ਕੈਨੇਡਾ ਦੇ ਮਾਂਟਰੀਅਲ ਸਥਿਤ ਲਾਸਾਲੇ ਗੁਰਦੁਆਰਾ ਸਾਹਿਬ ਵਿੱਚ ਗੁਰੂ ਦੀ ਗੋਲਕ ਦੇ ਹਿਸਾਬ-ਕਿਤਾਬ ਨੂੰ ਲੈ ਕੇ ਪ੍ਰਬੰਧਕ ਕਮੇਟੀ ਦੀ ਮੀਟਿੰਗ ਦੌਰਾਨ ਦੋ ਧਿਰਾਂ ਵਿਚਾਲੇ ਤਿੱਖਾ ਵਿਵਾਦ ਹੋ ਗਿਆ। ਬਹਿਸ ਵਧਣ ਤੋਂ ਬਾਅਦ ਮਾਮਲਾ ਹੱਥੋਪਾਈ ਤੱਕ ਪਹੁੰਚ ਗਿਆ ਅਤੇ ਮੀਟਿੰਗ ਹਾਲ ਵਿੱਚ ਹੰਗਾਮਾ ਹੋਇਆ।
ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ CCTV ਫੁਟੇਜ ਵਿੱਚ ਦਿਖਾਈ ਦਿੰਦਾ ਹੈ ਕਿ ਮੀਟਿੰਗ ਦੌਰਾਨ ਇੱਕ ਮੈਂਬਰ ਵੱਲੋਂ ਗੋਲਕ ਦੇ ਹਿਸਾਬ ਬਾਰੇ ਸਵਾਲ ਪੁੱਛੇ ਜਾਣ ‘ਤੇ ਵਿਵਾਦ ਸ਼ੁਰੂ ਹੋਇਆ। ਇਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਧੱਕਾ-ਮੁੱਕੀ ਅਤੇ ਹੱਥੋਪਾਈ ਹੋਈ। ਵੀਡੀਓ ਵਿੱਚ ਇੱਕ ਵਿਅਕਤੀ ਵੱਲੋਂ ਬਰਛਾ ਚੁੱਕਣ ਦੀ ਕੋਸ਼ਿਸ਼ ਵੀ ਨਜ਼ਰ ਆਉਂਦੀ ਹੈ, ਹਾਲਾਂਕਿ ਮੌਕੇ ‘ਤੇ ਮੌਜੂਦ ਲੋਕਾਂ ਨੇ ਦਖ਼ਲ ਦੇ ਕੇ ਸਥਿਤੀ ਨੂੰ ਕਾਬੂ ਕੀਤਾ।
ਘਟਨਾ ਦੌਰਾਨ ਕਰੀਬ 10 ਮਿੰਟ ਤੱਕ ਹੰਗਾਮਾ ਜਾਰੀ ਰਿਹਾ, ਜਿਸ ਤੋਂ ਬਾਅਦ ਹੋਰ ਮੈਂਬਰਾਂ ਨੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ।
ਵੀਡੀਓ ਸਾਹਮਣੇ ਆਉਣ ਤੋਂ ਬਾਅਦ ਕੈਨੇਡਾ ਦੀ ਸਿੱਖ ਸੰਗਤ ਅਤੇ ਭਾਰਤੀ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਸੰਗਤ ਨੇ ਗੁਰਦੁਆਰੇ ਦੀ ਪਵਿੱਤਰਤਾ ਨੂੰ ਠੇਸ ਪਹੁੰਚਣ ‘ਤੇ ਨਾਰਾਜ਼ਗੀ ਜਤਾਉਂਦਿਆਂ ਗੋਲਕ ਦੇ ਹਿਸਾਬ-ਕਿਤਾਬ ਦੀ ਨਿਰਪੱਖ ਜਾਂਚ, ਜ਼ਿੰਮੇਵਾਰਾਂ ਖ਼ਿਲਾਫ਼ ਕਾਰਵਾਈ ਅਤੇ ਪ੍ਰਬੰਧਕੀ ਪਾਰਦਰਸ਼ਤਾ ਦੀ ਮੰਗ ਕੀਤੀ ਹੈ।
