ਬਹਾਦੁਰਗੜ੍ਹ ਦੇ ਪਿੰਡ ਬਰਕਤਾਬਾਦ ਵਿੱਚ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਘਰ ਦੇ ਬਾਹਰ ਸੈਰ ਕਰ ਰਹੇ ਇੱਕ ਨੌਜਵਾਨ ਦਾ ਬਾਈਕ ਸਵਾਰ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ 29 ਸਾਲਾ ਨੀਰਜ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਨੀਰਜ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਆਪਣੇ ਘਰ ਦੇ ਬਾਹਰ ਸੈਰ ਕਰ ਰਿਹਾ ਸੀ। ਇਸੇ ਦੌਰਾਨ ਬਾਈਕ ‘ਤੇ ਸਵਾਰ ਤਿੰਨ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਆਪਣੀ ਜਾਨ ਬਚਾਉਣ ਲਈ ਨੀਰਜ ਕਰੀਬ 50 ਮੀਟਰ ਤੱਕ ਦੌੜਿਆ, ਪਰ ਹਮਲਾਵਰਾਂ ਨੇ ਉਸ ਦਾ ਪਿੱਛਾ ਕਰਦਿਆਂ ਲਗਾਤਾਰ ਫਾਇਰਿੰਗ ਕੀਤੀ।
ਗੋਲੀਆਂ ਲੱਗਣ ਕਾਰਨ ਨੀਰਜ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਕੇ ਜ਼ਮੀਨ ‘ਤੇ ਡਿੱਗ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਮੁੱਢਲੀ ਜਾਣਕਾਰੀ ਮੁਤਾਬਕ ਕਤਲ ਪਿੱਛੇ ਪੁਰਾਣੀ ਰੰਜਿਸ਼ ਜਾਂ ਗੈਂਗਵਾਰ ਦਾ ਐਂਗਲ ਦੱਸਿਆ ਜਾ ਰਿਹਾ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਮ੍ਰਿਤਕ ਨੀਰਜ ਖ਼ਿਲਾਫ਼ ਪਹਿਲਾਂ ਤੋਂ ਕਈ ਮਾਮਲੇ ਦਰਜ ਸਨ। ਹਾਲਾਂਕਿ ਕਤਲ ਦੇ ਅਸਲ ਕਾਰਨਾਂ ਦਾ ਪਤਾ ਪੁਲਿਸ ਜਾਂਚ ਤੋਂ ਬਾਅਦ ਹੀ ਲੱਗ ਸਕੇਗਾ।
ਪੁਲਿਸ ਵੱਲੋਂ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਹਮਲਾਵਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਸਕਦੀ ਹੈ। ਪੁਲਿਸ ਵੱਲੋਂ ਘਟਨਾ ਨਾਲ ਜੁੜੇ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
