ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਣੀਆਂ ਦੇ ਮੁੱਦੇ ’ਤੇ ਆਪਣੀ ਸਰਕਾਰ ਦਾ ਪੱਖ ਰੱਖਦਿਆਂ ਇਸ ਨੂੰ ਸੂਬੇ ਲਈ ਬੇਹੱਦ ਅਹਿਮ ਮਸਲਾ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਹੱਕ ਦੇ ਪਾਣੀ ਦੀ ਇੱਕ-ਇੱਕ ਬੂੰਦ ਆਪਣੇ ਕੋਲ ਰੱਖਣ ਲਈ ਵਚਨਬੱਧ ਹੈ ਅਤੇ ਜੇਕਰ ਇਸ ਲਈ ਸੰਘਰਸ਼ ਕਰਨਾ ਪਿਆ ਤਾਂ ਸਰਕਾਰ ਪਿੱਛੇ ਨਹੀਂ ਹਟੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਲੰਮੇ ਸਮੇਂ ਤੋਂ ਖੇਡਾਂ ਵਿੱਚ ਮੋਹਰੀ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਪੰਜਾਬ ਦੇ ਖਿਡਾਰੀਆਂ ਨੂੰ ਆਪਣੇ ਸੂਬੇ ਵਿੱਚ ਹੀ ਅੰਤਰਰਾਸ਼ਟਰੀ ਪੱਧਰ ਦੇ ਟੂਰਨਾਮੈਂਟਾਂ ਵਿੱਚ ਖੇਡਣ ਦੇ ਮੌਕੇ ਮਿਲ ਰਹੇ ਹਨ ਅਤੇ ਉਹ ਦੇਸ਼ ਦਾ ਨਾਂ ਰੌਸ਼ਨ ਕਰ ਰਹੇ ਹਨ।
ਨਹਿਰੀ ਪਾਣੀ ਦੀ ਵਰਤੋਂ ਵਧਾਉਣ ਦਾ ਕੀਤਾ ਦਾਅਵਾ
ਪਾਣੀਆਂ ਦੇ ਮੁੱਦੇ ’ਤੇ ਬੋਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਪੰਜਾਬ ਦੀਆਂ ਨਹਿਰਾਂ ਦਾ 77 ਤੋਂ 78 ਫ਼ੀਸਦੀ ਪਾਣੀ ਅੱਗੇ ਲੰਘ ਜਾਂਦਾ ਸੀ। ਉਨ੍ਹਾਂ ਮੁਤਾਬਕ, ਸੂਬੇ ਵਿੱਚ ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ ਅਤੇ ਮੋਘਿਆਂ ਰਾਹੀਂ ਨਹਿਰੀ ਪਾਣੀ ਦੀ ਵਰਤੋਂ ਵਧਾਈ ਗਈ ਹੈ, ਤਾਂ ਜੋ ਪਾਣੀ ਨੂੰ ਬਾਹਰ ਜਾਣ ਤੋਂ ਰੋਕਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦੀ ਰਿਪੋਰਟ ਵਿੱਚ ਵੀ ਧਰਤੀ ਹੇਠਲੇ ਪਾਣੀ ਦੀ ਵਰਤੋਂ ਘਟਣ ਦਾ ਜ਼ਿਕਰ ਹੈ। ਉਨ੍ਹਾਂ ਮੁਤਾਬਕ, ਕੁਝ ਡਾਰਕ ਜ਼ੋਨ ਹੁਣ ਸੁਰੱਖਿਅਤ ਜ਼ੋਨ ਵੱਲ ਵਧ ਰਹੇ ਹਨ ਅਤੇ ਕਈ ਥਾਵਾਂ ’ਤੇ ਪਾਣੀ ਦਾ ਪੱਧਰ ਇੱਕ ਤੋਂ ਪੰਜ ਮੀਟਰ ਤੱਕ ਉੱਪਰ ਆਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰਾਂ ਦਾ ਮੁੱਖ ਮਕਸਦ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਹੁਣ 60 ਲੱਖ 80 ਹਜ਼ਾਰ ਏਕੜ ਜ਼ਮੀਨ ਨੂੰ ਸਿੰਚਾਈ ਲਈ ਪਾਣੀ ਮਿਲ ਰਿਹਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲੇ ਪਾਣੀ ਨੂੰ ਬਚਾਉਣਾ ਬੇਹੱਦ ਜ਼ਰੂਰੀ ਹੈ।
ਪੰਜਾਬ ਦੇ ਪਾਣੀਆਂ ਦੇ ਹੱਕ ਲਈ ਸੰਘਰਸ਼ ਕਰਨ ਦੀ ਗੱਲ
ਭਗਵੰਤ ਮਾਨ ਨੇ ਕਿਹਾ ਕਿ ਕਦੇ ਬੀ.ਬੀ.ਐੱਮ. ਨਾਲ ਜੁੜੇ ਮਸਲੇ ਅਤੇ ਕਦੇ ਰਾਜਸਥਾਨ ਨੂੰ ਪਾਣੀ ਦੇਣ ਦਾ ਮੁੱਦਾ ਚਰਚਾ ਵਿੱਚ ਆ ਜਾਂਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਆਪਣੇ ਹੱਕਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇਗਾ।
ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ
ਮੁੱਖ ਮੰਤਰੀ ਨੇ ਕਰਤਾਰਪੁਰ ਲਾਂਘੇ ਦਾ ਮੁੱਦਾ ਵੀ ਵਿਧਾਨ ਸਭਾ ਵਿੱਚ ਚੁੱਕਿਆ। ਉਨ੍ਹਾਂ ਕਿਹਾ ਕਿ ਲਾਂਘਾ ਮੁੜ ਖੋਲ੍ਹਿਆ ਜਾਣਾ ਚਾਹੀਦਾ ਹੈ, ਤਾਂ ਜੋ ਸਿੱਖ ਸੰਗਤ ਆਪਣੇ ਗੁਰੂਧਾਮ ਦੇ ਦਰਸ਼ਨ ਕਰ ਸਕੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਇਸ ਸਬੰਧੀ ਕੇਂਦਰ ਸਰਕਾਰ ਨੂੰ ਕਈ ਵਾਰ ਅਪੀਲ ਕਰ ਚੁੱਕੀ ਹੈ।
ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੀ ਰੱਖਿਆ ਪੱਖ
ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ 1,000 ਜਾਂ 1,500 ਰੁਪਏ ਮਿਲਣ ਨਾਲ ਕੋਈ ਔਰਤ ਅਮੀਰ ਨਹੀਂ ਹੋ ਜਾਵੇਗੀ, ਪਰ ਇਸ ਯੋਜਨਾ ਦਾ ਮਕਸਦ ਔਰਤਾਂ ਨੂੰ ਸਤਿਕਾਰ ਦੇਣਾ ਅਤੇ ਇਹ ਅਹਿਸਾਸ ਕਰਵਾਉਣਾ ਹੈ ਕਿ ਇਹ ਉਨ੍ਹਾਂ ਦਾ ਆਪਣਾ ਹੱਕ ਹੈ।
ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਵੱਲੋਂ ਸਰਕਾਰ ਦੀਆਂ ਯੋਜਨਾਵਾਂ ’ਤੇ ਸਵਾਲ ਚੁੱਕੇ ਜਾ ਰਹੇ ਹਨ, ਪਰ ਸਰਕਾਰ ਸਕਾਰਾਤਮਕ ਸੋਚ ਨਾਲ ਅੱਗੇ ਵਧੇਗੀ। ਭਗਵੰਤ ਮਾਨ ਨੇ ਕਿਹਾ ਕਿ ਚੋਣਾਂ ਵੀ ਸਕਾਰਾਤਮਕ ਮੁੱਦਿਆਂ ’ਤੇ ਲੜੀਆਂ ਜਾਣੀਆਂ ਚਾਹੀਦੀਆਂ ਹਨ, ਨਾ ਕਿ ਸਿਰਫ਼ ਆਲੋਚਨਾ ਅਤੇ ਨੁਕਤਾਚੀਨੀ ਦੀ ਸਿਆਸਤ ਨਾਲ।
