ਪੰਜਾਬ ਵਿੱਚ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਤਾਜ਼ਾ ਅਪਡੇਟ ਜਾਰੀ ਕਰਦਿਆਂ 5 ਅਗਸਤ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ, ਬਿਜਲੀ ਚਮਕਣ ਅਤੇ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ, 6 ਅਗਸਤ ਤੋਂ ਮੀਂਹ ਦੀ ਗਤੀਵਿਧੀ ਵਿੱਚ ਕਮੀ ਆਉਣ ਦੇ ਸੰਕੇਤ ਹਨ।
ਮੌਸਮ ਵਿਭਾਗ ਵੱਲੋਂ 3 ਤੋਂ 5 ਅਗਸਤ ਤੱਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਅਤੇ ਗਰਜ-ਤੂਫ਼ਾਨ ਤੇ ਬਿਜਲੀ ਚਮਕਣ ਸਮੇਂ ਖੁੱਲ੍ਹੀਆਂ ਥਾਵਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।
