ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਦਿੱਲੀ ਦੇ ਜਵਾਹਰਲਾਲ ਨਹਿਰੂ (ਜੇ.ਐੱਲ.ਐੱਨ.) ਸਟੇਡੀਅਮ ਵਿਖੇ ਹੋਣ ਵਾਲੇ ਲਾਈਵ ਕੰਸਰਟ ਤੋਂ ਪਹਿਲਾਂ ਵਿਵਾਦ ਖੜ੍ਹਾ ਹੋ ਗਿਆ ਹੈ। ਦਿੱਲੀ ਬਾਲ ਕਮਿਸ਼ਨ (ਡੀ.ਸੀ.ਪੀ.ਸੀ.ਆਰ.) ਨੇ ਦਿਲਜੀਤ ਦੋਸਾਂਝ ਦੇ ਗੀਤਾਂ ਵਿੱਚ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਵਡਿਆਈ ਕਰਨ ਦੀ ਮਿਲੀ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੇ ਸਮਾਜਿਕ ਕਾਰਕੁਨ ਪ੍ਰੋਫ਼ੈਸਰ ਡਾ. ਪੰਡਿਤਰਾਓ ਧਰੇਨਾਵਰ ਨੇ 14 ਅਕਤੂਬਰ ਨੂੰ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਦਿਲਜੀਤ ਦੋਸਾਂਝ ਦੇ ਗੀਤਾਂ ਜਿਵੇਂ ਕਿ ‘ਪਟਿਆਲਾ ਪੈੱਗ’, ‘5 ਤਾਰਾ ਠੇਕੇ’ ਅਤੇ ‘ਜੀਭ/ਜੇਬ ਵਿਚੋਂ ਅਫ਼ੀਮ ਲੱਭੀਆਂ’ ਵਰਗੇ ਗਾਣਿਆਂ ਵਿੱਚ ਨਸ਼ਿਆਂ ਅਤੇ ਹਥਿਆਰਾਂ ਨੂੰ ਵਧਾਵਾ ਦਿੱਤਾ ਗਿਆ ਹੈ।
