ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ਦੇ ਜ਼ੀਰਕਪੁਰ ਵਿੱਚ ਆਯੋਜਿਤ ਇੱਕ ਰਾਜ ਪੱਧਰੀ ਸਮਾਗਮ ਦੌਰਾਨ NEET ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪੰਜਾਬ ਲਈ ਮਾਣ ਵਾਲਾ ਪਲ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਸਰਕਾਰੀ ਸਕੂਲਾਂ ਦੇ ਇੰਨੀ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ NEET ਵਰਗੀ ਰਾਸ਼ਟਰੀ ਪੱਧਰ ਦੀ ਮੁਕਾਬਲੇ ਵਾਲੀ ਪ੍ਰੀਖਿਆ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਇਸ ਉਪਲਬਧੀ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਲਗਨ ਨੂੰ ਦਿੱਤਾ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਹੁਣ “ਨੋ ਕੈਸ਼, ਨੋ ਫ਼ਰਮਾਇਸ਼” ਦੇ ਸਿਧਾਂਤ ‘ਤੇ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੈਰਿਟ ਦੇ ਆਧਾਰ ‘ਤੇ 68,585 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਨੌਜਵਾਨ ਸੂਬੇ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨਵੀਂ ਪੀੜ੍ਹੀ ਬੇਅੰਤ ਸੰਭਾਵਨਾਵਾਂ ਨਾਲ ਭਰਪੂਰ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਹਾਸਲ ਕਰੇਗੀ।
ਸਿੱਖਿਆ ਖੇਤਰ ਵਿੱਚ ਆਏ ਬਦਲਾਅ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 2022 ਵਿੱਚ ਪੰਜਾਬ ਸਿੱਖਿਆ ਦੇ ਖੇਤਰ ਵਿੱਚ 27ਵੇਂ ਸਥਾਨ ‘ਤੇ ਸੀ। ਸਰਕਾਰ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਲਗਾਤਾਰ ਕੰਮ ਕੀਤਾ, ਜਿਸ ਦਾ ਨਤੀਜਾ ਇਹ ਨਿਕਲਿਆ ਕਿ ਅੱਜ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਪਹਿਲੇ ਸਥਾਨ ‘ਤੇ ਪਹੁੰਚ ਗਿਆ ਹੈ।
ਪੇਪਰ ਲੀਕ ਦੇ ਮੁੱਦੇ ‘ਤੇ ਬੋਲਦਿਆਂ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਇੱਕ ਵੀ ਪੇਪਰ ਲੀਕ ਨਹੀਂ ਹੋਇਆ। ਉਨ੍ਹਾਂ ਫਾਰਮੇਸੀ ਪ੍ਰੀਖਿਆ ਵਿੱਚ ਕਥਿਤ ਧੋਖਾਧੜੀ ਰੈਕੇਟ ਵਿਰੁੱਧ ਕੀਤੀ ਗਈ ਕਾਰਵਾਈ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਇਸ ਮਾਮਲੇ ਵਿੱਚ ਰੈਕੇਟ ਨਾਲ ਜੁੜੇ ਅੰਦਰੂਨੀ ਅਤੇ ਬਾਹਰੀ ਦੋਵੇਂ ਤਰ੍ਹਾਂ ਦੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲੱਖਾਂ ਰੁਪਏ ਦੀ ਧੋਖਾਧੜੀ ਨਾਲ ਜੁੜੇ 21 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਚੁੱਕੀ ਹੈ।
