ਪੰਜਾਬ ਦੀਆਂ ਲੱਖਾਂ ਮਹਿਲਾਵਾਂ ਦਾ ਇੰਤਜ਼ਾਰ ਹੁਣ ਖਤਮ ਹੋਣ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਵਾਅਦੇ ਅਨੁਸਾਰ 1 ਜੁਲਾਈ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਪਹਿਲੀ ਕਿਸ਼ਤ ਜਮ੍ਹਾਂ ਹੋਣੀ ਸ਼ੁਰੂ ਹੋ ਜਾਵੇਗੀ। ਇਸ ਯੋਜਨਾ ਅਧੀਨ ਯੋਗ ਮਹਿਲਾਵਾਂ ਨੂੰ ਤਿੰਨ ਮਹੀਨਿਆਂ ਦੀ ਰਕਮ ਇੱਕੋ ਵਾਰ ਦਿੱਤੀ ਜਾਵੇਗੀ।
ਸਰਕਾਰ ਪਹਿਲਾਂ ਹੀ ਐਲਾਨ ਕਰ ਚੁੱਕੀ ਹੈ ਕਿ ਅਨੁਸੂਚਿਤ ਜਾਤੀ (SC) ਨਾਲ ਸਬੰਧਤ ਮਹਿਲਾਵਾਂ ਨੂੰ ਹਰ ਮਹੀਨੇ 1,500 ਰੁਪਏ ਅਤੇ ਹੋਰ ਯੋਗ ਮਹਿਲਾਵਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਕਿਉਂਕਿ ਯੋਜਨਾ ਨੂੰ 1 ਅਪ੍ਰੈਲ 2026 ਤੋਂ ਲਾਗੂ ਮੰਨਿਆ ਗਿਆ ਹੈ, ਇਸ ਲਈ ਜੁਲਾਈ ਵਿੱਚ ਜਾਰੀ ਹੋਣ ਵਾਲੀ ਪਹਿਲੀ ਕਿਸ਼ਤ ਵਿੱਚ ਅਪ੍ਰੈਲ, ਮਈ ਅਤੇ ਜੂਨ—ਤਿੰਨ ਮਹੀਨਿਆਂ ਦੀ ਰਕਮ ਇਕੱਠੀ ਮਹਿਲਾਵਾਂ ਦੇ ਖਾਤਿਆਂ ਵਿੱਚ ਭੇਜੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਇਹ ਯੋਜਨਾ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਨੂੰ ਆਰਥਿਕ ਸਹਾਰਾ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਸਨਮਾਨ ਨੂੰ ਵੀ ਮਜ਼ਬੂਤ ਕਰੇਗੀ। ਉਨ੍ਹਾਂ ਦੱਸਿਆ ਕਿ ਯੋਜਨਾ ਦੀ ਤਿਆਰੀ ਲਗਭਗ ਪੂਰੀ ਹੋ ਚੁੱਕੀ ਹੈ ਅਤੇ ਹੁਣ ਇਸ ਦਾ ਲਾਭ ਮਹਿਲਾਵਾਂ ਤੱਕ ਪਹੁੰਚਣਾ ਸ਼ੁਰੂ ਹੋ ਜਾਵੇਗਾ।
ਸਰਕਾਰ ਮੁਤਾਬਕ ਇਸ ਸਕੀਮ ਦਾ ਲਾਭ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ ਨੂੰ ਮਿਲੇਗਾ। ਯੋਜਨਾ ਦਾ ਲਾਭ ਲੈਣ ਲਈ ਆਧਾਰ ਕਾਰਡ ਅਤੇ ਵੋਟਰ ਕਾਰਡ ਸਮੇਤ ਲੋੜੀਂਦੇ ਦਸਤਾਵੇਜ਼ ਹੋਣਾ ਲਾਜ਼ਮੀ ਹੈ।
ਇਸ ਯੋਜਨਾ ਨੂੰ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਕੀਤੇ ਮੁੱਖ ਵਾਅਦਿਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਹੁਣ ਪਹਿਲੀ ਕਿਸ਼ਤ ਜਾਰੀ ਹੋਣ ਨਾਲ ਸਰਕਾਰ ਆਪਣੇ ਇਸ ਵਾਅਦੇ ਨੂੰ ਅਮਲੀ ਰੂਪ ਦੇਣ ਵੱਲ ਵੱਡਾ ਕਦਮ ਚੁੱਕਣ ਜਾ ਰਹੀ ਹੈ।
