ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿਚੋਤਾਣ ਦੇ ਦਰਮਿਆਨ ਪਾਰਟੀ ਦੇ ਪੰਜਾਬ ਇੰਚਾਰਜ ਭੂਪੇਸ਼ ਬਘੇਲ ਅੱਜ ਚੰਡੀਗੜ੍ਹ ਪਹੁੰਚਣਗੇ। ਉਨ੍ਹਾਂ ਦੇ ਇਸ ਦੌਰੇ ਨੂੰ ਕਾਂਗਰਸ ਲਈ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਅੰਦਰ ਸਿਆਸੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ।
ਜਾਣਕਾਰੀ ਮੁਤਾਬਕ ਭੂਪੇਸ਼ ਬਘੇਲ ਦੁਪਹਿਰ ਕਰੀਬ 3 ਵਜੇ ਚੰਡੀਗੜ੍ਹ ਪਹੁੰਚਣਗੇ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਵੱਖ-ਵੱਖ ਮੀਟਿੰਗਾਂ ਕਰਨਗੇ। ਉਮੀਦ ਕੀਤੀ ਜਾ ਰਹੀ ਹੈ ਕਿ ਉਹ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਵੀ ਮੁਲਾਕਾਤ ਕਰ ਸਕਦੇ ਹਨ।
ਪਿਛਲੇ ਕੁਝ ਦਿਨਾਂ ਤੋਂ ਪੰਜਾਬ ਕਾਂਗਰਸ ਵਿੱਚ ਅੰਦਰੂਨੀ ਮਤਭੇਦ ਖੁੱਲ੍ਹ ਕੇ ਸਾਹਮਣੇ ਆਏ ਹਨ। ਕਾਂਗਰਸ ਹਾਈਕਮਾਨ ਵੱਲੋਂ ਰਾਜਾ ਵੜਿੰਗ ਨੂੰ ਸੂਬਾ ਕਾਂਗਰਸ ਪ੍ਰਧਾਨ ਦੇ ਅਹੁਦੇ ‘ਤੇ ਬਰਕਰਾਰ ਰੱਖਣ ਅਤੇ ਚਰਨਜੀਤ ਸਿੰਘ ਚੰਨੀ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਉਣ ਤੋਂ ਬਾਅਦ ਸਿਆਸੀ ਹਲਚਲ ਹੋਰ ਤੇਜ਼ ਹੋ ਗਈ ਸੀ।
ਇਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਆਪਣੇ ਮੋਰਿੰਡਾ ਸਥਿਤ ਨਿਵਾਸ ‘ਤੇ ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਦੀ ਮੀਟਿੰਗ ਬੁਲਾਈ ਸੀ। ਮੀਟਿੰਗ ਵਿੱਚ ਪਾਰਟੀ ਨਾਲ ਜੁੜੇ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ ਅਤੇ ਹਾਈਕਮਾਨ ਤੱਕ ਆਪਣੀਆਂ ਚਿੰਤਾਵਾਂ ਪਹੁੰਚਾਉਣ ਦਾ ਫੈਸਲਾ ਕੀਤਾ ਗਿਆ।
ਦੂਜੇ ਪਾਸੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਸੀ ਕਿ ਇਸ ਮਾਮਲੇ ਨੂੰ ਬਿਨਾਂ ਵਜ੍ਹਾ ਵਿਵਾਦ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਪਾਰਟੀ ਦੇ ਹਰ ਆਗੂ ਨੂੰ ਅਨੁਸ਼ਾਸਨ ਵਿੱਚ ਰਹਿ ਕੇ ਆਪਣੀ ਗੱਲ ਰੱਖਣੀ ਚਾਹੀਦੀ ਹੈ।
ਹੁਣ ਸਾਰਿਆਂ ਦੀਆਂ ਨਜ਼ਰਾਂ ਭੂਪੇਸ਼ ਬਘੇਲ ਦੇ ਚੰਡੀਗੜ੍ਹ ਦੌਰੇ ‘ਤੇ ਟਿਕੀਆਂ ਹੋਈਆਂ ਹਨ। ਦੇਖਣਾ ਹੋਵੇਗਾ ਕਿ ਉਨ੍ਹਾਂ ਦੀਆਂ ਮੀਟਿੰਗਾਂ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਚੱਲ ਰਹੀ ਖਿਚੋਤਾਣ ਘਟਦੀ ਹੈ ਜਾਂ ਸਿਆਸੀ ਮਾਹੌਲ ਹੋਰ ਗਰਮ ਹੁੰਦਾ ਹੈ।
