ਈਰਾਨ ਦੇ ਦੱਖਣ-ਪੱਛਮੀ ਖੁਜ਼ੇਸਤਾਨ ਸੂਬੇ ਵਿੱਚ ਐਤਵਾਰ ਸਵੇਰੇ 5.0 ਤੀਬਰਤਾ ਦਾ ਭੂਚਾਲ ਆਇਆ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਤੁਰੰਤ ਐਮਰਜੈਂਸੀ ਅਲਰਟ ਜਾਰੀ ਕਰ ਦਿੱਤਾ। ਭੂਚਾਲ ਦਾ ਕੇਂਦਰ ਸਾਲੰਦ ਖੇਤਰ ਨੇੜੇ ਧਰਤੀ ਤੋਂ ਲਗਭਗ 12 ਕਿਲੋਮੀਟਰ ਦੀ ਡੂੰਘਾਈ ‘ਤੇ ਦਰਜ ਕੀਤਾ ਗਿਆ। ਹਾਲਾਂਕਿ, ਹੁਣ ਤੱਕ ਕਿਸੇ ਵੱਡੇ ਜਾਨੀ ਜਾਂ ਮਾਲੀ ਨੁਕਸਾਨ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ।
ਸਰਕਾਰੀ ਪ੍ਰਸਾਰਕ IRIB ਨੇ ਈਰਾਨੀ ਰੈੱਡ ਕ੍ਰੀਸੈਂਟ ਸੁਸਾਇਟੀ ਦੇ ਹਵਾਲੇ ਨਾਲ ਦੱਸਿਆ ਕਿ ਭੂਚਾਲ ਦੇ ਤੁਰੰਤ ਬਾਅਦ ਸੰਭਾਵੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਪ੍ਰਭਾਵਿਤ ਖੇਤਰਾਂ ਅਤੇ ਨੇੜਲੇ ਪਿੰਡਾਂ ਵਿੱਚ ਦੋ ਰਾਹਤ ਅਤੇ ਬਚਾਅ ਟੀਮਾਂ ਭੇਜੀਆਂ ਗਈਆਂ ਹਨ।
ਖੁਜ਼ੇਸਤਾਨ ਦੇ ਗਵਰਨਰ ਸਈਦ ਮੁਹੰਮਦ ਰਜ਼ਾ ਮੌਲਾਇਜ਼ਾਦੇਹ ਨੇ ਕਿਹਾ ਕਿ ਸਾਰੀਆਂ ਸੰਬੰਧਤ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ ਅਤੇ ਪ੍ਰਭਾਵਿਤ ਇਲਾਕਿਆਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਜੇਕਰ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਮਿਲਦੀ ਹੈ ਤਾਂ ਤੁਰੰਤ ਰਾਹਤ ਕਾਰਜ ਸ਼ੁਰੂ ਕੀਤੇ ਜਾਣਗੇ।
ਫਿਲਹਾਲ ਸਥਾਨਕ ਪ੍ਰਸ਼ਾਸਨ ਨੇ ਲੋਕਾਂ ਨੂੰ ਸ਼ਾਂਤ ਰਹਿਣ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਅਧਿਕਾਰੀਆਂ ਵੱਲੋਂ ਭੂਚਾਲ ਤੋਂ ਬਾਅਦ ਦੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।
