ਚੋਣ ਕਮਿਸ਼ਨ ਦੀ ਮੌਜੂਦਾ ਸਰਗਰਮੀ ਅਤੇ ਚੋਣ ਪ੍ਰਕਿਰਿਆ ਦੀ ਠਰ੍ਹੰਮੀ ਚਾਲ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਸਿਰ ਹੋਣ ਦੀ ਹੀ ਸੰਭਾਵਨਾ ਹੈ। ਸਿਆਸੀ ਪਾਰਟੀਆਂ ਚੋਣ ਜ਼ਾਬਤਾ ਜਲਦੀ ਲਗਾਏ ਜਾਣ ਦੀ ਮੰਗ ਕਰ ਰਹੀਆਂ ਹਨ ਪਰ ਮੌਜੂਦਾ ਹਾਲਾਤ ਕਾਰਨ ਇਹ ਜਨਵਰੀ ਦੇ ਦੂਜੇ ਹਫ਼ਤੇ ਲੱਗਣ ਦੇ ਆਸਾਰ ਹਨ; ਹਾਲਾਂਕਿ ਪਿਛਲੀਆਂ ਚੋਣਾਂ ’ਚ ਚੋਣ ਜ਼ਾਬਤਾ ਦਸੰਬਰ ਦੇ ਅਖ਼ੀਰ ’ਚ ਵੀ ਲੱਗਦਾ ਰਿਹਾ ਹੈ। ਵਿਧਾਨ ਸਭਾ ਚੋਣਾਂ ਦੀ ਅਗਾਊਂ ਤਿਆਰੀ ਦੇ ਸਬੰਧ ’ਚ 27-28 ਅਕਤੂਬਰ ਨੂੰ ਚੋਣ ਕਮਿਸ਼ਨ ਦੇ ਵਫ਼ਦ ਨੇ ਸਮੀਖਿਆ ਵੀ ਕੀਤੀ ਹੈ।
ਪੰਜਾਬ ’ਚ ਅਗੇਤੀਆਂ ਚੋਣਾਂ ਹੋਣ ਦੀ ਚਰਚਾ ਹਾਲੇ ਵੀ ਘੱਟ ਨਹੀਂ ਹੋਈ। ਉਂਝ, ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅਗੇਤੀਆਂ ਚੋਣਾਂ ਹੋਣ ਦੀ ਗੱਲ ਆਖ ਕੇ ਇਸ ਚਰਚਾ ਦਾ ਮੁੱਢ ਬੰਨ੍ਹਿਆ ਸੀ। ਸੂਬੇ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (ਐੱਸ ਆਈ ਆਰ) ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਹੁਣ 12 ਨਵੰਬਰ ਤੋਂ ਸਪੈਸ਼ਲ ਸਮਰੀ ਰਿਵੀਜ਼ਨ (ਐੱਸ ਐੱਸ ਆਰ) ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। 12 ਨਵੰਬਰ ਨੂੰ ਖਰੜਾ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਹੋਵੇਗੀ ਅਤੇ 11 ਦਸੰਬਰ ਤੱਕ ਦਾਅਵੇ ਤੇ ਇਤਰਾਜ਼ ਦੇਣ ਦੀ ਪ੍ਰਕਿਰਿਆ ਚੱਲੇਗੀ।
