ਖੰਨਾ ਪੁਲਿਸ ਨੇ ਬੁਲੇਟ ਮੋਟਰਸਾਈਕਲਾਂ ‘ਤੇ ਲੱਗੇ ਗੈਰ-ਕਾਨੂੰਨੀ ਮੋਡੀਫਾਈਡ ਸਾਈਲੈਂਸਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕਰੀਬ 150 ਸਾਈਲੈਂਸਰ ਜ਼ਬਤ ਕਰਕੇ ਜਨਤਕ ਤੌਰ ‘ਤੇ ਨਸ਼ਟ ਕਰ ਦਿੱਤੇ ਹਨ। ਪੁਲਿਸ ਦਾ ਕਹਿਣਾ ਹੈ ਕਿ ਸ਼ੋਰ ਪ੍ਰਦੂਸ਼ਣ ਫੈਲਾਉਣ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਹੁਣ ਕੋਈ ਨਰਮੀ ਨਹੀਂ ਵਰਤੀ ਜਾਵੇਗੀ।
ਐਸਐਸਪੀ ਡਾ. ਦਰਪਨ ਆਹਲੂਵਾਲੀਆ (IPS) ਦੀ ਅਗਵਾਈ ਹੇਠ ਇਹ ਮੁਹਿੰਮ ਖੰਨਾ ਦੇ ਅਮਲੋਹ ਚੌਕ ਵਿੱਚ ਚਲਾਈ ਗਈ। ਇਸ ਦੌਰਾਨ ਗੈਰ-ਕਾਨੂੰਨੀ ਸਾਈਲੈਂਸਰਾਂ ਨਾਲ ਚੱਲ ਰਹੇ ਕਈ ਵਾਹਨਾਂ ਦੇ ਚਲਾਨ ਵੀ ਕੱਟੇ ਗਏ ਅਤੇ ਜ਼ਬਤ ਕੀਤੇ ਸਾਈਲੈਂਸਰਾਂ ਨੂੰ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਗਿਆ। ਇਸ ਕਾਰਵਾਈ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਅਤੇ ਪੁਲਿਸ ਦੀ ਪਹਿਲ ਦੀ ਸ਼ਲਾਘਾ ਕੀਤੀ।
ਐਸਐਸਪੀ ਡਾ. ਆਹਲੂਵਾਲੀਆ ਨੇ ਦੱਸਿਆ ਕਿ ਪੁਲਿਸ ਨੂੰ ਲੰਬੇ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਕੁਝ ਨੌਜਵਾਨ ਬੁਲੇਟ ਮੋਟਰਸਾਈਕਲਾਂ ‘ਤੇ ਮੋਡੀਫਾਈਡ ਸਾਈਲੈਂਸਰ ਲਗਾ ਕੇ ਉੱਚੀ ਆਵਾਜ਼ ਵਾਲੇ ਪਟਾਕੇ ਮਾਰਦੇ ਹਨ। ਇਸ ਕਾਰਨ ਬਾਜ਼ਾਰਾਂ, ਰਿਹਾਇਸ਼ੀ ਇਲਾਕਿਆਂ, ਸਕੂਲਾਂ ਅਤੇ ਹਸਪਤਾਲਾਂ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਕਾਫ਼ੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਖ਼ਾਸ ਕਰਕੇ ਬਜ਼ੁਰਗਾਂ, ਔਰਤਾਂ, ਛੋਟੇ ਬੱਚਿਆਂ ਅਤੇ ਦਿਲ ਦੇ ਮਰੀਜ਼ਾਂ ਲਈ ਇਹ ਸ਼ੋਰ ਗੰਭੀਰ ਪਰੇਸ਼ਾਨੀ ਦਾ ਕਾਰਨ ਬਣਦਾ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਮੁਹਿੰਮ ਇੱਥੇ ਹੀ ਨਹੀਂ ਰੁਕੇਗੀ। ਆਉਣ ਵਾਲੇ ਦਿਨਾਂ ਵਿੱਚ ਉਹ ਮਕੈਨਿਕਾਂ, ਵਰਕਸ਼ਾਪਾਂ ਅਤੇ ਗੈਰੇਜਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ ਜੋ ਗੈਰ-ਕਾਨੂੰਨੀ ਸਾਈਲੈਂਸਰ ਲਗਾਉਣ ਜਾਂ ਵਾਹਨਾਂ ਵਿੱਚ ਗੈਰ-ਕਾਨੂੰਨੀ ਤਬਦੀਲੀਆਂ ਕਰਨ ਦਾ ਕੰਮ ਕਰਦੇ ਹਨ। ਅਜਿਹੇ ਮਾਮਲਿਆਂ ਵਿੱਚ ਐਫਆਈਆਰ ਦਰਜ ਕਰਕੇ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।
ਐਸਐਸਪੀ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਨਾਬਾਲਗ ਵਾਹਨ ਚਲਾਉਂਦੇ ਹੋਏ ਜਾਂ ਨਿਯਮਾਂ ਦੀ ਉਲੰਘਣਾ ਕਰਦਾ ਫੜਿਆ ਗਿਆ ਤਾਂ ਕਾਨੂੰਨ ਅਨੁਸਾਰ ਉਸ ਦੇ ਮਾਪਿਆਂ ਵਿਰੁੱਧ ਵੀ ਕਾਰਵਾਈ ਹੋ ਸਕਦੀ ਹੈ।
ਇਸ ਮੌਕੇ ਡੀਐਸਪੀ ਟ੍ਰੈਫਿਕ ਕਰਮਵੀਰ ਸਿੰਘ ਤੂਰ, ਟ੍ਰੈਫਿਕ ਇੰਚਾਰਜ ਕੁਲਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਰਹੇ। ਪੁਲਿਸ ਨੇ ਕਿਹਾ ਕਿ ਸੜਕ ਸੁਰੱਖਿਆ ਅਤੇ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਅਜਿਹੀਆਂ ਵਿਸ਼ੇਸ਼ ਮੁਹਿੰਮਾਂ ਅੱਗੇ ਵੀ ਲਗਾਤਾਰ ਜਾਰੀ ਰਹਿਣਗੀਆਂ।
