ਚੰਡੀਗੜ੍ਹ, 17 ਜੂਨ: ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ 18 ਜੂਨ 2026 ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪਹਿਲਾਂ ਇਹ ਦਿਨ ਸਾਲ 2026 ਦੀਆਂ ਰਿਸਟ੍ਰਿਕਟਿਡ (ਇੱਛਿਕ) ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਸੀ, ਪਰ ਹੁਣ ਇਸ ਨੂੰ ਜਨਤਕ ਛੁੱਟੀ ਵਜੋਂ ਘੋਸ਼ਿਤ ਕਰ ਦਿੱਤਾ ਗਿਆ ਹੈ।
ਚੰਡੀਗੜ੍ਹ ਪ੍ਰਸ਼ਾਸਨ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਇਹ ਫੈਸਲਾ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਇਸ ਦੇ ਤਹਿਤ ਯੂਟੀ ਚੰਡੀਗੜ੍ਹ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਨਿਗਮ ਅਤੇ ਸਰਕਾਰੀ ਅਦਾਰੇ 18 ਜੂਨ ਨੂੰ ਬੰਦ ਰਹਿਣਗੇ।
ਇਸ ਦੇ ਨਾਲ ਹੀ ਉਦਯੋਗਿਕ ਇਕਾਈਆਂ ਅਤੇ ਹੋਰ ਸਰਕਾਰੀ ਸੰਸਥਾਵਾਂ ਵਿੱਚ ਵੀ ਇਹ ਛੁੱਟੀ ਲਾਗੂ ਹੋਵੇਗੀ। ਪ੍ਰਸ਼ਾਸਨ ਵੱਲੋਂ ਜਾਰੀ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।
ਗੌਰਤਲਬ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖ ਧਰਮ ਦੇ ਪੰਜਵੇਂ ਗੁਰੂ ਸਨ ਅਤੇ ਉਨ੍ਹਾਂ ਦਾ ਸ਼ਹੀਦੀ ਦਿਹਾੜਾ ਹਰ ਸਾਲ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਗੁਰਦੁਆਰਿਆਂ ਵਿੱਚ ਵਿਸ਼ੇਸ਼ ਦੀਵਾਨ ਸਜਾਏ ਜਾਂਦੇ ਹਨ ਅਤੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਉਣ ਦੀ ਪਰੰਪਰਾ ਵੀ ਨਿਭਾਈ ਜਾਂਦੀ ਹੈ।
ਚੰਡੀਗੜ੍ਹ ਪ੍ਰਸ਼ਾਸਨ ਦੇ ਇਸ ਫੈਸਲੇ ਦਾ ਸਿੱਖ ਸੰਗਤ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ। ਕਈ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੇ ਇਸ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੀ ਮਹਾਨ ਸ਼ਹਾਦਤ ਪ੍ਰਤੀ ਸਤਿਕਾਰ ਦਾ ਪ੍ਰਤੀਕ ਦੱਸਿਆ ਹੈ।
