ਮੁਹਾਲੀ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਵੱਲੋਂ ਸਾਲ 1992 ਦੇ ਇੱਕ ਬਹੁ-ਚਰਚਿਤ ਅਗਵਾ ਅਤੇ ਵਿਅਕਤੀ ਨੂੰ ਭੇਦਭਰੇ ਹਾਲਾਤਾਂ ਵਿੱਚ ਲਾਪਤਾ ਕਰਨ ਦੇ ਮਾਮਲੇ ਵਿੱਚ ਅੱਜ ਇੱਕ ਬਹੁਤ ਹੀ ਅਹਿਮ ਅਤੇ ਵੱਡਾ ਫੈਸਲਾ ਸੁਣਾਇਆ ਗਿਆ ਹੈ। ਅਦਾਲਤ ਨੇ ਪੰਜਾਬ ਪੁਲਿਸ ਦੇ ਸਾਬਕਾ ਐਸ.ਐਸ.ਪੀ. ਗੁਰਮੀਤ ਸਿੰਘ ਰੰਧਾਵਾ ਨੂੰ ਦੋਸ਼ੀ ਕਰਾਰ ਦਿੱਤਾ ਹੈ, ਜਦਕਿ ਮਾਮਲੇ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਪਰਮਿੰਦਰਜੀਤ ਸਿੰਘ, ਦੋ ਕਿ ਐਸਐਸਪੀ ਦਾ ਸੁਰੱਖਿਆ ਗਾਰਡ ਸੀ, ਨੂੰ ਸ਼ੱਕ ਦਾ ਲਾਭ ਦਿੰਦਿਆਂ ਬਰੀ ਕਰ ਦਿੱਤਾ ਗਿਆ ਹੈ।
ਪੀੜਤ ਪਰਿਵਾਰ ਵੱਲੋਂ ਇਸ ਕੇਸ ਦੀ ਪੈਰਵੀ ਕਰ ਰਹੇ ਵਕੀਲਾਂ ਐਡਵੋਕੇਟ ਸਰਬਜੀਤ ਸਿੰਘ, ਜਗਜੀਤ ਸਿੰਘ ਅਤੇ ਪੁਸ਼ਪਿੰਦਰ ਸਿੰਘ ਨੱਤ ਨੇ ਦੱਸਿਆ ਕਿ ਦੋਸ਼ੀ ਸਾਬਕਾ ਐਸਐਸਪੀ ਰੰਧਾਵਾ ਨੂੰ ਵੀਰਵਾਰ 12 ਨਵੰਬਰ ਨੂੰ ਸਜ਼ਾ ਸੁਣਾਈ ਜਾਵੇਗੀ। ਦੋਸ਼ੀ ਅਧਿਕਾਰੀ ਨੇ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਅਦਾਲਤ ‘ਚੋਂ ਰਿਕਾਰਡ ਵੀ ਗਾਇਬ ਕਰਵਾ ਦਿੱਤਾ ਪ੍ਰੰਤੂ ਅਦਾਲਤ ਦੀ ਸਖ਼ਤੀ ਤੋਂ ਬਾਅਦ ਨਵੇਂ ਸਿਰਿਓ ਗੁੰਮ ਕੀਤੇ ਜਾਂ ਕਰਵਾਏ ਰਿਕਾਰਡ ਵੀ ਨਵੀਂ ਫਾਈਲ ਤਿਆਰ ਕਰਵਾਈ ਗਈ।
ਇਹ ਮਾਮਲਾ 25 ਨਵੰਬਰ 1992 ਦਾ ਹੈ, ਜਦੋਂ ਲੁਧਿਆਣਾ ਦੇ ਪ੍ਰਸਿੱਧ ਟ੍ਰਾਂਸਪੋਰਟਰ ਅਮਰੀਕ ਸਿੰਘ ਸਕਰੀ ਨੂੰ ਲੁਧਿਆਣਾ ਵਿਖੇ ਇੱਕ ਵਿਆਹ ਸਮਾਗਮ ਦੇ ਦੌਰਾਨ ਪੁਲਿਸ ਟੀਮ ਵੱਲੋਂ ਜ਼ਬਰਦਸਤੀ ਚੁੱਕ ਲਿਆ ਗਿਆ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਉਸ ਤੋਂ ਬਾਅਦ ਅਮਰੀਕ ਸਿੰਘ ਸਕਰੀ ਦਾ ਕੋਈ ਪਤਾ ਨਹੀਂ ਲੱਗ ਸਕਿਆ ਅਤੇ ਉਹ ਭੇਦਭਰੇ ਹਾਲਾਤਾਂ ਵਿੱਚ ਲਾਪਤਾ ਹੋ ਗਏ।
