ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਭਾਰਤੀ ਚੋਣ ਕਮਿਸ਼ਨ (ECI) ਨੇ ਚੋਣ ਪ੍ਰਬੰਧਾਂ ਨਾਲ ਜੁੜੇ ਅਧਿਕਾਰੀਆਂ ਦੀਆਂ ਤਾਇਨਾਤੀਆਂ ਅਤੇ ਤਬਾਦਲਿਆਂ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਨੂੰ ਯਕੀਨੀ ਬਣਾਉਣਾ ਹੋਵੇਗਾ ਕਿ ਚੋਣ ਡਿਊਟੀ ਨਿਭਾਉਣ ਵਾਲੇ ਅਧਿਕਾਰੀ ਨਿਰਧਾਰਤ ਨਿਯਮਾਂ ਅਨੁਸਾਰ ਤਾਇਨਾਤ ਹੋਣ ਅਤੇ ਉਨ੍ਹਾਂ ਨੂੰ ਆਪਣੇ ਹੀ ਗ੍ਰਹਿ ਜ਼ਿਲ੍ਹੇ ਵਿੱਚ ਚੋਣਾਂ ਨਾਲ ਸਬੰਧਤ ਜ਼ਿੰਮੇਵਾਰੀਆਂ ਨਾ ਦਿੱਤੀਆਂ ਜਾਣ।
27 ਅਕਤੂਬਰ ਨੂੰ ਜਾਰੀ ਕੀਤੇ ਗਏ ਨਿਰਦੇਸ਼ਾਂ ਮੁਤਾਬਕ, ਜਿਹੜੇ ਅਧਿਕਾਰੀ ਪਿਛਲੇ ਚਾਰ ਸਾਲਾਂ ਦੌਰਾਨ ਕਿਸੇ ਜ਼ਿਲ੍ਹੇ ਵਿੱਚ ਤਿੰਨ ਸਾਲ ਦੀ ਤਾਇਨਾਤੀ ਪੂਰੀ ਕਰ ਚੁੱਕੇ ਹਨ ਜਾਂ 31 ਮਾਰਚ 2027 ਤੱਕ ਉਨ੍ਹਾਂ ਦੀ ਤਾਇਨਾਤੀ ਦੇ ਤਿੰਨ ਸਾਲ ਪੂਰੇ ਹੋ ਜਾਣਗੇ, ਉਨ੍ਹਾਂ ਦਾ ਸਬੰਧਤ ਜ਼ਿਲ੍ਹੇ ਤੋਂ ਤਬਾਦਲਾ ਕਰਨਾ ਲਾਜ਼ਮੀ ਹੋਵੇਗਾ।
ਪਿਛਲੀਆਂ ਚੋਣਾਂ ਵਾਲੇ ਹਲਕੇ ਵਿੱਚ ਮੁੜ ਤਾਇਨਾਤੀ ਨਹੀਂ ਹੋਵੇਗੀ
ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਚੋਣ ਪ੍ਰਕਿਰਿਆ ਨਾਲ ਜੁੜੇ ਕੁਝ ਅਹਿਮ ਅਧਿਕਾਰੀਆਂ ਨੂੰ ਪਿਛਲੀਆਂ ਵਿਧਾਨ ਸਭਾ ਚੋਣਾਂ ਜਾਂ ਉਸ ਤੋਂ ਬਾਅਦ ਹੋਈਆਂ ਜ਼ਿਮਨੀ ਚੋਣਾਂ ਵਾਲੇ ਹਲਕੇ ਜਾਂ ਜ਼ਿਲ੍ਹੇ ਵਿੱਚ ਮੁੜ ਤਾਇਨਾਤ ਨਹੀਂ ਕੀਤਾ ਜਾ ਸਕੇਗਾ।
ਇਸ ਨਿਯਮ ਦੇ ਦਾਇਰੇ ਵਿੱਚ ਜ਼ਿਲ੍ਹਾ ਚੋਣ ਅਧਿਕਾਰੀ (DEO), ਰਿਟਰਨਿੰਗ ਅਧਿਕਾਰੀ (RO), ਸਹਾਇਕ ਰਿਟਰਨਿੰਗ ਅਧਿਕਾਰੀ (ARO) ਅਤੇ ਨਿਰਧਾਰਤ ਪੁਲਿਸ ਅਧਿਕਾਰੀ ਸ਼ਾਮਲ ਹਨ। ਇਸ ਕਦਮ ਦਾ ਮਕਸਦ ਚੋਣਾਂ ਦੌਰਾਨ ਅਧਿਕਾਰੀਆਂ ਦੀ ਤਾਇਨਾਤੀ ਸਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣਾ ਹੈ।
ਇਨ੍ਹਾਂ ਅਧਿਕਾਰੀਆਂ ਨੂੰ ਮਿਲੇਗੀ ਤਬਾਦਲੇ ਤੋਂ ਛੋਟ
ਚੋਣ ਕਮਿਸ਼ਨ ਨੇ ਕੁਝ ਸ਼੍ਰੇਣੀਆਂ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਤਬਾਦਲੇ ਦੇ ਨਿਯਮਾਂ ਵਿੱਚ ਛੋਟ ਵੀ ਦਿੱਤੀ ਹੈ। 31 ਮਾਰਚ 2027 ਤੱਕ ਸੇਵਾਮੁਕਤ ਹੋਣ ਵਾਲੇ ਅਧਿਕਾਰੀਆਂ ਨੂੰ ਜ਼ਿਲ੍ਹੇ ਤੋਂ ਬਾਹਰ ਤਬਦੀਲ ਕਰਨ ਦੀ ਲੋੜ ਨਹੀਂ ਹੋਵੇਗੀ। ਹਾਲਾਂਕਿ, ਉਨ੍ਹਾਂ ਨੂੰ ਚੋਣਾਂ ਨਾਲ ਸਬੰਧਤ ਡਿਊਟੀਆਂ ਤੋਂ ਦੂਰ ਰੱਖਣਾ ਪਵੇਗਾ।
ਇਸੇ ਤਰ੍ਹਾਂ, ਚੋਣਾਂ ਦੇ ਕੰਮ ਨਾਲ ਸਿੱਧੇ ਤੌਰ ’ਤੇ ਸਬੰਧਤ ਨਾ ਹੋਣ ਵਾਲੇ ਡਾਕਟਰਾਂ, ਇੰਜੀਨੀਅਰਾਂ, ਅਧਿਆਪਕਾਂ, ਪ੍ਰਿੰਸੀਪਲਾਂ ਅਤੇ ਮੁੱਖ ਦਫ਼ਤਰਾਂ ਵਿੱਚ ਨਿਯਮਤ ਡਿਊਟੀ ਨਿਭਾਉਣ ਵਾਲੇ ਮੁਲਾਜ਼ਮਾਂ ਨੂੰ ਵੀ ਆਮ ਤੌਰ ’ਤੇ ਲਾਜ਼ਮੀ ਤਬਾਦਲੇ ਦੇ ਨਿਯਮਾਂ ਤੋਂ ਛੋਟ ਮਿਲੇਗੀ।
ਹਾਲਾਂਕਿ, ਜੇਕਰ ਕਿਸੇ ਅਧਿਕਾਰੀ ਜਾਂ ਮੁਲਾਜ਼ਮ ਵਿਰੁੱਧ ਪੱਖਪਾਤ ਕਰਨ ਸਬੰਧੀ ਕੋਈ ਠੋਸ ਸ਼ਿਕਾਇਤ ਮਿਲਦੀ ਹੈ, ਤਾਂ ਉਸ ਦੇ ਮਾਮਲੇ ਵਿੱਚ ਕਾਰਵਾਈ ਕੀਤੀ ਜਾ ਸਕਦੀ ਹੈ।
ਇਸ ਤੋਂ ਇਲਾਵਾ, ਸੇਵਾ ਵਿੱਚ ਵਾਧਾ ਲੈ ਕੇ ਕੰਮ ਕਰ ਰਹੇ ਜਾਂ ਮੁੜ ਨਿਯੁਕਤ ਕੀਤੇ ਗਏ ਅਧਿਕਾਰੀਆਂ ਨੂੰ ਚੋਣਾਂ ਨਾਲ ਸਬੰਧਤ ਡਿਊਟੀ ਸੌਂਪਣ ’ਤੇ ਵੀ ਰੋਕ ਲਗਾਈ ਗਈ ਹੈ।
30 ਨਵੰਬਰ ਤੱਕ ਦੇਣੀ ਹੋਵੇਗੀ ਪਾਲਣਾ ਰਿਪੋਰਟ
ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਨੂੰ 30 ਨਵੰਬਰ 2026 ਤੱਕ ਪਾਲਣਾ ਰਿਪੋਰਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਰਿਪੋਰਟ ਵਿੱਚ ਦੱਸਣਾ ਹੋਵੇਗਾ ਕਿ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਕੀ ਕਦਮ ਚੁੱਕੇ ਗਏ ਹਨ।
2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਾਰੀ ਕੀਤੇ ਗਏ ਇਨ੍ਹਾਂ ਨਿਰਦੇਸ਼ਾਂ ਰਾਹੀਂ ਚੋਣ ਕਮਿਸ਼ਨ ਨੇ ਅਧਿਕਾਰੀਆਂ ਦੀ ਤਾਇਨਾਤੀ ਨੂੰ ਨਿਯਮਾਂ ਅਨੁਸਾਰ ਕਰਨ ਅਤੇ ਚੋਣ ਪ੍ਰਬੰਧਾਂ ਦੀ ਤਿਆਰੀ ਸਮੇਂ ਸਿਰ ਪੂਰੀ ਕਰਨ ’ਤੇ ਜ਼ੋਰ ਦਿੱਤਾ ਹੈ। ਹੁਣ ਪੰਜਾਬ ਸਰਕਾਰ ਨੂੰ ਨਿਰਧਾਰਤ ਸਮੇਂ ਅੰਦਰ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਕੇ ਰਿਪੋਰਟ ਸੌਂਪਣੀ ਹੋਵੇਗੀ।
