ਲੁਧਿਆਣਾ: ਸ਼ਹਿਰ ਦੇ ਦੁੱਗਰੀ ਫੇਜ਼-1 ਸਥਿਤ ਇੱਕ ਨਾਮੀ ਸਕੂਲ ਵਿੱਚ ਬੁੱਧਵਾਰ ਸਵੇਰੇ ਜਨਰੇਟਰ ਰੂਮ ਵਿੱਚ ਅੱਗ ਲੱਗਣ ਕਾਰਨ ਹਫੜਾ-ਦਫੜੀ ਮਚ ਗਈ। ਘਟਨਾ ਉਸ ਸਮੇਂ ਵਾਪਰੀ ਜਦੋਂ ਸਕੂਲ ਵਿੱਚ ਕਲਾਸਾਂ ਚੱਲ ਰਹੀਆਂ ਸਨ। ਹਾਲਾਂਕਿ ਸਕੂਲ ਪ੍ਰਬੰਧਨ ਦੀ ਤੁਰੰਤ ਕਾਰਵਾਈ ਅਤੇ ਫਾਇਰ ਬ੍ਰਿਗੇਡ ਦੀ ਮੁਸਤੈਦੀ ਨਾਲ ਵੱਡਾ ਹਾਦਸਾ ਟਲ ਗਿਆ।
ਜਾਣਕਾਰੀ ਅਨੁਸਾਰ ਸਵੇਰੇ ਕਰੀਬ 9 ਵਜੇ ਜਨਰੇਟਰ ਰੂਮ ਵਿੱਚੋਂ ਅਚਾਨਕ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਕੁਝ ਹੀ ਪਲਾਂ ਵਿੱਚ ਅੱਗ ਦੀਆਂ ਲਪਟਾਂ ਦਿਖਾਈ ਦੇਣ ਲੱਗੀਆਂ, ਜਿਸ ਨਾਲ ਸਕੂਲ ਸਟਾਫ ਅਤੇ ਪ੍ਰਬੰਧਨ ਵਿੱਚ ਹੜਕੰਪ ਮਚ ਗਿਆ।
ਸਕੂਲ ਪ੍ਰਬੰਧਨ ਨੇ ਤੁਰੰਤ ਸੁਰੱਖਿਆ ਪ੍ਰਬੰਧਾਂ ਨੂੰ ਲਾਗੂ ਕਰਦਿਆਂ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਤਰੀਕੇ ਨਾਲ ਕਲਾਸਾਂ ਤੋਂ ਬਾਹਰ ਕੱਢਿਆ ਅਤੇ ਸਾਵਧਾਨੀ ਵਜੋਂ ਛੁੱਟੀ ਕਰਕੇ ਘਰ ਭੇਜ ਦਿੱਤਾ। ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ ਅਤੇ ਸਟਾਫ ਨੇ ਆਪਣੇ ਪੱਧਰ ‘ਤੇ ਵੀ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ।
ਸੂਚਨਾ ਮਿਲਣ ਉਪਰੰਤ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਕੁਝ ਸਮੇਂ ਦੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾ ਲਿਆ। ਇਸ ਕਾਰਨ ਅੱਗ ਨੂੰ ਸਕੂਲ ਦੇ ਹੋਰ ਹਿੱਸਿਆਂ ਵਿੱਚ ਫੈਲਣ ਤੋਂ ਰੋਕ ਲਿਆ ਗਿਆ।
ਮੁੱਢਲੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਹਾਲਾਂਕਿ ਅਧਿਕਾਰੀਆਂ ਵੱਲੋਂ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਵਿਸਥਾਰਪੂਰਵਕ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਵਿੱਚ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
