ਪੰਜਾਬ ਵਿੱਚ ਅੱਜ ਤੋਂ PRTC ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 3 ਦਿਨਾਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਸਰਕਾਰੀ ਬੱਸ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਹੜਤਾਲ ਦਾ ਅਸਰ ਸੂਬੇ ਅੰਦਰ ਅਤੇ ਦੂਜੇ ਰਾਜਾਂ ਨੂੰ ਜਾਣ ਵਾਲੇ ਕਈ ਰੂਟਾਂ ‘ਤੇ ਵੀ ਵੇਖਣ ਨੂੰ ਮਿਲ ਰਿਹਾ ਹੈ।
ਯੂਨੀਅਨ ਦੀਆਂ ਮੁੱਖ ਮੰਗਾਂ ਵਿੱਚ ਠੇਕਾ ਅਤੇ ਆਊਟਸੋਰਸ ਕਰਮਚਾਰੀਆਂ ਨੂੰ ਪੱਕਾ ਕਰਨਾ, ਬਰਾਬਰ ਕੰਮ ਲਈ ਬਰਾਬਰ ਤਨਖ਼ਾਹ, ਸਮੇਂ ਸਿਰ ਤਨਖ਼ਾਹ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ, ਕਿਲੋਮੀਟਰ ਸਕੀਮ ਬੰਦ ਕਰਕੇ ਸਰਕਾਰੀ ਬੱਸ ਸੇਵਾ ਮਜ਼ਬੂਤ ਕਰਨਾ ਅਤੇ ਬੱਸਾਂ ਦੀ ਗਿਣਤੀ ਵਧਾਉਣਾ ਸ਼ਾਮਲ ਹੈ। ਇਸ ਤੋਂ ਇਲਾਵਾ, ਅੰਦੋਲਨ ਦੌਰਾਨ ਬਰਖ਼ਾਸਤ ਕਰਮਚਾਰੀਆਂ ਦੀ ਬਹਾਲੀ ਅਤੇ ਦਰਜ ਕੇਸ ਵਾਪਸ ਲੈਣ ਦੀ ਵੀ ਮੰਗ ਕੀਤੀ ਗਈ ਹੈ।
ਰੋਜ਼ਾਨਾ 5 ਲੱਖ ਤੋਂ ਵੱਧ ਯਾਤਰੀ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਦੇ ਹਨ। ਹੜਤਾਲ ਕਾਰਨ ਨੌਕਰੀਪੇਸ਼ਾ ਲੋਕਾਂ, ਵਿਦਿਆਰਥੀਆਂ ਅਤੇ ਹੋਰ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
