
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਤਾਮਿਲਨਾਡੂ ਦੀ ਤਰਜ਼ ‘ਤੇ ਪੰਜਾਬ ਵਿੱਚ ਮੁੱਖ ਮੰਤਰੀ ਨਾਸ਼ਤਾ ਯੋਜਨਾ ਨੂੰ ਲਾਗੂ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕੀਤੀ ਜਾਵੇਗੀ। ਮੁੱਖ ਮੰਤਰੀ ਸ਼ਹਿਰੀ ਖੇਤਰਾਂ ਵਿੱਚ ਇਸ ਯੋਜਨਾ ਦੇ ਵਿਸਥਾਰ ਦੀ ਸ਼ੁਰੂਆਤ ਕਰਨ ਲਈ ਮੁੱਖ ਮਹਿਮਾਨ ਵਜੋਂ ਤਾਮਿਲਨਾਡੂ ਗਏ ਹਨ। ਇਸ ਯੋਜਨਾ ਦੇ ਤਹਿਤ, ਹੁਣ ਤਾਮਿਲਨਾਡੂ ਦੇ ਸ਼ਹਿਰੀ ਖੇਤਰਾਂ ਦੇ ਸਾਰੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਾਸ਼ਤਾ ਮੁਹੱਈਆ ਕਰਵਾਇਆ ਜਾਵੇਗਾ। ਇਸ ਦੌਰਾਨ ਮਾਨ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਦੇ ਨਾਲ ਬੱਚਿਆਂ ਨੂੰ ਭੋਜਨ ਵੀ ਪਰੋਸਿਆ।

ਚੇਨਈ ਵਿੱਚ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਪੰਜਾਬ ਕੈਬਨਿਟ ਹੁਣ ਪੰਜਾਬ ਵਿੱਚ ਵੀ ਇਸੇ ਤਰ੍ਹਾਂ ਦੀਆਂ ਪਹਿਲਕਦਮੀਆਂ ਸ਼ੁਰੂ ਕਰਨ ਬਾਰੇ ਵਿਚਾਰ ਕਰੇਗੀ। ਅਜਿਹੇ ਲੋਕ ਭਲਾਈ ਉਪਰਾਲੇ ਸਮੇਂ ਦੀ ਲੋੜ ਹਨ, ਖਾਸ ਕਰਕੇ ਦੱਬੇ-ਕੁਚਲੇ ਅਤੇ ਹਾਸ਼ੀਏ ‘ਤੇ ਧੱਕੇ ਭਾਈਚਾਰਿਆਂ ਲਈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਨੇ ਹਮੇਸ਼ਾ ਸਿੱਖਿਆ ਅਤੇ ਸਿਹਤ ਸੰਭਾਲ ਨੂੰ ਪਹਿਲ ਦਿੱਤੀ ਹੈ ਅਤੇ ਹੁਣ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੀ ਆਪਣੇ ਚੋਣ ਮੈਨੀਫੈਸਟੋ ਵਿੱਚ ਇਨ੍ਹਾਂ ਖੇਤਰਾਂ ਨੂੰ ਪ੍ਰਮੁੱਖਤਾ ਦੇ ਰਹੀਆਂ ਹਨ।

ਭਗਵੰਤ ਸਿੰਘ ਮਾਨ ਨੇ ਸਮਾਜਿਕ ਅਤੇ ਵਿਦਿਅਕ ਸੁਧਾਰਾਂ ਲਈ ਤਾਮਿਲਨਾਡੂ ਲੀਡਰਸ਼ਿਪ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ “ਨਸ਼ਟਾ ਯੋਜਨਾ” ਨੂੰ ਇੱਕ ਹੋਰ ਇਤਿਹਾਸਕ ਕਦਮ ਵਜੋਂ ਯਾਦ ਰੱਖਿਆ ਜਾਵੇਗਾ। ਪੰਜਾਬ ਵਿੱਚ ਹੋਈ ਪ੍ਰਗਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ “ਸਕੂਲ ਆਫ਼ ਐਮੀਨੈਂਸ” ਵਿੱਚ ਬਦਲਿਆ ਜਾ ਰਿਹਾ ਹੈ। ਸਿੱਖਿਆ ਵਿੱਚ ਪ੍ਰਦਰਸ਼ਨ ਦੇ ਮਾਮਲੇ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਭਾਰਤ ਦੇ ਰਾਸ਼ਟਰੀ ਪ੍ਰਾਪਤੀ ਸਰਵੇਖਣ ਵਿੱਚ ਸਿਖਰ ‘ਤੇ ਪਹੁੰਚ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਤਾਮਿਲਨਾਡੂ ਸਰਕਾਰ ਵਾਂਗ, ਪੰਜਾਬ ਸਰਕਾਰ ਵੀ ਲੋਕਾਂ ਦੀ ਸੇਵਾ ਲਈ ਮਿਸ਼ਨਰੀ ਭਾਵਨਾ ਨਾਲ ਕੰਮ ਕਰ ਰਹੀ ਹੈ। ਸੂਬਾ ਸਰਕਾਰ ਲੋਕਾਂ ਦੇ ਸਹਿਯੋਗ ਨਾਲ “ਰੰਗਲਾ ਪੰਜਾਬ” ਬਣਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਐਮਕੇ ਸਟਾਲਿਨ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ। ਮਜ਼ਾਕ ਉਡਾਉਂਦੇ ਹੋਏ ਮਾਨ ਨੇ ਕਿਹਾ ਕਿ ਦੇਸ਼ ਨੂੰ ਇੱਕ “ਜੁਮਲਾਗਿਰੀ ਦਾ ਉਸਤਾਦ” ਚਲਾ ਰਿਹਾ ਹੈ ਜੋ ਲਗਾਤਾਰ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ।