ਪੱਖੀ ਨਿਬੇੜਾ ਕਰ ਰਿਹਾ ਹੈ। ਕਿਸਾਨ ਪਿਉ-ਪੁੱਤ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਮਸ਼ੀਨਰੀ ਦੀ ਮੱਦਦ ਨਾਲ ਇਸ ਦਾ ਸੁਚੱਜਾ ਪ੍ਰਬੰਧਨ ਕਰ ਕੇ ਵਾਤਾਵਰਨ ਦੀ ਸੰਭਾਲ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ’ਚ ਵੀ ਯੋਗਦਾਨ ਪਾ ਰਹੇ ਹਨ। ਕਿਸਾਨ ਸੰਦੀਪ ਸਿੰਘ (32) ਪੁੱਤਰ ਲਾਭ ਸਿੰਘ (58) ਵਾਸੀ ਕੱਟੂ ਨੇ ਦਸਿਆ ਕਿ ਉਹ ਬੀ.ਟੈੱਕ ਪਾਸ ਹੈ।
ਪਰਾਲੀ ਸਾੜਨ ਕਾਰਨ ਵਾਤਾਵਰਨ, ਮਿੱਟੀ ਦੀ ਗੁਣਵੱਤਾ ਤੇ ਜੀਵ-ਜੰਤੂਆਂ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਹੋਣ ਕਰ ਕੇ ਉਨ੍ਹਾਂ ਨੇ ਕਰੀਬ ਸੱਤ ਸਾਲ ਪਹਿਲਾਂ ਹੀ ਪਰਾਲੀ ਨੂੰ ਅੱਗ ਲਗਾਉਣੀ ਛੱਡ ਦਿਤੀ ਸੀ। ਉਦੋਂ ਤੋਂ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜੇ ਢੰਗ ਨਾਲ ਪ੍ਰਬੰਧਨ ਕਰ ਰਹੇ ਹਨ। ਉਨ੍ਹਾਂ ਦਸਿਆ ਕਿ ਉਹ ਛੇ ਕਿੱਲੇ ਜ਼ਮੀਨ ’ਚ ਖੇਤੀ ਕਰਦੇ ਹਨ। ਪਿਛਲੇ ਸਾਲਾਂ ਦੌਰਾਨ ਉਹ ਪਰਾਲੀ ਦੀਆਂ ਗੱਠਾਂ ਬਣਵਾ ਕੇ ਇਸ ਦਾ ਨਿਬੇੜਾ ਕਰਦੇ ਰਹੇ ਹਨ। ਇਸ ਵਾਰ ਉਨ੍ਹਾਂ ਨੇ ਸੁਪਰ ਐਸ.ਐਮ.ਐਸ. ਲੱਗੀ ਕੰਬਾਈਨ ਨਾਲ ਝੋਨੇ ਦੀ ਕਟਾਈ ਕਰਵਾਈ।
ਇਸ ਤੋਂ ਬਾਅਦ ਮਲਚਰ ਦੀ ਮੱਦਦ ਨਾਲ ਪਰਾਲੀ ਨੂੰ ਖੇਤ ’ਚ ਹੀ ਕੁਤਰ ਕੇ ਮਿੱਟੀ ’ਚ ਮਿਲਾ ਦਿਤਾ। ਹੁਣ ਉਹ ਸੁਪਰ ਸੀਡਰ ਦੀ ਵਰਤੋਂ ਕਰ ਕੇ ਕਣਕ ਦੀ ਬਿਜਾਈ ਕਰਨਗੇ। ਸੰਦੀਪ ਸਿੰਘ ਨੇ ਕਿਹਾ ਕਿ ਪਰਾਲੀ ਦਾ ਖੇਤ ’ਚ ਹੀ ਪ੍ਰਬੰਧਨ ਕਰਨ ਨਾਲ ਉਨ੍ਹਾਂ ਨੂੰ ਹੁਣ ਤਕ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਿਆ ਤੇ ਫ਼ਸਲਾਂ ਦਾ ਝਾੜ ਵੀ ਵਧੀਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਉਪਲਬਧ ਖੇਤੀ ਮਸ਼ੀਨਰੀ ਦੀ ਵਰਤੋਂ ਕਰ ਕੇ ਇਸ ਦਾ ਢੁਕਵਾਂ ਨਿਬੇੜਾ ਕਰਨਾ ਚਾਹੀਦਾ ਹੈ।
ਉਨ੍ਹਾਂ ਖ਼ਾਸ ਤੌਰ ’ਤੇ ਛੋਟੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਦੇ ਸੁਚੱਜੇ ਤਰੀਕੇ ਅਪਨਾਉਣ ਲਈ ਅੱਗੇ ਆਉਣ। ਇਸ ਮੌਕੇ ਏ.ਆਰ (ਸਹਿਕਾਰੀ ਸੁਸਾਇਟੀ) ਬਰਨਾਲਾ ਗੁਰਪ੍ਰੀਤ ਕੌਰ ਨੇ ਅਪਣੀ ਟੀਮ ਸਮੇਤ ਕਿਸਾਨ ਲਾਭ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ ਤੇ ਉੱਥੇ ਪਰਾਲੀ ਪ੍ਰਬੰਧਨ ਦੇ ਤਰੀਕਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਦਸਿਆ ਕਿ ਕਿਸਾਨ ਲਾਭ ਸਿੰਘ ਵਲੋਂ ਸਹਿਕਾਰੀ ਸੁਸਾਇਟੀ ਰਾਹੀਂ ਮੁਹੱਈਆ ਕਰਵਾਏ ਗਏ ਮਲਚਰ ਦੀ ਵਰਤੋਂ ਕਰ ਕੇ ਪਰਾਲੀ ਦੀ ਮਲਚਿੰਗ ਕੀਤੀ ਗਈ ਹੈ।
ਇਸ ਤਰੀਕੇ ਨਾਲ ਫ਼ਸਲਾਂ ਦੀ ਰਹਿੰਦ-ਖੂੰਹਦ ਖੇਤ ’ਚ ਹੀ ਮਿਲ ਜਾਂਦੀ ਹੈ, ਜਿਸ ਨਾਲ ਮਿੱਟੀ ’ਚ ਜੈਵਿਕ ਪਦਾਰਥਾਂ ਦੇ ਵਾਧੇ ਤੇ ਮਿੱਟੀ ਦੀ ਉਪਜਾਊ ਸ਼ਕਤੀ ’ਚ ਸੁਧਾਰ ਲਈ ਮੱਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਹਿਕਾਰੀ ਸੁਸਾਇਟੀਆਂ ਰਾਹੀਂ ਉਪਲਬਧ ਕਰਵਾਈ ਜਾ ਰਹੀ ਮਸ਼ੀਨਰੀ ਦਾ ਲਾਹਾ ਲੈਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ.ਏ.ਐਸ. ਨੇ ਕਿਸਾਨ ਲਾਭ ਸਿੰਘ ਤੇ ਉਨ੍ਹਾਂ ਦੇ ਪੁੱਤਰ ਸੰਦੀਪ ਸਿੰਘ ਵਲੋਂ ਕੀਤੇ ਜਾ ਰਹੇ ਵਾਤਾਵਰਨ ਪੱਖੀ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ਵਾਰ ਮਸ਼ੀਨਰੀ ਦੀ ਮੈਪਿੰਗ ਕੀਤੀ ਗਈ ਹੈ। ਜੇਕਰ ਕਿਸੇ ਕਿਸਾਨ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਪਿੰਡਾਂ ਵਿਚ ਨੋਡਲ ਅਫ਼ਸਰ ਵੀ ਲਗਾਏ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਤੇ ਮਸ਼ੀਨਰੀ ਤੇ ਤਕਨੀਕਾਂ ਦੀ ਵਰਤੋਂ ਕਰ ਕੇ ਪਰਾਲੀ ਦਾ ਵਾਤਾਵਰਨ ਪੱਖੀ ਨਿਬੇੜਾ ਕਰਨ।
