ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ (SIR) ਪ੍ਰਕਿਰਿਆ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ SIR ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਹਰ ਯੋਗ ਵੋਟਰ ਨੂੰ ਆਪਣਾ ਨਾਮ ਨਵੀਂ ਵੋਟਰ ਸੂਚੀ ਵਿੱਚ ਬਣਾਈ ਰੱਖਣ ਲਈ SIR ਫਾਰਮ ਜ਼ਰੂਰ ਭਰਨਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਆਪਣੇ ਸੰਦੇਸ਼ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੀਆਂ ਮਹਿਲਾਵਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਖਾਤਿਆਂ ਵਿੱਚ ਰਕਮ ਜਮ੍ਹਾਂ ਕਰਵਾ ਕੇ ਆਪਣਾ ਵਾਅਦਾ ਪੂਰਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਭਾਰਤ ਦਾ ਚੋਣ ਕਮਿਸ਼ਨ ਇਸ ਸਮੇਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਕਰ ਰਿਹਾ ਹੈ। ਇਸ ਪ੍ਰਕਿਰਿਆ ਤਹਿਤ ਹਰ ਯੋਗ ਵੋਟਰ ਨੂੰ ਇੱਕ ਫਾਰਮ ਭਰਨਾ ਲਾਜ਼ਮੀ ਹੈ ਤਾਂ ਜੋ ਉਸਦਾ ਨਾਮ ਨਵੀਂ ਵੋਟਰ ਸੂਚੀ ਵਿੱਚ ਦਰਜ ਰਹੇ।
ਮੁੱਖ ਮੰਤਰੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ SIR ਫਾਰਮ ਨਹੀਂ ਭਰਦਾ ਤਾਂ ਉਸਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਵੋਟਰ ਸੂਚੀ ਵਿੱਚ ਨਾਮ ਨਾ ਹੋਣ ਦੀ ਸਥਿਤੀ ਵਿੱਚ ਮਹਿਲਾਵਾਂ ਨੂੰ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਨਹੀਂ ਮਿਲੇਗਾ ਅਤੇ ਹੋਰ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਵਿੱਚ ਵੀ ਦਿੱਕਤ ਆ ਸਕਦੀ ਹੈ।
ਅੰਤ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਵੋਟ ਦਾ ਅਧਿਕਾਰ ਸੁਰੱਖਿਅਤ ਰੱਖਣ ਲਈ ਸਮੇਂ ਸਿਰ SIR ਫਾਰਮ ਭਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਫਾਰਮ ਭਰਨ ਵਿੱਚ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਮਦਦ ਲਈ ਆਪਣੇ ਇਲਾਕੇ ਦੇ ਵਲੰਟੀਅਰਾਂ ਨਾਲ ਸੰਪਰਕ ਕਰ ਸਕਦਾ ਹੈ।
