ਲੁਧਿਆਣਾ: ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਸਮਾਜਿਕ ਕਾਰਕੁਨ ਅਤੇ ਸਾਬਕਾ ਕੌਂਸਲਰ ਪਰਮਿੰਦਰ ਮਹਿਤਾ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਸ਼ਿਕਾਇਤ ਸੌਂਪਦਿਆਂ ਬਿੱਟੂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਗਈ ਕੁਝ ਸਮੱਗਰੀ ਹਿੰਦੂ-ਸਿੱਖ ਭਾਈਚਾਰੇ ਵਿਚਾਲੇ ਤਣਾਅ ਪੈਦਾ ਕਰ ਸਕਦੀ ਹੈ।
ਪੁਲਿਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ ਵਿੱਚ ਪਰਮਿੰਦਰ ਮਹਿਤਾ ਨੇ ਦਾਅਵਾ ਕੀਤਾ ਕਿ ਰਵਨੀਤ ਬਿੱਟੂ ਵੱਲੋਂ ਆਪਣੇ ਸੋਸ਼ਲ ਮੀਡੀਆ ਖਾਤਿਆਂ ’ਤੇ ਪੰਜਾਬ ਦੇ ਕਾਲੇ ਦੌਰ ਨਾਲ ਸਬੰਧਤ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਅਜਿਹੀ ਸਮੱਗਰੀ ਨਾਲ ਪੁਰਾਣੇ ਜ਼ਖ਼ਮ ਮੁੜ ਹਰੇ ਹੋ ਸਕਦੇ ਹਨ ਅਤੇ ਦੋਵਾਂ ਭਾਈਚਾਰਿਆਂ ਵਿਚਾਲੇ ਆਪਸੀ ਸਾਂਝ ਪ੍ਰਭਾਵਿਤ ਹੋ ਸਕਦੀ ਹੈ।
ਮਹਿਤਾ ਨੇ ਕਿਹਾ ਕਿ ਪੰਜਾਬ ਨੇ ਅੱਤਵਾਦ ਦੇ ਦੌਰ ਦੌਰਾਨ ਭਾਰੀ ਨੁਕਸਾਨ ਝੱਲਿਆ ਸੀ ਅਤੇ ਵੱਡੀ ਗਿਣਤੀ ਵਿੱਚ ਬੇਕਸੂਰ ਲੋਕਾਂ ਦੀਆਂ ਜਾਨਾਂ ਗਈਆਂ ਸਨ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਦੇ ਮੱਦੇਨਜ਼ਰ ਕੁਝ ਆਗੂ ਪੁਰਾਣੇ ਅਤੇ ਸੰਵੇਦਨਸ਼ੀਲ ਮੁੱਦਿਆਂ ਨੂੰ ਮੁੜ ਉਭਾਰ ਕੇ ਸਿਆਸੀ ਲਾਭ ਲੈਣ ਦੀ ਕੋਸ਼ਿਸ਼ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਉਸ ਦੌਰ ਦੌਰਾਨ ਆਪਣੇ ਪਰਿਵਾਰਕ ਮੈਂਬਰ ਗੁਆਉਣ ਵਾਲੇ ਲੋਕਾਂ ਦੇ ਜ਼ਖ਼ਮ ਅੱਜ ਵੀ ਤਾਜ਼ਾ ਹਨ ਅਤੇ ਅਜਿਹੇ ਮੁੱਦਿਆਂ ਨੂੰ ਸਿਆਸੀ ਲਾਭ ਲਈ ਵਰਤਣ ਤੋਂ ਗੁਰੇਜ਼ ਕੀਤਾ ਜਾਣਾ ਚਾਹੀਦਾ ਹੈ।
ਸ਼ਿਕਾਇਤ ਵਿੱਚ ਵਿਵਾਦਿਤ ਫ਼ਿਲਮ ‘ਸਤਲੁਜ’ ਦਾ ਵੀ ਜ਼ਿਕਰ ਕੀਤਾ ਗਿਆ ਹੈ। ਮਹਿਤਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਇਸ ਫ਼ਿਲਮ ਦੇ ਰਿਲੀਜ਼ ਹੋਣ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ।
ਪਰਮਿੰਦਰ ਮਹਿਤਾ ਨੇ ਦੋਸ਼ ਲਾਇਆ ਕਿ ਰਵਨੀਤ ਸਿੰਘ ਬਿੱਟੂ ਇੱਕ ਜ਼ਿੰਮੇਵਾਰ ਸੰਵਿਧਾਨਕ ਅਹੁਦੇ ’ਤੇ ਹਨ, ਇਸ ਲਈ ਉਨ੍ਹਾਂ ਨੂੰ ਅਜਿਹੇ ਸੰਵੇਦਨਸ਼ੀਲ ਮੁੱਦਿਆਂ ਬਾਰੇ ਬਿਆਨਬਾਜ਼ੀ ਜਾਂ ਸਮੱਗਰੀ ਸਾਂਝੀ ਕਰਦਿਆਂ ਸਾਵਧਾਨੀ ਵਰਤਣੀ ਚਾਹੀਦੀ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਸ਼ਿਕਾਇਤ ਦੀ ਜਾਂਚ ਕਰਕੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਫਿਲਹਾਲ ਇਸ ਸ਼ਿਕਾਇਤ ਸਬੰਧੀ ਰਵਨੀਤ ਸਿੰਘ ਬਿੱਟੂ ਵੱਲੋਂ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।
