ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਦੀ ਸਿਹਤ ਅਤੇ ਸੁਰੱਖਿਆ ਨਾਲ ਜੁੜੇ ਮਾਮਲੇ ਦੀ ਸੁਣਵਾਈ ਕਰਦਿਆਂ ਉਨ੍ਹਾਂ ਨੂੰ ਸਫ਼ਦਰਜੰਗ ਹਸਪਤਾਲ ਤੋਂ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਤਬਦੀਲ ਕਰਨ ਦੇ ਹੁਕਮ ਦਿੱਤੇ ਹਨ। ਇਹ ਸੁਣਵਾਈ ਵਾਂਗਚੁਕ ਦੀ ਪਤਨੀ ਗੀਤਾਂਜਲੀ ਵੱਲੋਂ ਦਾਇਰ ਪਟੀਸ਼ਨ ‘ਤੇ ਹੋਈ।
ਹਾਈ ਕੋਰਟ ਨੇ ਮੇਦਾਂਤਾ ਹਸਪਤਾਲ ਨੂੰ ਉਨ੍ਹਾਂ ਦੇ ਇਲਾਜ ਲਈ ਮਾਹਿਰ ਡਾਕਟਰਾਂ ਦਾ ਇੱਕ ਪੈਨਲ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਸਫ਼ਦਰਜੰਗ ਹਸਪਤਾਲ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਸੋਨਮ ਵਾਂਗਚੁਕ ਦੀਆਂ ਸਾਰੀਆਂ ਮੈਡੀਕਲ ਰਿਪੋਰਟਾਂ ਅਤੇ ਰਿਕਾਰਡ ਇਸ ਪੈਨਲ ਨੂੰ ਸੌਂਪੇ ਜਾਣ।
ਮੁੱਖ ਜੱਜ ਦੇਵੇਂਦਰ ਕੁਮਾਰ ਉਪਾਧਿਆਏ ਅਤੇ ਜਸਟਿਸ ਤੇਜਸ ਕਰੀਆ ਦੀ ਬੈਂਚ ਨੇ ਕਿਹਾ ਕਿ ਸੋਨਮ ਵਾਂਗਚੁਕ ਦੀ ਮੌਜੂਦਾ ਸਿਹਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਲਗਾਤਾਰ ਮੈਡੀਕਲ ਨਿਗਰਾਨੀ ਦੀ ਲੋੜ ਹੈ, ਇਸ ਲਈ ਉਨ੍ਹਾਂ ਨੂੰ ਮੇਦਾਂਤਾ ਹਸਪਤਾਲ ਸ਼ਿਫਟ ਕੀਤਾ ਜਾਣਾ ਜ਼ਰੂਰੀ ਹੈ।
ਸੁਣਵਾਈ ਦੌਰਾਨ ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਅਦਾਲਤ ਨੂੰ ਦੱਸਿਆ ਕਿ ਸਰਕਾਰ ਨੂੰ ਸੋਨਮ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ਭੇਜਣ ‘ਤੇ ਕੋਈ ਇਤਰਾਜ਼ ਨਹੀਂ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਮਰੀਜ਼ ਨੂੰ ਹਸਪਤਾਲ ਤੋਂ ਛੁੱਟੀ ਡਾਕਟਰਾਂ ਦੀ ਸਲਾਹ ਅਨੁਸਾਰ ਹੀ ਦਿੱਤੀ ਜਾਣੀ ਚਾਹੀਦੀ ਹੈ, ਨਾ ਕਿ ਉਸਦੀ ਆਪਣੀ ਇੱਛਾ ‘ਤੇ।
ਸਾਲਿਸਟਰ ਜਨਰਲ ਨੇ ਇਹ ਵੀ ਕਿਹਾ ਕਿ ਕੁਝ ਲੋਕ ਸੋਨਮ ਵਾਂਗਚੁਕ ਦੀ ਸਿਹਤ ਦੀ ਪਰਵਾਹ ਕੀਤੇ ਬਿਨਾਂ ਉਨ੍ਹਾਂ ਨੂੰ ਹਸਪਤਾਲ ਤੋਂ ਬਾਹਰ ਲਿਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਸੁਣਵਾਈ ਦੌਰਾਨ ਸੋਨਮ ਵਾਂਗਚੁਕ ਦੀ ਡਾਕਟਰ ਵੀ ਅਦਾਲਤ ਵਿੱਚ ਮੌਜੂਦ ਸੀ। ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਵਿਸਤ੍ਰਿਤ ਹੁਕਮ ਜਾਰੀ ਕੀਤਾ।
ਜ਼ਿਕਰਯੋਗ ਹੈ ਕਿ ਸੋਨਮ ਵਾਂਗਚੁਕ ਜੰਤਰ-ਮੰਤਰ ‘ਤੇ ਭੁੱਖ ਹੜਤਾਲ ‘ਤੇ ਬੈਠੇ ਹੋਏ ਸਨ। ਭੁੱਖ ਹੜਤਾਲ ਦੇ 21ਵੇਂ ਦਿਨ ਉਨ੍ਹਾਂ ਦੀ ਸਿਹਤ ਵਿਗੜਣ ਤੋਂ ਬਾਅਦ ਉਨ੍ਹਾਂ ਨੂੰ ਸਫ਼ਦਰਜੰਗ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਹੁਣ ਅਦਾਲਤ ਦੇ ਹੁਕਮਾਂ ਤੋਂ ਬਾਅਦ ਉਨ੍ਹਾਂ ਦਾ ਇਲਾਜ ਮੇਦਾਂਤਾ ਹਸਪਤਾਲ ਵਿੱਚ ਜਾਰੀ ਰਹੇਗਾ।
