ਪੰਜਾਬ ਵਿਚ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਪਿਛਲੇ ਸਾਲ ਦੇ ਮੁਕਾਬਲੇ ਵਾਧਾ ਦਰਜ ਕੀਤਾ ਗਿਆ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਜਾਰੀ 15 ਸਤੰਬਰ ਤੋਂ 28 ਅਕਤੂਬਰ ਤਕ ਦੇ ਜ਼ਿਲ੍ਹਾ-ਵਾਰ ਅੰਕੜਿਆਂ ਅਨੁਸਾਰ ਸਾਲ 2026 ਦੌਰਾਨ ਪਰਾਲੀ ਸਾੜਨ ਦੇ 96 ਮਾਮਲੇ ਸਾਹਮਣੇ ਆਏ, ਜਦਕਿ ਇਸੇ ਸਮੇਂ ਦੌਰਾਨ ਸਾਲ 2025 ਵਿੱਚ 43 ਅਤੇ ਸਾਲ 2024 ਵਿਚ 142 ਮਾਮਲੇ ਦਰਜ ਕੀਤੇ ਗਏ ਸਨ।
ਇਸ ਤਰ੍ਹਾਂ 2026 ਵਿੱਚ ਪਿਛਲੇ ਸਾਲ ਦੇ ਮੁਕਾਬਲੇ ਮਾਮਲਿਆਂ ਦੀ ਗਿਣਤੀ ਵਿਚ ਲਗਭਗ 123 ਫ਼ੀਸਦੀ ਵਾਧਾ ਹੋਇਆ ਹੈ, ਹਾਲਾਂਕਿ ਇਹ ਗਿਣਤੀ 2024 ਦੇ ਮੁਕਾਬਲੇ ਘੱਟ ਹੈ । ਪੀਪੀਸੀਬੀ ਦੇ ਐਕਸੀਅਨ ਅਤੇ ਪਰਾਲੀ ਸਾੜਨ ਸਬੰਧੀ ਨੋਡਲ ਅਫ਼ਸਰ ਅੰਮ੍ਰਿਤਪਾਲ ਸਿੰਘ ਚਹਿਲ ਵਲੋਂ ਮੁਹਈਆ ਕਰਵਾਏ ਗਏ ਅੰਕੜਿਆਂ ਅਨੁਸਾਰ ਇਸ ਸਾਲ ਸੱਭ ਤੋਂ ਵੱਧ 36 ਮਾਮਲੇ ਤਰਨਤਾਰਨ ਜ਼ਿਲ੍ਹੇ ਵਿਚ ਦਰਜ ਕੀਤੇ ਗਏ ਹਨ। ਇਸ ਤੋਂ ਬਾਅਦ ਫ਼ਿਰੋਜ਼ਪੁਰ ਵਿਚ 13, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿਚ 9-9 ਅਤੇ ਬਠਿੰਡਾ ’ਚ 7 ਮਾਮਲੇ ਸਾਹਮਣੇ ਆਏ ਹਨ। ਸੰਗਰੂਰ ’ਚ 2024 ਦੌਰਾਨ 19 ਅਤੇ 2025 ’ਚ 12 ਮਾਮਲੇ ਸਨ, ਪਰ 2026 ’ਚ ਇਹ ਗਿਣਤੀ ਘਟ ਕੇ ਇਕ ਰਹਿ ਗਈ ਹੈ। ਇਸ ਦੇ ਉਲਟ ਤਰਨਤਾਰਨ ’ਚ 2025 ਦੇ 4 ਮਾਮਲਿਆਂ ਦੇ ਮੁਕਾਬਲੇ ਇਸ ਸਾਲ 36 ਮਾਮਲੇ ਦਰਜ ਹੋਏ ਹਨ।
ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੀਫ਼ ਇੰਜਨੀਅਰ ਆਰ.ਕੇ. ਰੱਤੜਾ ਨੇ ਪਹਿਲਾਂ ਦਸਿਆ ਸੀ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਵਲੋਂ ਲਗਾਤਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ । ਉਨ੍ਹਾਂ ਅਨੁਸਾਰ ਪਰਾਲੀ ਸਾੜਨ ਦੇ ਕੁਝ ਮਾਮਲਿਆਂ ’ਚ ਕਾਰਵਾਈ ਵੀ ਕੀਤੀ ਗਈ ਹੈ। ਇਸ ਤੋਂ ਇਲਾਵਾ, ਘਟਨਾਵਾਂ ਦੀ ਨਿਗਰਾਨੀ ਅਤੇ ਰੋਕਥਾਮ ਲਈ ਜ਼ਿਲ੍ਹਾ ਪੱਧਰ ’ਤੇ ਨੋਡਲ ਅਧਿਕਾਰੀ ਨਿਯੁਕਤ ਕੀਤੇ ਗਏ ਹਨ।
