ਜੰਮੂ-ਕਸ਼ਮੀਰ ‘ਚ ਬੱਦਲ ਫਟਣ ਨਾਲ ਭਿਆਨਕ ਤਬਾਹੀ, 11 ਮੌਤਾਂ; ਲੋਕਾਂ ਨੂੰ ਨਦੀਆਂ-ਨਾਲਿਆਂ ਤੋਂ ਦੂਰ ਰਹਿਣ ਦੀ ਅਪੀਲ
ਜੰਮੂ-ਕਸ਼ਮੀਰ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਨੇ ਵੱਡੀ ਤਬਾਹੀ ਮਚਾ ਦਿੱਤੀ ਹੈ। ਪੁੰਛ, ਕਿਸ਼ਤਵਾੜ, ਰਾਜੌਰੀ ਅਤੇ ਬਾਂਦੀਪੋਰਾ ਜ਼ਿਲ੍ਹਿਆਂ ਵਿੱਚ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਹੁਣ ਤੱਕ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਇਲਾਕਿਆਂ ਵਿੱਚ ਬਚਾਅ ਕਾਰਜ ਜਾਰੀ ਹਨ।
ਪੁੰਛ ਦੇ ਸੁਰਨਕੋਟ ਇਲਾਕੇ ਵਿੱਚ ਜ਼ਮੀਨ ਖਿਸਕਣ ਕਾਰਨ ਇੱਕ ਘਰ ਮਲਬੇ ਹੇਠ ਦੱਬ ਗਿਆ। ਉਸ ਵੇਲੇ ਘਰ ਵਿੱਚ ਅੱਠ ਲੋਕ ਮੌਜੂਦ ਸਨ। ਰਾਹਤ ਟੀਮਾਂ ਨੇ ਦੋ ਸਾਲ ਦੇ ਬੱਚੇ ਸਮੇਤ ਪੰਜ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ, ਜਦਕਿ ਹੋਰਾਂ ਦੀ ਭਾਲ ਜਾਰੀ ਹੈ।
ਕਿਸ਼ਤਵਾੜ ਦੇ ਸੁਰਨੂ ਖੇਤਰ ਵਿੱਚ ਬੱਦਲ ਫਟਣ ਨਾਲ ਘਰਾਂ, ਖੇਤਾਂ ਅਤੇ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਿਆ। ਉੱਧਰ ਰਾਜੌਰੀ ਵਿੱਚ ਮੂਸਲਾਧਾਰ ਬਾਰਿਸ਼ ਕਾਰਨ ਧਾਰਹਲ ਨਦੀ ਵਿੱਚ ਪਾਣੀ ਦਾ ਪੱਧਰ ਅਚਾਨਕ ਵਧ ਗਿਆ, ਜਿਸ ਕਾਰਨ ਲਗਭਗ 200 ਤੋਂ 250 ਵਾਹਨ ਹੜ੍ਹ ਦੇ ਪਾਣੀ ਵਿੱਚ ਵਹਿ ਗਏ। ਬਾਂਦੀਪੋਰਾ ਦੇ ਗੁਰੇਜ਼ ਖੇਤਰ ਵਿੱਚ ਵੀ ਬੱਦਲ ਫਟਣ ਨਾਲ ਇੱਕ ਪਸ਼ੂ ਸ਼ੈੱਡ ਤਬਾਹ ਹੋ ਗਿਆ ਅਤੇ ਸੜਕ ਦਾ ਹਿੱਸਾ ਵਹਿ ਜਾਣ ਕਾਰਨ ਆਵਾਜਾਈ ਪ੍ਰਭਾਵਿਤ ਹੋਈ।
ਸਥਿਤੀ ਨੂੰ ਦੇਖਦੇ ਹੋਏ ਪੁੰਛ ਪੁਲਿਸ ਨੇ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਪ੍ਰਸ਼ਾਸਨ ਨੇ ਨਦੀਆਂ ਅਤੇ ਨਾਲਿਆਂ ਤੋਂ ਦੂਰ ਰਹਿਣ, ਬਿਨਾਂ ਲੋੜ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਬਹੁਤ ਜ਼ਰੂਰੀ ਨਾ ਹੋਣ ਤੱਕ ਸੜਕਾਂ ‘ਤੇ ਸਫ਼ਰ ਕਰਨ ਤੋਂ ਬਚਣ ਦੀ ਅਪੀਲ ਕੀਤੀ ਹੈ।
ਇਸ ਦਰਮਿਆਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਅਤੇ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਫ਼ੋਨ ‘ਤੇ ਗੱਲਬਾਤ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੰਦਿਆਂ ਪ੍ਰਭਾਵਿਤ ਲੋਕਾਂ ਦੀ ਸੁਰੱਖਿਆ ਅਤੇ ਰਾਹਤ ਕਾਰਜਾਂ ਵਿੱਚ ਪੂਰਾ ਸਹਿਯੋਗ ਦੇਣ ਦੀ ਗੱਲ ਕਹੀ।
